• Home
  • ਮੋਦੀ ਨੇ ਪੰਜਾਬ ਲਈ ਹਾਅ ਦਾ ਨਾਅਰਾ ਮਾਰਿਆ – ਅਮਰਿੰਦਰ ਨੂੰ ਦਿੱਤਾ ਸਹਿਯੋਗ ਦਾ ਭਰੋਸਾ

ਮੋਦੀ ਨੇ ਪੰਜਾਬ ਲਈ ਹਾਅ ਦਾ ਨਾਅਰਾ ਮਾਰਿਆ – ਅਮਰਿੰਦਰ ਨੂੰ ਦਿੱਤਾ ਸਹਿਯੋਗ ਦਾ ਭਰੋਸਾ

ਚੰਡੀਗੜ, (ਖ਼ਬਰ ਵਾਲੇ ਬਿਊਰੋ )
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਭਾਰੀ ਮੀਂਹ ਨਾਲ ਪੈਦਾ ਹੋਈ ਹੜਾਂ ਦੀ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਅੱਜ ਸ਼ਾਮ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਕੇ ਸੂਬਾ ਵਿੱਚ ਹੜਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਹੜਾਂ ਅਤੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦੇਣ ਦਾ ਵਿਸ਼ਵਾਸ ਦਿਵਾਇਆ।
ਪ੍ਰਧਾਨ ਮੰਤਰੀ ਨੂੰ ਸਥਿਤੀ ਬਾਰੇ ਜਾਣੰੂ ਕਰਵਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਅੱਜ ਕਪੂਰਥਲਾ ਅਤੇ ਤਰਨ ਤਾਰਨ ਜ਼ਿਲਿਆਂ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਜਿੱਥੇ ਬਿਆਸ ਦਰਿਆ ਦੇ ਨਾਲ ਲਗਦੇ ਇਲਾਕਿਆਂ ਵਿੱਚ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ ਅਤੇ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਇਹ ਪ੍ਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਸ੍ਰੀ ਮੋਦੀ ਵੱਲੋਂ ਦਿੱਤੇ ਭਰੋਸੇ ਲਈ ਉਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਿਰਦਾਵਰੀ ਦੀ ਪ੍ਰਿਆ ਮੁਕੰਮਲ ਹੋਣ ਤੋਂ ਬਾਅਦ ਉਨਾਂ ਨੂੰ ਉਹ ਸਥਿਤੀ ਬਾਰੇ ਜਾਣੰੂ ਕਰਵਾਉਣਗੇ।
ਇਤਫ਼ਾਕਵੱਸ ਮੁੱਖ ਮੰਤਰੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਦੌਰੇ ਮੌਕੇ ਕਿਹਾ ਸੀ ਕਿ ਉਹ ਭਵਿੱਖ ਵਿੱਚ ਹੜਾਂ ਦੀ ਰੋਕਥਾਮ ਲਈ ਬਿਆਸ ਦਰਿਆ ਵਿੱਚ ਰੋਕਾਂ ਦੇ ਨਿਰਮਾਣ ਲਈ ਫੰਡਾਂ ਵਾਸਤੇ ਕੇਂਦਰ ਸਰਕਾਰ ਕੋਲ ਪਹੁੰਚ ਕਰਨਗੇ। ਉਨਾਂ ਕਿਹਾ ਕਿ ਦਰਿਆ ਦੇ ਬੰਨਾਂ ਦੀ ਸੁਰੱਖਿਆ ਲਈ ਅਜਿਹੀਆਂ ਰੋਕਾਂ ਦੀ ਸਖ਼ਤ ਲੋੜ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਉਹ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਫੌਜ ਵੱਲੋਂ ਤਿਆਰ ਕੀਤੇ ਮੌਜੂਦਾ ਆਰਜ਼ੀ ਪੁਲਾਂ ਨੂੰ ਸਥਾਈ ਪੁਲਾਂ ਵਿੱਚ ਬਦਲਣ ਦੀ ਮੰਗ ਕਰਨਗੇ।