• Home
  • ਸ਼੍ਰੋਮਣੀ ਕਮੇਟੀ ਦਾ 12 ਅਰਬ 5 ਕਰੋੜ 3 ਲੱਖ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ:- ਪੜ੍ਹੋ ਹੋਰ ਕੀ- ਕੀ ਹੋਇਆ

ਸ਼੍ਰੋਮਣੀ ਕਮੇਟੀ ਦਾ 12 ਅਰਬ 5 ਕਰੋੜ 3 ਲੱਖ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ:- ਪੜ੍ਹੋ ਹੋਰ ਕੀ- ਕੀ ਹੋਇਆ

ਅੰਮ੍ਰਿਤਸਰ 30 ਮਾਰਚ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2019-20 ਦਾ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ। ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ। ਜਨਰਲ ਇਜਲਾਸ ਦੀ ਆਰੰਭਤਾ ਅਰਦਾਸ ਮਗਰੋਂ ਹੁਕਮਨਾਮੇ ਨਾਲ ਹੋਈ, ਜਦਕਿ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੁਰੂ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਭਾਈ ਸੁਲਤਾਨ ਸਿੰਘ ਅਰਦਾਸੀਆ ਵੀ ਮੌਜੂਦ ਸਨ। ਬਜਟ ਪੇਸ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਆਪਣੇ ਬਜਟ ਭਾਸ਼ਣ ਵਿਚ ਜਿਥੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਉਥੇ ਹੀ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲਾਨਾ ਬਜਟ ਵਿੱਚ ਜਨਰਲ ਬੋਰਡ ਫੰਡ ਲਈ 72 ਕਰੋੜ 50 ਲੱਖ ਰੁਪਏ, ਟਰੱਸਟ ਫੰਡ ਲਈ 50 ਕਰੋੜ 60 ਲੱਖ ਰੁਪਏ, ਵਿਦਿਆ ਫੰਡ 37 ਕਰੋੜ 40 ਲੱਖ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 7 ਕਰੋੜ 65 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 84 ਕਰੋੜ ਰੁਪਏ, ਗੁਰਦੁਆਰਾ ਸਾਹਿਬਾਨ ਸੈਕਸ਼ਨ-85 ਲਈ 7 ਅਰਬ 1 ਕਰੋੜ 52 ਲੱਖ ਰੁਪਏ, ਸਿੱਧੇ ਅਤੇ ਅਟੈਂਚ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਲਈ 13 ਕਰੋੜ 36 ਲੱਖ ਰੁਪਏ ਅਤੇ ਵਿਦਿਅਕ ਅਦਾਰਿਆਂ ਲਈ  2 ਅਰਬ 38 ਕਰੋੜ ਰੁਪਏ ਰੱਖੇ ਗਏ ਹਨ। ਇਸ ਵਾਰ ਦੇ ਬਜਟ ਵਿਚ ਪਿਛਲੇ ਸਾਲ ਤੋਂ ਕਰੀਬ 4 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਇਜਲਾਸ ਮਗਰੋਂ ਪ੍ਰੈੱਸ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕੀਤੀ ਅਤੇ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੱਸਿਆ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਸਿੱਖ ਜਗਤ ਦੇ ਸਹਿਯੋਗ ਨਾਲ ਇਸ ਸਾਲ ਨਵੰਬਰ ਮਹੀਨੇ ਵਿਚ ਪਹਿਲੇ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਲਈ ਧਰਮ ਪ੍ਰਚਾਰ ਕਮੇਟੀ ਦੇ ਬਜਟ ਦਾ ਵੱਡਾ ਹਿੱਸਾ ਖਰਚ ਕੀਤਾ ਜਾਵੇਗਾ। ਉਨ੍ਹਾਂ ਵਿਸਥਾਰ ਦਿੰਦਿਆਂ ਦੱਸਿਆ ਕਿ ਬਜਟ ਵਿਚ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਲਈ 12 ਕਰੋੜ 63 ਲੱਖ ਰੁਪਏ ਦੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਸਿੱਖ ਇਤਿਹਾਸ ਸਬੰਧੀ ਪ੍ਰਤੀਯੋਗਤਾ ਮੁਕਾਬਲਿਆਂ, ਧਾਰਮਿਕ ਪ੍ਰੀਖਿਆ, ਪੱਤਰ ਵਿਹਾਰ ਕੋਰਸ ਆਦਿ ਲਈ 19 ਕਰੋੜ 30 ਲੱਖ ਰੁਪਏ ਰੱਖੇ ਗਏ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਬਜਟ ਵਿਚ ਸਿਕਲੀਗਰ, ਵਣਜਾਰੇ ਸਿੱਖਾਂ, ਪੰਜਾਬ ਤੇ ਪੰਜਾਬ ਤੋਂ ਬਾਹਰਲਿਆਂ ਗੁਰਦੁਆਰਾ ਸਾਹਿਬਾਨ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ 14 ਕਰੋੜ 50 ਲੱਖ ਰੁਪਏ ਰਾਖਵੇਂ ਹੋਣਗੇ। ਕੌਮੀ ਮਸਲਿਆਂ ਦੀ ਪੈਰਵਾਈ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ਾਲਸਾਈ ਖੇਡਾਂ ਲਈ 60 ਲੱਖ ਰੁਪਏ, ਸਿੱਖ ਖਿਡਾਰੀਆਂ ਲਈ 1 ਕਰੋੜ ਰੁਪਏ, ਧਰਮ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 2 ਕਰੋੜ ਰੁਪਏ, ਸਿੱਖ ਮਿਸ਼ਨਾਂ ਲਈ 8 ਕਰੋੜ ਰੁਪਏ, ਸਿੱਖ ਇਤਿਹਾਸ ਖੋਜ ਅਤੇ ਛਪਾਈ ਲਈ 70 ਲੱਖ ਰੁਪਏ ਅਤੇ ਕੁਦਰਤੀ ਆਫਤਾਂ ਲਈ ਵੀ 70 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਭਾਈ ਲੌਂਗੋਵਾਲ ਅਨੁਸਾਰ ਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ, ਗੁਰਦੁਆਰਾ ਸਾਹਿਬਾਨ ਅੰਦਰ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਕਾਰਜਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵੀ ਯੋਜਨਾਵਾਂ ਬਣਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਹ ਵਰ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਯਾਦਗਾਰਾਂ ਅਤੇ ਵੱਖ-ਵੱਖ ਮਾਰਗਾਂ ’ਤੇ ਸੁੰਦਰ ਯਾਦਗਾਰੀ ਗੇਟ ਵੀ ਉਸਾਰੇ ਜਾ ਰਹੇ ਹਨ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਮੂਲ ਮੰਤਰ ਅਸਥਾਨ ਦਾ ਨਿਰਮਾਣ ਜਾਰੀ ਹੈ ਅਤੇ ਇਸੇ ਤਰ੍ਹਾਂ ਸੰਗਤ ਦੇ ਠਹਿਰਣ ਲਈ ਵਿਸ਼ਾਲ ਪੱਧਰ ’ਤੇ ਨਿਵਾਸਾਂ ਦੇ ਨਾਲ-ਨਾਲ ਵਾਹਨ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਤੇ ਬੀਬੀ ਕਿਰਨਜੋਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਬਜਟ ਇਜਲਾਸ ਦੌਰਾਨ ਭਾਈ ਲੌਂਗੋਵਾਲ ਵੱਲੋਂ ਪੇਸ਼ ਕੀਤੇ ਮਤਿਆਂ ਨੂੰ ਪ੍ਰਵਾਨਗੀ-

