• Home
  • ਵੋਟਰ ਸੂਚੀਆਂ ਦੀ ਸੁਧਾਈ ਵਿੱਚ ਰਾਜਨੀਤਕ ਪਾਰਟੀਆਂ ਸਹਿਯੋਗ ਕਰਨ: ਡਾ. ਐਸ.ਕਰੁਣਾ ਰਾਜੂ

ਵੋਟਰ ਸੂਚੀਆਂ ਦੀ ਸੁਧਾਈ ਵਿੱਚ ਰਾਜਨੀਤਕ ਪਾਰਟੀਆਂ ਸਹਿਯੋਗ ਕਰਨ: ਡਾ. ਐਸ.ਕਰੁਣਾ ਰਾਜੂ

ਚੰਡੀਗੜ•, 11 ਮਈ
ਪੰਜਾਬ ਦੇ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ 15 ਮਈ 2018 ਤੋਂ ਸ਼ਰੂ ਹੋ ਰਹੀ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕਾਰਜ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ।

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਅੱਜ ਇਥੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿੱਚ ਸੂਬੇ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਰੱਖੀ ਗਈ ਸੀ। ਮੀਟਿੰਗ ਵਿੱਚ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਬੀ.ਐਲ.ਓਜ਼ ਵੱਲੋਂ 15 ਮਈ ਤੋਂ 20 ਜੂਨ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ, ਜਦੋਂ ਕਿ 21 ਜੂਨ ਤੋਂ 31 ਜੁਲਾਈ ਤੱਕ ਪੋਲਿੰਗ ਸਟੇਸ਼ਨ ਅਤੇ ਇਮਾਰਤਾਂ ਦਾ ਜਾਇਜ਼ਾ ਲਿਆ ਜਾਵੇਗਾ। ਇਸ ਤੋਂ ਇਲਾਵਾ ਵੋਟਰ ਸੂਚੀਆਂ ਦੀ ਛਪਾਈ, ਨਵੇਂ ਬਣੇ ਵੋਟਰਾਂ ਅਤੇ ਬੂਥਾਂ ਸਬੰਧੀ ਜਾਣਕਾਰੀ ਪਹਿਲੀ ਤੋਂ 31 ਅਗਸਤ ਅਪਡੇਟ ਕੀਤਾ ਜਾਵੇਗਾ।

ਉਨ•ਾਂ ਦੱਸਿਆ ਕਿ ਪਹਿਲੀ ਸਤੰਬਰ ਨੂੰ ਵੋਟਰ ਸੂਚੀਆਂ ਛਾਪ ਦਿੱਤੀਆਂ ਜਾਣਗੀਆਂ ਅਤੇ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਪਹਿਲੀ ਸਤੰਬਰ ਤੋਂ 31 ਅਕਤੂਬਰ ਤੱਕ ਦਿੱਤੇ ਜਾ ਸਕਦੇ ਹਨ। ਵੋਟਰ ਸੂਚੀਆਂ ਸਬੰਧੀ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਬੇੜਾ 30 ਨਵੰਬਰ ਤੱਕ ਕੀਤਾ ਜਾਵੇਗਾ ਅਤੇ 4 ਜਨਵਰੀ ਨੂੰ ਸੋਧੀਆਂ ਹੋਈਆਂ ਵੋਟਰ ਸੂਚੀਆਂ ਦੀ ਛਪਾਈ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਪੰਜਾਬ ਨੇ ਸਮੂਹ ਰਾਜਨੀਤਕ ਪਾਰਟੀਆਂ ਦੇ ਹਾਜ਼ਰ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਸਮੂਹ ਰਾਜਨੀਤਕ ਪਾਰਟੀਆਂ ਦੇ ਹਾਜ਼ਰ ਨੁਮਾਇੰਦਿਆਂ ਨੇ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਮਦਦ ਕਰਨ ਦਾ ਭਰੋਸਾ ਦੁਆਇਆ ਅਤੇ ਨਾਲ ਹੀ ਮੰਗ ਕੀਤੀ ਕਿ ਦੇਸ਼ ਦੇ ਭਵਿੱਖੀ ਵੋਟਰਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਸਕੂਲੀ ਸਿੱਖਿਆ ਵਿੱਚ ਇਸ ਸਬੰਧੀ ਇਕ ਅਧਿਆਏ ਸ਼ਾਮਲ ਕਰਵਾਇਆ ਜਾਵੇ।