• Home
  • ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਿਆ ਮੰਤਰੀ ਨੂੰ ਸਕੂਲ ਅਧਿਆਪਕਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦੀ ਹਦਾਇਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਿਆ ਮੰਤਰੀ ਨੂੰ ਸਕੂਲ ਅਧਿਆਪਕਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦੀ ਹਦਾਇਤ

 ਚੰਡੀਗੜ, 27 ਅਪ੍ਰੈਲ-( ਖ਼ਬਰ ਵਾਲੇ ਟੀਮ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਅਧਿਆਪਕਾਂ ਦੀਆਂ ਬਕਾਇਆ ਪਈਆਂ ਵੱਖ-ਵੱਖ ਮੰਗਾਂ ਦੇ ਜਲਦ ਨਿਪਟਾਰੇ ਲਈ ਨਵੇਂ ਬਣੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਇਹ ਮੰਗਾਂ ਘੋਖਣ ਦੀ ਹਦਾਇਤ ਕੀਤੀ ਹੈ।
ਅਧਿਆਪਕਾਂ ਦੇ ਵਫ਼ਦ ਨੂੰ ਉਨਾਂ ਦੀਆਂ ਜਾਇਜ਼ ਮੰਗਾਂ ਸੁਲਝਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਸੋਨੀ ਨੂੰ ਕਿਹਾ ਕਿ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਨਾਂ ਦੇ ਮਸਲਿਆਂ ਨੂੰ ਲੈ ਕੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਜਾਵੇ ਜਿਨਾਂ ਵਿੱਚ ਤਬਾਦਲਾ ਨੀਤੀ, ਤਰਕਸੰਗਤ ਨੀਤੀ, ਤਨਖਾਹਾਂ ਸਮੇਂ ਸਿਰ ਜਾਰੀ ਕਰਨ ਤੋਂ ਇਲਾਵਾ ਵੱਖ-ਵੱਖ ਸੁਸਾਇਟੀਆਂ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨਾ ਸ਼ਾਮਲ ਹਨ।
ਮੁੱਖ ਮੰਤਰੀ ਨੇ ਸਕੂਲ ਸਿੱਖਿਆ ਦੇ ਸਕੱਤਰ ਿਸ਼ਨ ਕੁਮਾਰ ਨੂੰ ਸਕੂਲ ਅਧਿਆਪਕਾਂ ਦੀ ਡਿੳੂਟੀ ਪੜਾਉਣ ਤੋਂ ਬਿਨਾਂ ਕਿਸੇ ਹੋਰ ਕੰਮਾਂ ਨਾ ਲਾਉਣ ਅਤੇ ਅਜਿਹੀਆਂ ਡਿੳੂਟੀਆਂ ਗੈਰ-ਅਧਿਆਪਨ ਅਮਲੇ ਪਾਸੋਂ ਕਰਵਾਉਣ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਉਣ ਲਈ ਆਖਿਆ ਤਾਂ ਕਿ ਅਧਿਆਪਕ ਆਪਣਾ ਧਿਆਨ ਸਿੱਖਿਆ ਮੁਹੱਈਆ ਕਰਵਾਉਣ ’ਤੇ ਇਕਾਗਰ ਕਰ ਸਕਣ।
ਮੁੱਖ ਮੰਤਰੀ ਨੇ ਇਹ ਹਦਾਇਤਾਂ ‘ਸਾਂਝਾ ਅਧਿਆਪਕ ਮੋਰਚਾ ਪੰਜਾਬ’ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।
ਮੁੱਖ ਮੰਤਰੀ ਨੇ ਵੱਖ-ਵੱਖ ਕੈਟਾਗਰੀਆਂ ਨਾਲ ਸਬੰਧਤ ਅਧਿਆਪਕਾਂ ਦੇ ਲੰਬਿਤ ਮਸਲਿਆਂ ਵਿੱਚ ਖੁਦ ਦਖ਼ਲ ਦੇਣ ਦਾ ਭਰੋਸਾ ਦਿੱਤਾ। ਉਨਾਂ ਨੇ ਵਾਅਦਾ ਕੀਤਾ ਕਿ ਸਿੱਖਿਆ ਮੰਤਰੀ ਨਾਲ ਮੁੱਢਲੀ ਮੀਟਿੰਗ ਤੋਂ ਮਗਰੋਂ ਉਹ ਅਧਿਆਪਕ ਮੋਰਚੇ ਦੇ ਨੁਮਾਇੰਦਿਆਂ ਨਾਲ ਜੂਨ ਮਹੀਨੇ ਵਿੱਚ ਇਕ ਹੋਰ ਮੀਟਿੰਗ ਕਰਨਗੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਦਸਵੀਂ ਜਮਾਤ ਦੀ ਪਾਸ ਪ੍ਰਤੀਸ਼ਤਾ ਘੱਟ ਰਹਿਣ ’ਤੇ ਚਿੰਤਾ ਜ਼ਾਹਰ ਕਰਦਿਆਂ ਅਧਿਆਪਕਾਂ ਨੂੰ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੀ ਡਿੳੂਟੀ ਕਰਨ ਦੀ ਅਪੀਲ ਕੀਤੀ ਤਾਂ ਕਿ ਇਸ ਪਾਸੇ ਵੱਲ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨਾਂ ਕਿਹਾ ਕਿ ਸਰਕਾਰ ਆਪਣੇ ਪੱਧਰ ’ਤੇ ਅਧਿਆਪਕਾਂ ਦੀ ਕਮੀ ਪੂਰੀ ਕਰਨ ਤੋਂ ਇਲਾਵਾ ਸਕੂਲਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਸਮੇਤ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ।
ਮੀਟਿੰਗ ਵਿੱਚ ਸ੍ਰੀ ਸੋਨੀ ਅਤੇ ਿਸ਼ਨ ਕੁਮਾਰ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਸਕੂਲ ਸਿੱਖਿਆ ਪ੍ਰਸ਼ਾਂਤ ਕੁਮਾਰ ਗੋਇਲ, ਡੀ.ਪੀ.ਆਈ. ਸੈਕੰਡਰੀ ਪਰਮਜੀਤ ਸਿੰਘ ਅਤੇ ਡੀ.ਪੀ.ਆਈ. ਐਲੀਮੈਂਟਰੀ ਇੰਦਰਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਹਾਜ਼ਰ ਸਨ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵਫ਼ਦ ਵਿੱਚ ਕਨਵੀਨਰ ਕੁਲਵੰਤ ਸਿੰਘ ਗਿੱਲ, ਬਲਕਾਰ ਵਲਟੋਹਾ, ਸੁਖਵਿੰਦਰ ਸਿੰਘ ਚਾਹਲ, ਭੁਪਿੰਦਰ ਸਿੰਘ ਵੜੈਚ ਅਤੇ ਬਾਜ ਸਿੰਘ ਖਹਿਰਾ ਸ਼ਾਮਲ ਸਨ।