• Home
  • ਬਠਿੰਡਾ ‘ਚ ਕੈਬਨਿਟ ਮੰਤਰੀ ਸਿੰਗਲਾ ਚੁਕਾਉਣਗੇ ਜ਼ਿਲਾ ਪ੍ਰੀਸ਼ਦ /ਪੰਚਾਇਤ ਸੰਮਤੀ ਮੈਂਬਰਾਂ / ਸਰਪੰਚਾਂ-ਪੰਚਾਂ ਨੂੰ ਸਹੁੰ

ਬਠਿੰਡਾ ‘ਚ ਕੈਬਨਿਟ ਮੰਤਰੀ ਸਿੰਗਲਾ ਚੁਕਾਉਣਗੇ ਜ਼ਿਲਾ ਪ੍ਰੀਸ਼ਦ /ਪੰਚਾਇਤ ਸੰਮਤੀ ਮੈਂਬਰਾਂ / ਸਰਪੰਚਾਂ-ਪੰਚਾਂ ਨੂੰ ਸਹੁੰ

ਬਠਿੰਡਾ, 9 ਜਨਵਰੀ : ਜ਼ਿਲਾ ਬਠਿੰਡਾ ਦੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ 11 ਜਨਵਰੀ ਨੂੰ ਸਹੁੰ ਚੁਕਾਈ ਜਾ ਰਹੀ ਹੈ। ਮੁਲਤਾਨੀਆ ਰੋਡ 'ਤੇ ਸਥਿਤ ਸਕਾਈ ਲੈਂਡ ਰਿਜ਼ੌਰਟ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੌਜੀ ਸ਼੍ਰੀ ਵਿਜੇ ਇੰਦਰ ਸਿੰਗਲਾ ਇਨਾਂ ਮੈਂਬਰਾਂ ਨੂੰ ਸਹੁੰ ਚੁਕਾਉਣਗੇ।

ਇਸ ਸਮਾਗਮ ਦੇੇ ਪ੍ਰਬੰਧਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਾਉਂਦਿਆਂ ਉਨਾਂ ਸਹੁੰ ਚੁੱਕ ਸਮਾਗਮ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਸ਼੍ਰੀਮਤੀ ਸਾਹਨੀ ਨੇ ਦੱਸਿਆ ਕਿ ਸਮਾਗਮ ਦੌਰਾਨ 16 ਜ਼ਿਲਾ ਪ੍ਰੀਸ਼ਦ ਮੈਂਬਰਾਂ, 148 ਪੰਚਾਇਤ ਸੰਮਤੀ ਮੈਂਬਰਾਂ, 308 ਸਰਪੰਚਾਂ ਅਤੇ 2419 ਪੰਚਾਂ ਨੂੰ ਸਹੁੰ ਚੁਕਾਈ ਜਾਣੀ ਹੈ। ਉਨਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੇ ਮੈਂਬਰਾਂ ਅਤੇ ਉਨਾਂ ਦੇ ਰਿਸ਼ਤੇਦਾਰਾਂ ਤੇ ਸਹਿਯੋਗੀਆਂ ਦੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਮੀਟਿੰਗ ਦੌਰਾਨ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਜੱਸਲ ਅਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਸ਼੍ਰੀ ਇੰਦਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।