• Home
  • ਗੱਠਜੋੜ ਬਾਰੇ ਆਮ ਆਦਮੀ ਪਾਰਟੀ ਨਾਲ ਕੋਈ ਗੱਲਬਾਤ ਨਹੀਂ ਚੱਲ ਰਹੀ-‘ਸੂਬੇ ਵਿੱਚ ਕਾਂਗਰਸ ਨੂੰ ਗੱਠਜੋੜ ਦੀ ਲੋੜ ਨਹੀਂ’ : ਕੈਪਟਨ

ਗੱਠਜੋੜ ਬਾਰੇ ਆਮ ਆਦਮੀ ਪਾਰਟੀ ਨਾਲ ਕੋਈ ਗੱਲਬਾਤ ਨਹੀਂ ਚੱਲ ਰਹੀ-‘ਸੂਬੇ ਵਿੱਚ ਕਾਂਗਰਸ ਨੂੰ ਗੱਠਜੋੜ ਦੀ ਲੋੜ ਨਹੀਂ’ : ਕੈਪਟਨ

ਚੰਡੀਗੜ, 12 ਮਾਰਚ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਕਿਸੇ ਵੀ ਤਰਾਂ ਦੀ ਗੱਲਬਾਤ ਤੋਂ ਸਪਸ਼ਟ ਇਨਕਾਰ ਕੀਤਾ ਹੈ

            ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗੱਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਇਹ ਇਸ ਸਬੰਧ ਵਿੱਚ ਕਿਸੇ ਪਾਰਟੀ ਨਾਲ ਗੱਲਬਾਤ ਕਰ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਗੋਦਾਮ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੂੰ ਉਨਾਂ ਦੇ ਦਫ਼ਤਰ ਵਿਖੇ ਮਿਲਣ ਤੋਂ ਬਾਅਦ ਮੀਡੀਆ ਨਾਲ ਰਸਮੀ ਤੌਰ ’ਤੇ ਗੱਲਬਾਤ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ। ਸ਼੍ਰੀ ਵੇਰਕਾ ਨੂੰ ਪਿਛਲੇ ਹਫਤੇ ਇਸ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਉਨਾਂ ਨੇ ਸ਼ੁਕਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਸੀ।

            ਪੰਜਾਬ ਵਿੱਚ ਗੱਠਜੋੜ ਬਾਰੇ ਗੱਲਬਾਤ ਦੀ ਪ੍ਰਕਿਰਿਆ ਚਲਦੀ ਹੋਣ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਦੇ ਬਿਆਨ ਬਾਰੇ ਪ੍ਰਤੀਕਿਰਿਆ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ੳਹ ਇਸ ਬਿਆਨ ਬਾਰੇ ਜਾਣੂ ਨਹੀਂ ਹਨ ਅਤੇ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗੱਠਜੋੜ ਦੀ ਜ਼ਰੂਰਤ ਨਹੀਂ ਹੈ।

            ਸੰਸਦੀ ਚੋਣਾਂ ਵਿੱਚ ਕਾਂਗਰਸ ਦੀਆਂ ਸੰਭਾਵਨਾਵਾਂ ’ਤੇ ਅਥਾਹ ਭਰੋਸਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਚੋਣਾਂ ਦੇ ਸਬੰਧ ਵਿੱਚ ਕਾਂਗਰਸ ਪਾਰਟੀ ਉਤਸ਼ਾਹ ਵਿੱਚ ਹੈ ਅਤੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਅਸਥਾਨ ਅਹਿਮਦਾਬਾਦ ਨੂੰ ਚੁਣਨਾ ਇਸ ਦੀ ਗਵਾਹੀ ਭਰਦਾ ਹੈ। ਉਨਾਂ ਕਿਹਾ ਕਿ ਇਸ ਤੋਂ ਪਾਰਟੀ ਵਿੱਚ ਭਾਰੀ ਉਤਸ਼ਾਹ ਦਾ ਪ੍ਰਗਟਾਵਾ ਹੁੰਦਾ ਹੈ ਜੋ ਭਾਜਪਾ ਨੂੰ ਸਿੱਧੇ ਹੋ ਕੇ ਟੱਕਰਨ ਲਈ ਪੂਰੀ ਤਰਾਂ ਤਿਆਰ ਹੈ।

