2023-06-09 12:48:08 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ, : ਸੁਪਰੀਮ ਕੋਰਟ ਨੇ ਉਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ, ਜਿਸ 'ਚ ਦੋ ਹਜ਼ਾਰ ਦੇ ਨੋਟ ਨੂੰ ਲੈ ਕੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਫੈਸਲੇ 'ਤੇ ਇਤਰਾਜ਼ ਜਤਾਇਆ ਗਿਆ ਸੀ। ਇਹ ਪਟੀਸ਼ਨ ਅਸ਼ਵਨੀ ਉਪਾਧਿਆਏ ਵੱਲੋਂ ਦਾਇਰ ਕੀਤੀ ਗਈ ਸੀ। ਦਰਅਸਲ ਹਾਲ ਹੀ 'ਚ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ। ਆਰਬੀਆਈ ਨੇ ਕਿਹਾ ਸੀ ਕਿ 2,000 ਰੁਪਏ ਦੇ ਨੋਟ ਕਿਸੇ ਵੀ ਬੈਂਕ ਵਿਚ ਜਮ੍ਹਾ ਜਾਂ ਬਦਲੇ ਜਾ ਸਕਦੇ ਹਨ। ਇਸ ਦੇ ਲਈ ਨਾ ਤਾਂ ਕਿਸੇ ਕਿਸਮ ਦੀ ਆਈਡੀ ਦੇਣੀ ਪਵੇਗੀ ਅਤੇ ਨਾ ਹੀ ਕੋਈ ਫਾਰਮ ਭਰਨਾ ਪਵੇਗਾ। ਇਸ ਸਬੰਧੀ ਪਟੀਸ਼ਨਰ ਨੇ ਅਦਾਲਤ ਤਕ ਪਹੁੰਚ ਕੀਤੀ ਸੀ।
ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਵੀ ਆਰਬੀਆਈ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਸੀ। ਅਦਾਲਤ ਨੇ ਉਦੋਂ ਕਿਹਾ ਸੀ ਕਿ 2,000 ਰੁਪਏ ਦੇ ਨੋਟ ਨੂੰ ਵਾਪਸ ਲੈਣ ਦਾ ਫੈਸਲਾ ਨੀਤੀਗਤ ਹੈ ਅਤੇ ਅਦਾਲਤ ਨੂੰ ਇਸ ਵਿਚ ਦਖਲ ਨਹੀਂ ਦੇਣਾ ਚਾਹੀਦਾ। ਸ਼ਕਤੀਕਾਂਤ ਦਾਸ ਨੇ ਇਹ ਵੀ ਸਪੱਸ਼ਟ ਕੀਤਾ ਕਿ 2000 ਦੇ ਨੋਟ ਤੋਂ ਬਾਅਦ 500 ਦੇ ਨੋਟਾਂ ਨੂੰ ਵਾਪਸ ਲੈਣ ਜਾਂ 1000 ਦੇ ਨੋਟ ਨੂੰ ਦੁਬਾਰਾ ਸ਼ੁਰੂ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਕਿਆਸ ਅਰਾਈਆਂ ਨਹੀਂ ਲਗਾਉਣੀਆਂ ਚਾਹੀਦੀਆਂ ਅਤੇ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ।