• Home
  • ਵੋਟਰਾਂ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਗਾਈ-ਪਰਨੀਤ ਕੌਰ

ਵੋਟਰਾਂ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਗਾਈ-ਪਰਨੀਤ ਕੌਰ

ਪਟਿਆਲਾ,  
ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਵਜੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕਰਕੇ ਲੋਕ ਸਭਾ ਮੈਂਬਰ ਬਣੇ ਸ੍ਰੀਮਤੀ ਪਰਨੀਤ ਕੌਰ ਨੇ ਆਪਣੀ ਜਿੱਤ ਦਾ ਸਿਹਰਾ ਹਲਕੇ ਦੇ ਵੋਟਰਾਂ ਅਤੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਦਿੱਤਾ ਹੈ। ਪਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਹਲਕੇ ਦੇ ਵੋਟਰਾਂ ਨੇ ਜਿੱਥੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀਆਂ ਨੀਤੀਆਂ ਨੂੰ ਪਸੰਦ ਕੀਤਾ ਹੈ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਉਲੀਕੇ ਪ੍ਰੋਗਰਾਮਾਂ ਤੇ ਸਕੀਮਾਂ 'ਤੇ ਵੀ ਮੋਹਰ ਲਗਾਈ ਹੈ। 
ਇੱਥੇ ਆਪਣੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਖੁਸ਼ੀ ਨਾਲ ਝੂਮਦੇ ਹੋਏ ਪੁੱਜੇ ਆਗੂਆਂ ਅਤੇ ਵਰਕਰਾਂ ਦੀਆਂ ਵਧਾਈਆਂ ਕਬੂਲਦਿਆਂ ਪਰਨੀਤ ਕੌਰ ਨੇ ਕਿਹਾ ਕਿ ਉਹ ਜਿੱਥੇ ਅਮਨ ਸ਼ਾਂਤੀ ਨਾਲ ਪਾਈਆਂ ਵੋਟਾਂ ਲਈ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਧੰਨਵਾਦੀ ਹਨ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਅਤੇ ਉਨ੍ਹਾਂ ਪ੍ਰਤੀ ਪ੍ਰਗਟਾਏ ਭਰੋਸੇ ਲਈ ਉਹ ਵੋਟਰਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਜੀ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਲੋਕਾਂ ਦੇ ਮਿਲੇ ਵੱਡੇ ਹੁੰਗਾਰੇ ਨੇ ਸਾਬਤ ਕਰ  ਦਿੱਤਾ ਹੈ ਕਿ ਆਮ ਲੋਕਾਂ ਨੇ ਵਿਰੋਧੀ ਧਿਰਾਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਅਤੇ ਦਿੱਤੇ ਜਾ ਰਹੇ ਬੇਦਲੀਲੇ ਤਰਕਾਂ ਨੂੰ ਵੀ ਨਜ਼ਰ ਅੰਦਾਜ ਕੀਤਾ ਹੈ।
ਪਰਨੀਤ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਲੋਕ ਭਲਾਈ ਸਕੀਮਾਂ ਸਮੇਤ ਪੰਜਾਬ ਦੀ ਨਿੱਘਰੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਚੁੱਕੇ ਠੋਸ ਕਦਮਾਂ ਅਤੇ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਵੋਟਰਾਂ ਨੇ ਭਰਵਾਂ ਸਵਾਗਤ ਕੀਤਾ ਹੈ। ਪਰਨੀਤ ਕੌਰ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਪ੍ਰਗਟਾਏ ਭਰੋਸੇ ਅਤੇ ਵੋਟਰਾਂ ਦੀਆਂ ਆਸਾਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰ੍ਹੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਹਲਕੇ ਦੇ ਲੋਕਾਂ ਦੀ ਅਵਾਜ ਬਣਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ 'ਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਰਹਿਣਗੇ।