• Home
  • ਕਾਂਗਰਸ ਸਰਕਾਰ ਨੇ ਅਕਾਲੀ ਦਲ ਦੇ ਕਹਿਣ ‘ਤੇ ਚਾਰ ਸਾਹਿਬਜ਼ਾਦਿਆਂ ਬਾਰੇ ਅਧਿਆਇ ਸਿਲੇਬਸ ਵਿਚ ਸ਼ਾਮਲ ਕੀਤਾ : ਸਿਰਸਾ

ਕਾਂਗਰਸ ਸਰਕਾਰ ਨੇ ਅਕਾਲੀ ਦਲ ਦੇ ਕਹਿਣ ‘ਤੇ ਚਾਰ ਸਾਹਿਬਜ਼ਾਦਿਆਂ ਬਾਰੇ ਅਧਿਆਇ ਸਿਲੇਬਸ ਵਿਚ ਸ਼ਾਮਲ ਕੀਤਾ : ਸਿਰਸਾ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਰੇ ਅਧਿਆਇ ਸ਼੍ਰੋਮਣੀ ਅਕਾਲੀ ਦਲ ਦੇ ਕਹਿਣ 'ਤੇ ਹੀ ਸਿਲੇਬਸ ਵਿਚ ਸ਼ਾਮਲ ਕੀਤਾ ਤੇ ਇਸ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਇਤਿਹਾਸ ਸਿਲੇਬਸ ਵਿਚੋਂ ਕੱਢਣਾ ਸਿੱਖ ਭਾਈਚਾਰੇ ਦੇ ਖ਼ਿਲਾਫ਼ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ।
ਇੱਥੇ ਜਾਰੀ ਕੀਤੇ ਇੱਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ, ਜੋ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵੀ ਹਨ, ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ੋਰ ਦੇਣ 'ਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੀਨੀਅਰ ਸੈਕੰਡਰੀ ਕਲਾਸਾਂ ਵਿਚ ਚਾਰ ਸਾਹਿਬਜ਼ਾਦਿਆਂ ਬਾਰੇ ਇੱਕ ਅਧਿਆਇ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਬੋਰਡ ਨੇ ਖ਼ੁਦ ਇਸ ਦੀ ਜਾਣਕਾਰੀ ਉਨ੍ਹਾਂ ਨੂੰ 28 ਜਨਵਰੀ 2018 ਨੂੰ ਲਿਖੇ ਪੱਤਰ ਰਾਹੀਂ ਦਿੱਤੀ ਗਈ। ਇਹ ਪੱਤਰ ਬੋਰਡ ਨੇ ਪਹਿਲਾਂ ਉਨ੍ਹਾਂ ਵੱਲੋਂ 26 ਦਸੰਬਰ 2017 ਨੂੰ ਬੋਰਡ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਲਿਖਿਆ ਗਿਆ ਸੀ ਤੇ ਇਹ ਵੀ ਦੱਸਿਆ ਗਿਆ ਸੀ ਕਿ 2019-20 ਤੋਂ ਇਹ ਅਧਿਆਇ ਦਸਵੀਂ ਸ਼੍ਰੇਣੀ ਦੇ ਸਿਲੇਬਸ ਵਿਚ ਵੀ ਸ਼ਾਮਲ ਕਰ ਲਿਆ ਜਾਵੇਗਾ। ਸਿਰਸਾ ਨੇ ਹੋਰ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਹ ਫ਼ੈਸਲਾ ਉਦੋਂ ਲਿਆ ਜਦੋਂ ਉਨ੍ਹਾਂ ਨੇ ਬੋਰਡ ਨੂੰ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਐਨ ਸੀ ਈ ਆਰ ਟੀ ਕੋਲ ਵੀ ਉਠਾਇਆ ਹੈ ਜਿਸ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਹੈ ਕਿ ਚਾਰ ਸਾਹਿਬਜ਼ਾਦਿਆਂ ਬਾਰੇ ਅਧਿਆਇ ਸਿਲੇਬਸ ਵਿਚ ਸ਼ਾਮਲ ਕਰਨ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 30 ਨਵੰਬਰ 2017 ਨੂੰ ਐਨ ਸੀ ਈ ਆਰ ਟੀ ਨੂੰ ਪੱਤਰ ਲਿਖਿਆ ਸੀ ਜਿਸ ਦਾ ਜਵਾਬ ਐਨ ਸੀ ਈ ਆਰ ਟੀ ਦੇ ਸਕੱਤਰ ਮੇਜਰ ਹਰਸ਼ ਕੁਮਾਰ ਵੱਲੋਂ 18 ਦਸੰਬਰ 2017 ਨੂੰ ਲਿਖੇ ਪੱਤਰ ਰਾਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਐਨ ਸੀ ਈ ਆਰ ਟੀ ਦੇ ਹੁੰਗਾਰੇ ਦਾ ਪਤਾ ਲੱਗਾ ਤਾਂ ਉਸ ਨੇ ਚਾਰ ਸਾਹਿਬਜ਼ਾਦਿਆਂ ਬਾਰੇ ਅਧਿਆਇ ਆਪਣੇ ਸਿਲੇਬਸ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਲਿਆ। ਅਕਾਲੀ ਦਲ ਦੇ ਬੁਲਾਰੇ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿੱਖ ਗੁਰੂ ਸਾਹਿਬਾਨ ਬਾਰੇ ਅਧਿਆਇ 12ਵੀਂ ਕਲਾਸ ਦੇ ਸਿਲੇਬਸ ਵਿਚੋਂ ਕੱਢਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਰਾਜ ਜਿੱਥੇ ਸਿੱਖ ਬਹੁ ਗਿਣਤੀ ਵਿਚ ਹਨ, ਵਿਚ ਹੀ ਇਸ ਤਰ੍ਹਾਂ ਦੇ ਫ਼ੈਸਲੇ ਲਏ ਗਏ ਤਾਂ ਫਿਰ ਹੋਰਨਾਂ ਰਾਜਾਂ ਵਿਚ ਜਿੱਥੇ ਸਿੱਖ ਵੱਸਦੇ ਹਨ, ਤੋਂ ਅਸੀਂ ਕੀ ਆਸ ਕਰ ਸਕਦੇ ਹਾਂ। ਉਨ੍ਹਾਂ ਨੇ ਅਮਰਿੰਦਰ ਸਿੰਘ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਸਿੱਖ ਗੁਰੂ ਸਾਹਿਬਾਨ ਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਰੇ ਅਧਿਆਇ ਮੁੜ ਤੋਂ ਸਿਲੇਬਸ ਵਿਚ ਤੁਰੰਤ ਸ਼ਾਮਲ ਕਰਨ ਦੇ ਹੁਕਮ ਜਾਰੀ ਕਰੇ ਅਤੇ ਇਸ ਮਾਮਲੇ 'ਤੇ ਸਿੱਖ ਸੰਗਤ ਤੋਂ ਮੁਆਫ਼ੀ ਵੀ ਮੰਗੇ।