• Home
  • ਜ਼ਿਲ੍ਹੇ ਭਰ ਚ ਦਫ਼ਾ 144 ਲਾਗੂ -ਪੜ੍ਹੋ !ਡੀਸੀ ਨੇ ਕਿੱਥੇ -ਕਿੱਥੇ ਲਗਾਈਆਂ ਪਾਬੰਦੀਆਂ

ਜ਼ਿਲ੍ਹੇ ਭਰ ਚ ਦਫ਼ਾ 144 ਲਾਗੂ -ਪੜ੍ਹੋ !ਡੀਸੀ ਨੇ ਕਿੱਥੇ -ਕਿੱਥੇ ਲਗਾਈਆਂ ਪਾਬੰਦੀਆਂ

ਬਠਿੰਡਾ 9 ਫ਼ਰਵਰੀ :: ਵਧੀਕ ਜ਼ਿਲਾ ਮੈਜਿਸਟਰੇਟ, ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਾਰੀ ਕੀਤੇ ਗਏ ਹੁਕਮ ਅਨੁਸਾਰ ਕਿਹਾ ਕਿ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ 'ਤੇ ਰੋਕ ਲਗਾਈ ਗਈ ਹੈ। ਇਸੇ ਤਰਾਂ ਹੀ ਅਗਲੇ ਹੁਕਮਾਂ ਵਿੱਚ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਨਿਰਦੇਸ਼ ਜਾਰੀ ਕੀਤਾ ਕਿ ਜ਼ਿਲੇ ਦੇ ਸਾਰੇ ਕੈਮਿਸਟ/ਮੈਡੀਕਲ ਡਰੱਗ ਸਟੋਰ (ਥੋਕ/ਪ੍ਰਚੂਨ) ਆਪਣੇ ਚਾਲੂ ਸਟਾਕ, ਵੇਚ ਤੇ ਖਰੀਦ ਦਾ ਰਜਿਸਟਰ ਲਾਉਣਗੇ ਜਿਸ ਨੂੰ ਸਾਰੇ ਕਾਰਜ਼ਕਾਰੀ ਮੈਜਿਸਟ੍ਰੇਟ, ਉਪ ਪੁਲੀਸ ਕਪਤਾਨ ਅਤੇ ਇਸ ਤੋਂ ਉਪਰਲੇ ਦਰਜੇ ਦੇ ਪੁਲੀਸ ਅਧਿਕਾਰੀ ਜਾਂ ਹੋਰ ਕੋਈ ਵੀ ਅਧਿਕਾਰਤ ਕੀਤੇ ਵਿਅਕਤੀ ਦੁਆਰਾ ਪੜਤਾਲ ਲਈ ਹਾਜ਼ਰ ਰੱਖਿਆ ਜਾਵੇਗਾ। ਇਸ ਹੁਕਮ ਅਨੁਸਾਰ ਕੋਈ ਵੀ ਕੈਮਿਸਟ ਅਜਿਹੀਆਂ ਜਾਰੀ ਸੂਚੀ ਵਾਲੀਆਂ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਅਤੇ ਪੱਕੇ ਬਿੱਲ ਤੋਂ ਬਿਨਾਂ ਨਹੀਂ ਵੇਚੇਗਾ।  ਅਗਲੇ ਹੁਕਮਾਂ ਰਾਹੀਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਵਿਚ ਲੱਕੀ ਡਰਾਅ ਸਕੀਮਾਂ ਜਿਨਾਂ ਵਿਚ ਹਫ਼ਤਾਵਾਰੀ ਜਾਂ ਮਹੀਨੇਵਾਰੀ ਕਿਸ਼ਤਾਂ ਰਾਹੀਂ ਪੈਸੇ ਜਮਾਂ ਕਰਵਾਕੇ ਡਰਾਅ ਕੱਢੇ ਜਾਂਦੇ ਹਨ ਅਤੇ ਡਰਾਅ ਰਾਹੀਂ ਪੈਸੇ ਜਾਂ ਇਨਾਮੀ ਵਸਤੂ ਦਿੱਤੀ ਜਾਂਦੀ ਹੈ ਅਜਿਹੀਆਂ ਚੱਲ ਰਹੀਆਂ ਸਕੀਮਾਂ ਲੂ'ਤੇ ਪਾਬੰਦੀ ਲਗਾਈ ਗਈ ਹੈ।  ਉਨਾਂ ਇਕ ਹੋਰ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਸਾਈਬਰ ਕੈਫੇ ਅਤੇ ਐਸ.ਟੀ.ਡੀ/ਪੀ.ਸੀ.ਓ ਮਾਲਕਾਂ ਨੂੰ ਇਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਕਿ ਕਿਸੇ ਅਣਜਾਣ ਵਿਅਕਤੀ ਨੂੰ ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਦੇ ਮਾਲਕ ਵਲੋਂ ਨਹੀਂ ਦਿੱਤੀ ਗਈ, ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਦੀ ਵਰਤੋਂ ਕਰਨ ਤੋਂ ਰੋਕ ਲਗਾਈ ਜਾਵੇ। ਵਰਤੋਂ ਕਰਨ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਾਇਆ ਜਾਵੇ ਤੇ ਉਸ ਵਿਚ ਉਸ ਦਾ ਨਾਂ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕੀਤਾ ਜਾਵੇ। ਰਜਿਸਟਰ ਵਿਚ ਉਸ ਦੇ ਦਸਤਖਤ/ਨਿਸ਼ਾਨ ਅੰਗੂਠਾ ਵੀ ਕਰਵਾਏ ਜਾਣ। ਐਕਟੀਵਿਟੀ ਸਰਵਰ ਲੋਗ ਮੁੱਖ ਸਰਵਰ ਵਿਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਵੇ। ਸ਼ੱਕੀ ਵਿਅਕਤੀ ਬਾਰੇ ਸਬੰਧਿਤ ਥਾਣੇ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਸੇ ਵਿਅਕਤੀ ਵਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਸੰਭਾਲ ਕੇ ਰੱਖਿਆ ਜਾਵੇ। ਇੱਕ ਹੋਰ ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ।  ਇਸੇ ਤਰਾ ਅਗਲੇ ਹੁਕਮਾਂ ਵਿੱਚ ਕਿਸੇ ਕਿਸਮ ਦਾ ਜਲੂਸ ਕੱਢਣ, ਕੋਈ ਸਮਾਗਮ ਕਰਨ, ਕਿਸੇ ਸਮਾਗਮ/ਜਲੂਸ ਵਿਚ ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਵਿਅਕਤੀ ਵੱਲੋਂ ਨਾਹਰੇ ਲਗਾਉਣ ਜਾਂ ਭੜਕਾਊ ਭਾਸ਼ਣ ਦੇਣ, ਮੀਟਿੰਗਾਂ ਕਰਨ ਜਾਂ ਜਲੂਸ ਕੱਢਣ ਤੇ ਕਿਸੇ ਕਿਸਮ ਦੀ ਰੈਲੀ ਕਰਨ 'ਤੇ ਪਾਬੰਦੀ ਸ਼ਾਮਿਲ ਹੈ। ਜਾਰੀ ਹੁਕਮਾਂ ਵਿੱਚ ਉਨਾਂ ਕਿਹਾ ਕਿ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ/ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰਾਂ ਦੇ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਉਨਾਂ ਦਾ ਪ੍ਰਦਰਸ਼ਨ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤਾ ਹੈ। ਉਕਤ ਹੁਕਮ ਪੁਲਿਸ, ਹੋਮਗਾਰਡਜ਼ ਜਾਂ ਸੀ. ਆਰ. ਪੀ. ਐਫ. ਦੇ ਕਰਮਚਾਰੀਆਂ, ਜਿਨਾਂ ਕੋਲ ਸਰਕਾਰੀ  ਹਥਿਆਰ ਹਨ, 'ਤੇ ਲਾਗੂ ਨਹੀਂ ਹੋਵੇਗਾ। ਇੱਕ ਵੱਖਰੇ ਹੁਕਮ ਰਾਹੀਂ ਵਧੀਕ ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।    ਅਗਲੇ ਹੁਕਮਾਂ ਵਿੱਚ ਉਨਾਂ ਕਿਹਾ ਜ਼ਿਲੇ ਅੰਦਰ ਕਾਰਖਾਨੇਦਾਰਾਂ, ਵਪਾਰੀਆਂ, ਕਾਰੋਬਾਰੀਆਂ, ਕਿਸਾਨਾਂ ਤੇ ਆਮ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ 'ਤੇ ਰੱਖੇ ਜਾਣ ਤੋਂ ਪਹਿਲਾਂ ਉਨਾਂ ਦੀ ਸੂਚਨਾ, ਨਾਂਅ ਅਤੇ ਪਤੇ ਟਿਕਾਨੇ ਨੇੜੇ ਦੇ ਪੁਲਿਸ ਥਾਣੇ ਵਿਚ ਦੇਣ। ਇਸੇ ਤਰਾਂ ਹੋਟਲਾਂ/ਰੈਸਟੋਰੈਂਟਾਂ/ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਲਈ ਉਥੇ ਠਹਿਰਣ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਕੋਈ ਸਬੂਤ ਲੈਣਾ ਅਤੇ ਉਸ ਸਬੂਤ ਬਾਰੇ ਐਂਟਰੀ ਰਜਿਸਟਰ ਵਿਚ ਇੰਦਰਾਜ ਕਰਨਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਵਾਂ ਤੇ  ਚੜ ਜਾਂਦੇ ਹਨ ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਇਸ ਤੋ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ਚੜਕੇ ਪੀਣ ਵਾਲੇ ਪਾਣੀ ਵਿਚ ਕੋਈ ਜਹਿਰੀਲੀ/ਖਤਰਨਾਕ ਵਸਤੂ ਸੁੱਟਕੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀਆਂ ਦੀਆਂ ਟੈਂਕੀਆਂ 'ਤੇ ਚੜਕੇ ਜਾਂ ਅਜਿਹੀਆਂ ਉਚੀਆਂ ਥਾਵਾਂ 'ਤੇ ਚੜਕੇ ਲੁਕ ਕੇ ਭੰਨ ਤੋੜ ਕੀਤੀ ਜਾ ਸਕਦੀ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ 'ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ 'ਤੇ ਪਾਬੰਦੀ ਲਾਈ ਜਾਂਦੀ ਹੈ  ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਵਿੱਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ/ਇੱਛਾ ਪਤੰਗਾਂ ਆਦਿ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੇਨ ਪਤੰਗਾਂ/ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉਤਰਨ ਅਤੇ ਚੜਨ ਸਮੇਂ ਦੌਰਾਨ ਕੰਮ-ਕਾਜ ਅਤੇ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ। ਜ਼ਿਲਾ ਬਠਿੰਡਾ ਵਿਚ ਦੁਕਾਨਦਾਰਾਂ ਵਲੋਂ ਵਹੀਕਲਾਂ 'ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਦੇ ਬਣਾਉਣ 'ਤੇ ਰੋਕ ਲਗਾਈ ਗਈ ਹੈ। ਉਨਾਂ ਕਿਹਾ ਕਿ ਸ਼ਰਾਰਤੀ ਅਨਸਰ ਵਹੀਕਲਾਂ 'ਤੇ ਲੱਗਣ ਵਾਲੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਅਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਜਿਨੇ ਵੀ ਨਵੇਂ ਵਹੀਕਲ ਖ਼ਰੀਦੇ ਜਾਣਗੇ ਉਨਾਂ ਵਹੀਕਲਾਂ 'ਤੇ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣਾ ਜ਼ਰੂਰੀ ਹੋ ਗਿਆ ਹੈ। ਜ਼ਿਲਾ ਬਠਿੰਡਾ ਅੰਦਰ ਹਾਈ ਸਕਿਊਰਟੀ ਨੰਬਰ ਪਲੇਟਾਂ ਲਗਾਉਣ ਦਾ ਕੰਮ ਆਟੋਮੇਟਿਡ ਡਰਾਈਵਿੰਗ ਟਰੈਕ, ਪਿੰਡ ਨਰੂਆਣਾ, ਜ਼ਿਲਾ ਬਠਿੰਡਾ ਵਿਖੇ ਮਿਤੀ 10 ਦਸੰਬਰ 2018 ਤੋਂ ਸ਼ੁਰੂ ਹੋ ਚੁੱਕਾ ਹੈ। ਇਸੇ ਤਰਾ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਕੀਤੇ ਗਏ ਹੁਕਮਾਂ ਵਿੱਚ ਕਿਹਾ ਕਿ ਜ਼ਿਲੇ ਵਿੱਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ/ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ 'ਤੇ ਪਟਾਕੇ/ਆਤਿਸ਼ਬਾਜ਼ੀ  ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਆਰਕੈਸਟਰਾ, ਬੈਂਡ, ਡੀ. ਜੇ ਅਤੇ ਧਾਰਮਿਕ ਥਾਵਾਂ 'ਤੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਜ਼ਿਲਾ ਬਠਿੰਡਾ ਅੰਦਰ ਹਰ ਪੀ. ਜੀ. ਮਾਲਕਾਂ ਨੂੰ ਪੀ. ਜੀ. ਵਿਚ ਰਹਿਣ ਵਾਲੇ ਵਿਦਿਆਰਥੀਆਂ/ਕਿਰਾਏਦਾਰਾਂ ਦੀ ਰਜਿਸਟੇ੍ਰਸ਼ਨ/ਵੈਰੀਫ਼ਿਕੇਸ਼ਨ ਸਬੰਧਤ ਪੁਲਿਸ ਥਾਣੇ/ਸਾਂਝ ਕੇਂਦਰ ਵਿਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨਾਂ ਕਿਹਾ ਹੈ ਕਿ ਜ਼ਿਲਾ ਬਠਿੰਡਾ ਵਿਚ ਬਹੁਤ ਸਾਰੇ ਵਿਦਿਆਰਥੀ/ਕਿਰਾਏਦਾਰ ਬਾਹਰੋਂ ਆ ਕੇ ਜ਼ਿਲੇ ਅੰਦਰ ਬਣੀਆਂ ਪੀ.ਜੀ. ਵਿਚ ਰਹਿ ਰਹੇ ਹਨ, ਜਿਸ ਦੀ ਕੋਈ ਵੀ ਜਾਣਕਾਰੀ ਜ਼ਿਲਾ ਸਿਵਲ ਪ੍ਰਸ਼ਾਸਨ ਜਾਂ ਪੁਲਿਸ ਪ੍ਰਸ਼ਾਸਨ ਨੂੰ ਨਹੀਂ ਹੁੰਦੀ। ਇਸ ਦੀ ਆੜ ਵਿਚ ਕੋਈ ਵੀ ਗੈਰ ਸਮਾਜਿਕ ਜਾਂ ਸ਼ਰਾਰਤੀ ਅਨਸਰ ਕਿਰਾਏਦਾਰ/ਵਿਦਿਆਰਥੀ ਦੇ ਭੇਸ ਵਿਚ ਸ਼ਹਿਰ ਅੰਦਰ ਕਿਸੇ ਵੀ ਪੀ.ਜੀ. ਵਿਚ ਰਹਿ ਕੇ ਕੋਈ ਗੈਰ ਸਮਾਜਿਕ ਗਤੀਵਿਧੀ ਨੂੰ ਅੰਜਾਮ ਦੇ ਕੇ ਸਮਾਜਿਕ ਸ਼ਾਂਤੀ ਭੰਗ ਕਰ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਖ਼ਤਰਾ ਪੈਦਾ ਕਰ ਸਕਦਾ ਹੈ। ਉਨਾਂ ਦੱਸਿਆ ਕਿ ਜ਼ਿਲਾ ਬਠਿੰਡਾ ਅੰਦਰ ਅਮਨ ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀ.ਜੀ. ਮਾਲਕ ਆਪਣੀ ਪੀ.ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ.ਜੀ. ਵਿਚ ਰਹਿਣ ਵਾਲੇ ਬੱਚਿਆਂ/ਕਿਰਾਏਦਾਰਾਂ ਦੀ ਸਬੰਧਤ ਪੁਲਿਸ ਥਾਣੇ/ਸਾਂਝ ਕੇਂਦਰ ਰਾਹੀਂ ਰਜਿਸਟੇ੍ਰਸ਼ਨ/ਵੈਰੀਫ਼ਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ। ਉਨਾਂ ਪੀ.ਜੀ. ਮਾਲਕਾਂ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਉਹ ਆਪਣੇ ਪੀ.ਜੀ. ਵਿਚ ਰਹਿਣ ਵਾਲੇ ਵਿਦਿਆਰਥੀਆਂ/ਕਿਰਾਏਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗ ਬੁਝਾਊ ਯੰਤਰ ਅਤੇ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਾਉਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਵਿਦਿਆਰਥੀ/ਕਿਰਾਏਦਾਰ ਦੀ ਆੜ ਵਿਚ ਸਮਾਜਿਕ ਸ਼ਾਂਤੀ ਭੰਗ ਨਾ ਕਰ ਸਕੇ।