• Home
  • ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਜੋੜਦੇ ਰਸਤਿਆਂ ਦਾ ਨਾਮ ਮੁੱਖ ਮੰਤਰੀ ਵੱਲੋਂ ‘ਗੁਰੂ ਨਾਨਕ ਮਾਰਗ’ ਰੱਖਣ ਦਾ ਐਲਾਨ 

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਜੋੜਦੇ ਰਸਤਿਆਂ ਦਾ ਨਾਮ ਮੁੱਖ ਮੰਤਰੀ ਵੱਲੋਂ ‘ਗੁਰੂ ਨਾਨਕ ਮਾਰਗ’ ਰੱਖਣ ਦਾ ਐਲਾਨ 

ਚੰਡੀਗੜ•, 18 ਮਈ-(ਖ਼ਬਰ ਵਾਲੇ ਬਿਊਰੋ )
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਸਮਾਰੋਹ ਵਜੋਂ ਮਣਾਉਣ ਦੀ ਯੋਜਨਾ ਦੇ ਹਿੱਸੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਜੋੜਦੀਆਂ ਸੜਕਾਂ ਦਾ ਨਾਮ 'ਗੁਰੂ ਨਾਨਕ ਮਾਰਗ' ਰੱਖਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਅੰਤਮ ਰੂਪ ਦੇਣ ਵਾਸਤੇ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ•ਾਂ ਥਾਵਾਂ ਦਾ ਸਰਕਾਰ ਵੱਲੋਂ ਵਿਸ਼ੇਸ਼ ਵਿਕਾਸ ਕਰਨ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਜਨਤਕ ਸਹਿਯੋਗ ਹਾਸਲ ਕਰਨ ਵਾਸਤੇ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ ਜੋ 'ਨਾਨਕ ਨਾਮ ਚੜ•ਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦੇ ਵਿਸ਼ੇ ਦੁਆਲੇ ਕੇਂਦਰਿਤ ਹੋਵੇਗਾ। ਇਹ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਿਆਰ, ਸਦਭਾਵਨਾ, ਸ਼ਾਂਤੀ, ਦਇਆ ਅਤੇ ਏਕਤਾ ਦੀ ਵਿਚਾਰਧਾਰਾ ਦਾ ਮੂਲ ਹੈ।
ਕਮੇਟੀ ਨੂੰ ਉੱਘੇ ਮਾਹਿਰਾਂ ਅਤੇ ਇਤਿਹਾਸਕਾਰਾਂ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਤੱਕ ਪਹੁੰਚ ਕਰਨ ਦਾ ਜ਼ਿੰਮਾ ਵੀ ਸੋਂਪਿਆ ਗਿਆ ਹੈ। ਇਹ ਕਮੇਟੀ ਸੱਭਿਆਚਾਰਕ ਮਾਮਲਿਆਂ ਅਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ, ਸਹਿਕਾਰਤਾ ਮੰਤਰੀ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਅਧਾਰਤ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਉਹ ਛੇਤੀ ਹੀ ਦੂਜੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿੱਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਤਰਾ ਵਾਲੀਆਂ ਥਾਵਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਅਪੀਲ ਕਰਨਗੇ। ਕੈਪਟਨ ਅਮਰਿੰਦਰ ਸਿੰਘ  ਨੇ ਕਿਹਾ ਕਿ ਉਹ ਇਨ•ਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕਰਨਗੇ ਕਿ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਰੋਹ ਦੌਰਾਨ ਸਬੰਧਤ ਸੂਬਿਆਂ ਵਿੱਚ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਜਾਂ ਇਨ•ਾਂ ਸੂਬਿਆਂ ਤੋਂ ਪੰਜਾਬ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਕੋਲ ਪਹੁੰਚ ਕਰਕੇ ਵੱਖ-ਵੱਖ ਮੁਲਕਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਧਾਰਮਿਕ ਅਸਥਾਨਾਂ ਦੀ ਸੰਭਾਲ ਦਾ ਮਾਮਲਾ ਸਬੰਧਤ ਮੁਲਕਾਂ ਦੀ ਅਥਾਰਟੀ ਕੋਲ ਉਠਾਉਣ ਲਈ ਕਹਿਣਗੇ।
ਇਸ ਮੌਕੇ ਮੀਟਿੰਗ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਕੂਲ ਸਿਖਿਆ ਮੰਤਰੀ ਓ.ਪੀ. ਸੋਨੀ, ਸਹਿਕਾਰਿਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਚੇਰੀ ਸਿੱਖਿਆ ਮੰਤਰੀ ਰਜੀਆ ਸੁਲਤਾਨਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਲੋਕ ਨਿਰਮਾਣ ਤੇ ਸੂਚਨਾ ਤਕਨੋਲਜੀ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ, ਕਾਰਜਵਾਹਕ ਮੁੱਖ ਸਕੱਤਰ ਐਨ.ਐਸ. ਕਲਸੀ ਤੋਂ ਇਲਾਵਾ ਉੱਘੇ ਕਵੀ ਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਹਾਜ਼ਰ ਸਨ।