            ਪੰਜਾਬ ਕਾਂਗਰਸ ਦੇ ਉਮੀਦਵਾਰਾਂ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਹਫਤੇ ਦੇ ਅਖੀਰ ਵਿੱਚ ਦਿੱਲੀ ਵਿਖੇ ਅਗਲੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਚੋਣਾਂ ਦੀ ਤਰੀਕ ਲਈ ਦੋ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੈ ਜਿਸ ਕਰਕੇ ਇਸ ਸਬੰਧ ਵਿੱਚ ਕੋਈ ਵੀ ਕਾਹਲ ਨਹੀਂ ਹੈ ਅਤੇ ਪਾਰਟੀ ਕੋਲ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਲਈ ਢੇਰ ਸਾਰਾ ਸਮਾਂ ਹੈ। ਪੰਜਾਬ ਵਿੱਚ ਪੋਿਗ ਤਰੀਕਾਂ ਦੇ ਸਮੇਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਉਹ ਇਸ ਮੁੱਦੇ ’ਤੇ ਕੁੱਝ ਵੀ ਨਹੀਂ ਕਹਿਣਾ ਚਾਹੁੰਦੇ।

            ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਦੀ ਵੀ ਉਮੀਦਵਾਰਾਂ ਦੀ ਗਿਣਤੀ ਵਿੱਚ ਨਹੀਂ ਸਨ ਅਤੇ ਉਨਾਂ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਨਾਂ ਦੀ ਚੋਣ ਲੜਣ ’ਚ ਦਿਲਚਸਪੀ ਨਹੀਂ ਹੈ। ਉਨਾਂ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਵਿਖੇ ਡਾ. ਮਨਮੋਹਨ ਸਿੰਘ ਨਾਲ ਹੋਈ ਮੀਟਿੰਗ ਇਕ ਸਦਾਚਾਰਕ ਮਿਲਣੀ ਸੀ ਜਿਸ ਦੌਰਾਨ ਉਨਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਯੋਜਨਾ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ ਸੀ। ਸੂਬੇ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਪਾਰਟੀ ਦੇ ਮੁੱਖ ਪ੍ਰਚਾਰਕਾਂ ਦੇ ਨਾਵਾਂ ਦਾ ਫੈਸਲਾ ਕਰਨਾ ਕਾਂਗਰਸ ਹਾਈ ਕਮਾਂਡ ਦਾ ਕੰਮ ਹੈ।

            ਸਰਹੱਦ ਤੋਂ ਪਾਰ ਜਾ ਕੇ ਭਾਰਤੀ ਹਵਾਈ ਫੌਜ ਵੱਲੋਂ ਕੀਤੇ ਗਏ ਹਮਲੇ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਲਈ ਫਾਇਦੇਮੰਦ ਹੋਣ ਸਬੰਧੀ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜੀ ਲਗਾਤਾਰ ਰੋਜ਼ਾਨਾ ਹੀ ਮਾਰੇ ਜਾ ਰਹੇ ਹਨ ਅਤੇ ਹਵਾਈ ਹਮਲੇ ਭਾਰਤ ਵਿੱਚ ਪਾਕਿਸਤਾਨ ਦੇ ਸਮਰਥਕ ਅੱਤਵਾਦੀਆਂ ਵਿਰੁੱਧ ਵਰਜਕ ਵਜੋਂ ਸਿੱਧ ਨਹੀਂ ਹੋਏ।

            ਮੁੱਖ ਮੰਤਰੀ ਨੇ ਦੁਹਰਾਇਆ ਕਿ ਭਾਰਤੀ ਫੌਜਾਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਉਨਾਂ ਕਿਹਾ ਕਿ ਹਥਿਆਰਬੰਦ ਫੋਰਸਾਂ ਗੈਰ-ਸਿਆਸੀ ਹਨ ਅਤੇ ਇਹ ਜਾਤ, ਧਰਮ ਅਤੇ ਸਿਆਸੀ ਸਬੰਧਤਤਾ ਦੀਆਂ ਛਿਟਪੁਟ ਗੱਲਾਂ ਤੋਂ ਉੱਪਰ ਹਨ।

            ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਹਾਲ ਹੀ ਵਿੱਚ ਤਨਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਸਬੰਧੀ ਪ੍ਰੋਜੈਕਟ ਆਪਣੀ ਪੂਰੀ ਤਰਾਂ ਲੀਹ’ਤੇ ਹੋਣ ਉੱਤੇ ਖੁਸ਼ੀ ਪ੍ਰਗਟ ਕੀਤੀ ਹੈ। ਇਸਲਾਮਾਬਾਦ ਨੇ ਵੀ ਸਪਸ਼ਟ ਕੀਤਾ ਹੈ ਕਿ ਇਸ ਪ੍ਰੋਜੈਕਟ ’ਤੇ ਕੋਈ ਵੀ ਉਲਟ ਪ੍ਰਭਾਵ ਨਹੀਂ ਪਵੇਗਾ। ਉਨਾਂ ਕਿਹਾ ਕਿ ਇਸ ਲਾਂਘੇ ਨੂੰ ਦੋਵਾਂ ਪਾਸਿਆਂ ਦੇ ਲੋਕ ਚਾਹੁੰਦੇ ਹਨ।