• Home
  • ਲੋਕ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਵਾਬ ਸ਼ਾਹਕੋਟ ਚੋਣਾਂ ਵਿਚ ਦੇਣਗੇ-ਆਪ

ਲੋਕ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਵਾਬ ਸ਼ਾਹਕੋਟ ਚੋਣਾਂ ਵਿਚ ਦੇਣਗੇ-ਆਪ

ਸ਼ਾਹਕੋਟ -- (ਖਬਰ ਵਾਲੇ ਬਿਊਰੋ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂਆਂ ਨੇ ਅੱਜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਮਿਲਦਿਆਂ ਚੋਣਾਂ ਵਿਚ 'ਆਪ' ਉਮੀਦਵਾਰ ਰਤਨ ਸਿੰਘ ਕਾਕੜਕਲਾਂ ਦੇ ਹੱਕ ਵਿਚ ਭੁਗਤਣ ਦੀ ਤਾਕੀਦ ਕੀਤੀ। ਇਸ ਦੌਰਾਨ ਬੋਲਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਪਿਛਲੀ ਅਕਾਲੀ ਦਲ ਸਰਕਾਰ ਦੇ ਰਾਹ 'ਤੇ ਚੱਲਦਿਆਂ ਦਲਿਤਾਂ ਅਤੇ ਗ਼ਰੀਬ ਲੋਕਾਂ ਨੂੰ ਮਿਲਦੀਆਂ ਸੁਵਿਧਾਵਾਂ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਲੋਕਾਂ ਵਿਚ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ ਅਤੇ ਲੋਕ ਇਸ ਦਾ ਜਵਾਬ ਸ਼ਾਹਕੋਟ ਚੋਣਾਂ ਵਿਚ ਦੇਣਗੇ।
ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਅਤੇ ਨਿਆਂ ਵਿਵਸਥਾ ਦਿਨੋਂ ਦਿਨ ਨਿੱਘਰਦੀ ਜਾ ਰਹੀ ਹੈ ਪਰੰਤੂ ਸਰਕਾਰ ਹੱਥ 'ਤੇ ਹੱਥ ਰੱਖ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਰੇਤ, ਟਰਾਂਸਪੋਰਟ, ਸ਼ਰਾਬ ਆਦਿ ਦੇ ਨਾਜਾਇਜ਼ ਵਪਾਰ ਵਿਚ ਲੱਗੇ ਹੋਏ ਹਨ। ਲੋਕ ਅਜਿਹੀ ਸਰਕਾਰ ਚੁਣ ਕੇ ਸਰਕਾਰ ਦੇ ਪਹਿਲੇ ਸਾਲ ਵਿਚ ਹੀ ਪਛਤਾਉਣ ਲੱਗ ਪਏ ਹਨ। ਉਕਤ ਆਗੂਆਂ ਨੇ ਸ਼ਾਹਕੋਟ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਕਾਂਗਰਸੀ ਅਤੇ ਅਕਾਲੀ ਉਮੀਦਵਾਰ ਨੂੰ ਹਰਾ ਕੇ ਆਪਣੀ ਅਣਖ ਦਾ ਸਬੂਤ ਦੇਣ।