• Home
  • ਪਰਾਲੀ ਸਾੜਨ ਵਾਲਿਆਂ ਵਿਰੁਧ ਸਰਕਾਰ ਸਖ਼ਤ- ਡਿਪਟੀ ਕਮਿਸ਼ਨਰਾਂ ਨੂੰ ਮੁਹਿੰਮ ‘ਚ ਤੇਜ਼ੀ ਲਿਆਉਣ ਦੇ ਆਦੇਸ਼

ਪਰਾਲੀ ਸਾੜਨ ਵਾਲਿਆਂ ਵਿਰੁਧ ਸਰਕਾਰ ਸਖ਼ਤ- ਡਿਪਟੀ ਕਮਿਸ਼ਨਰਾਂ ਨੂੰ ਮੁਹਿੰਮ ‘ਚ ਤੇਜ਼ੀ ਲਿਆਉਣ ਦੇ ਆਦੇਸ਼

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਦਾ ਵਿਗਿਆਨ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਹੁਣ ਤਕ 7337 ਖੇਤੀ ਮਸ਼ੀਨਾਂ/ਖੇਤੀ ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਚੁੱਕੇ ਹਨ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮੁੱਖ ਮੰਤਰੀ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਵਿੱਚੋਂ ਪਰਾਲੀ ਸਾੜਨ ਦੀ ਸਮੱਸਿਆ ਦੇ ਖ਼ਾਤਮੇ ਲਈ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਖੇਤੀ ਮਸ਼ੀਨਾਂ/ਖੇਤੀ ਸੰਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਪਰਾਲੀ ਸਾੜਨ ਵਿਰੋਧੀ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ ਕਿਉਂ ਜੋ ਇਹ ਸਮੱਸਿਆ ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਦਾ ਸਭ ਤੋਂ ਵੱਧ ਕਾਰਨ ਹੈ।
ਇਸ ਸਕੀਮ ਤਹਿਤ ਵਿਅਕਤੀਗਤ ਤੌਰ 'ਤੇ ਖੇਤੀ ਮਸ਼ੀਨਰੀ ਹਾਸਲ ਕਰਨ ਵਾਲੇ ਕਿਸਾਨਾਂ ਨੂੰ 50 ਫੀ ਸਦੀ ਸਬਸਿਡੀ ਜਦਕਿ ਸਹਿਕਾਰੀ ਸਭਾਵਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਨੂੰ ਖੇਤੀ ਮਸ਼ੀਨਰੀ 'ਤੇ 80 ਫੀ ਸਦੀ ਸਬਸਿਡੀ ਦਿੱਤੀ ਜਾ ਰਹੀ ਹੈ।। ਉਨਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ 24315 ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ।
ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਮੰਤਰੀ ਦੀ ਵਿਆਪਕ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਮੀਡੀਆ ਮੁਹਿੰਮ ਵਿੱਢੀ ਗਈ ਹੈ ਤਾਂ ਕਿ ਪਰਾਲੀ ਸਾੜਣ ਦੇ ਬੁਰੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।। ਇਸੇ ਪ੍ਰੋਗਰਾਮ ਦੀ ਲੜੀ ਤਹਿਤ ਵਿਭਾਗਾਂ ਵੱਲੋਂ ਸੂਬਾ ਭਰ ਵਿੱਚ ਲਗਪਗ 1000 ਜਾਗਰੂਕਤਾ ਕੈਂਪ ਲਾ ਕੇ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਗੁਰੇਜ਼ ਕਰਨ ਬਾਰੇ ਜਾਣੂ ਕਰਵਾਇਆ ਗਿਆ ਕਿਉਂ ਜੋ ਪਰਾਲੀ ਨੂੰ ਅੱਗ ਲਾਉਣੀ ਜਿੱਥੇ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ, ਉਥੇ ਹੀ ਵਾਤਾਵਰਨ ਨੂੰ ਖ਼ਤਰਾ ਪੈਦਾ ਹੁੰਦਾ ਹੈ।