• Home
  • ਮਾਨਸਾ ਦੇ ਡੀਸੀ ਨੇ ਪੜ੍ਹੋ ਕਿਹੜੀਆਂ ਪਾਬੰਦੀਆਂ ਸਖਤੀ ਨਾਲ ਲਾਈਆਂ ?

ਮਾਨਸਾ ਦੇ ਡੀਸੀ ਨੇ ਪੜ੍ਹੋ ਕਿਹੜੀਆਂ ਪਾਬੰਦੀਆਂ ਸਖਤੀ ਨਾਲ ਲਾਈਆਂ ?

ਮਾਨਸਾ, 05 ਜੂਨ : ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ  ਜ਼ਿਲ੍ਹੇ ਦੇ ਸਾਈਬਰ ਕੈਫੇ, ਐÎਸ. ਟੀ. ਡੀ. ਅਤੇ ਪੀ. ਸੀ. ਓ. ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐÎਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।
ਫੌਜਦਾਰੀ ਜਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਿਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਅਤੇ ਮਕਾਨ ਇੰਚਾਰਜਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਜਾਂਦੇ ਹਨ ਜਾਂ ਭਵਿੱਖ ਵਿੱਚ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਨਾਮ ਅਤੇ ਪੂਰੇ ਵੇਰਵੇ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ’ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਨ੍ਹਾਂ ਨਾਲ ਲੋਕਾਂ ਦੀ ਜਾਨ ਤੇ ਮਾਲ ਨੂੰ ਖ਼ਤਰਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰੀ ਜਾਂ ਪ੍ਰਾਈਵੇਟ ਸੰਪਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ।
ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟੇ੍ਰਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਚਿਹਰੀ ਕੰਪਲੈਕਸ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਦੇਣ ਅਤੇ ਧਰਨਾ ਦੇਣ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ ਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮਾਨਸਾ ਜਿਲ੍ਹੇ ਵਿਚ ਸਰਾਕਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਇਸ ਮਾੜੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜਰੂਰੀ ਹੈ ਅਤੇ ਇਸ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ
ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ
ਵਰਤੋਂ ਕਰਦਿਆਂ ਜ਼ਿਲ੍ਹ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ,
ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ’ਤੇ ਹੁੱਕਾ ਪੀਣ ’ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲ੍ਹਾ
ਮੈਜਿਸਟ੍ਰੇਟ ਨੇ ਹੁਕਮ ਵਿਚ ਕਿਹਾ ਕਿ ਲੋਕ ਹਿੱਤ ਵਿਚ ਆਮ ਜਨਤਾ ਦੀ ਸਿਹਤ ਨੂੰ ਮੁੱਖ ਰੱਖਦੇ
ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਲਾਜ਼ਮੀ ਹੋ ਜਾਂਦਾ
ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਵਿੱਚ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਾਈਲੰਸਰ ਕਢਵਾਏ ਵਹੀਕਲ ਦੀ ਵਰਤੋ ਅਤੇ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ।
          ਉਨ੍ਹਾਂ ਕਿਹਾ ਕਿ ਜਿਲ੍ਹਾ ਮਾਨਸਾ ਦੀ ਹਦੂਦ ਅੰਦਰ ਖਾਸ ਕਰਕੇ ਮਾਨਸਾ ਸ਼ਹਿਰ ਅੰਦਰ ਆਮ ਲੋਕਾਂ ਅਤੇ ਨੌਜਵਾਨਾਂ ਵੱਲੋਂ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਸ਼ਰੇਆਮ ਕੀਤੀ ਜਾ ਰਹੀ ਹੈ। ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਜ਼ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ ਜੋ ਕੰਨ ਚੀਰਵੀਆਂ ਅਤੇ ਡਰਾਉਣੀਆਂ ਆਵਾਜ਼ਾਂ ਪੈਦਾ ਕਰਦੇ ਹਨ। ਇਸ ਤੋਂ ਇਲਾਵਾ ਕੁਝ ਵੱਲੋਂ ਵਹੀਕਲਾਂ ਦੇ ਸਾਈਲੰਸਰ ਕਢਵਾ ਕੇ ਵਹੀਕਲਾਂ ਦੀ ਆਵਾਜ਼ ਵਿਗਾੜੀ ਹੋਈ ਹੈ।  ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਪਬਲਿਕ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਕਰਨਾ ਅਤੇ ਅਜਿਹੀਆਂ ਆਵਾਜ਼ਾਂ ਵਾਲੇ ਹਾਰਨਾਂ ਦਾ ਇਸਤੇਮਾਲ ਕਰਨ ਨਾਲ ਹਰ ਸਮੇਂ ਐਕਸੀਡੰਟ ਹੋਣ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਵਰਦੀ ਅਤੇ ਵਹੀਕਲਾਂ ਦੀ ਅਣ-ਅਧਿਕਾਰਤ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਦੀ ਵਰਤੋਂ ਕੇਵਲ ਮਿਲਟਰੀ ਵੱਲੋਂ ਹੀ  ਕੀਤੀ ਜਾਂਦੀ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ਼ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹਨਾਂ ਨੂੰ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ, ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਲੋਕਾਂ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ।  
ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਜਿਲ੍ਹਾ ਮਾਨਸਾ ਵਿੱਚ ਵਹੀਕਲਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੇ ਦੁਕਾਨਦਾਰਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ।
               ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਵੇਖਣ ਵਿਚ ਆਇਆ ਹੈ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਵਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਹੀਕਲ ਨੂੰ ਟਰੇਸ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ।
               ਉਨ੍ਹਾਂ ਨੰਬਰ ਪਲੇਟਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਹੀਕਲ ਤੋਂ ਨੰਬਰ ਪਲੇਟ ਬਣਾ ਕੇ ਨਾ ਦਿੱਤੀ ਜਾਵੇ, ਨੰਬਰ ਪਲੇਟ ਸਿਰਫ ਵਹੀਕਲ ਤੇ ਹੀ ਲਗਾ ਕੇ ਦਿੱਤੀ ਜਾਵੇ। ਵਹੀਕਲਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੇ ਇਕ ਰਜਿਸਟਰ ਲਗਾਇਆ ਜਾਵੇ, ਜਿਸ ਵਿਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦੇ ਨਾਮ ਸਮੇਤ ਪੂਰਾ ਪਤਾ ਉਸ ਦੀ ਆਈ.ਡੀ. ਪਰੂਫ ਦੇ ਨਾਲ ਦਰਜ ਕੀਤਾ ਜਾਵੇ ਅਤੇ ਵਹੀਕਲ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖਤ ਕਰਵਾਏ ਜਾਣ।
               ਉਨ੍ਹਾਂ ਕਿਹਾ ਕਿ ਵਹੀਕਲਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਵੀ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਨੂੰ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।