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੁਝ ਮਤੇ ਪੇਸ਼ ਕੀਤੇ ਜਿਨ੍ਹਾਂ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਯਾਤਰੂਆਂ ਦੀ ਸਹੂਲਤ ਵਾਸਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਅਤੇ ਸੁਲਤਾਨਵਿੰਡ ਗੇਟ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰਸਤਿਆਂ ਖੁੱਲ੍ਹਾ ਕਰਕੇ ਸਿੱਖ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ। ਇਸ ਮਤੇ ਰਾਹੀਂ ਇਹ ਮੰਗ ਵੀ ਕੀਤੀ ਗਈ ਕਿ ਇਨ੍ਹਾਂ ਸਾਰੇ ਰਸਤਿਆਂ ’ਤੇ ਹਰਿਆਵਲ ਪੈਦਾ ਕਰਨ ਲਈ ਵੀ ਉਚੇਚਾ ਧਿਆਨ ਦਿੱਤਾ ਜਾਵੇ।ਜਨਰਲ ਹਾਊਸ ਦੌਰਾਨ ਮਾਂ ਬੋਲੀ ਪੰਜਾਬੀ ਨਾਲ ਪੰਜਾਬ, ਚੰਡੀਗੜ੍ਹ ਤੇ ਇਸ ਦੇ ਨਾਲ ਲਗਦੇ ਹਰਿਆਣਾ, ਹਿਮਾਚਲ, ਦਿੱਲੀ ਸਮੇਤ ਹੋਰ ਪੰਜਾਬੀ ਵੱਸੋਂ ਵਾਲੇ ਸੂਬਿਆਂ ਵਿਚ ਹੋ ਰਹੇ ਵਿਤਕਰੇ ਨੂੰ ਖ਼ਤਮ ਕਰਨ ਲਈ ਭਾਰਤ ਅਤੇ ਸੂਬਾ ਸਰਕਾਰਾਂ ਪਾਸੋਂ ਮੰਗ ਕੀਤੀ ਗਈ। ਪੰਜਾਬੀਆਂ ਨੂੰ ਵੀ ਇਸ ਮਤੇ ਰਾਹੀਂ ਅਪੀਲ ਕੀਤੀ ਗਈ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜ ਕੇ ਬੋਲਚਾਲ ਅਤੇ ਲਿਖਤ ਵਿਚ ਇਸ ਨੂੰ ਸਨਮਾਨਯੋਗ ਰੁਤਬਾ ਦੇਣ।ਇਕ ਮਤੇ ਰਾਹੀਂ ਦੇਸ਼ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿਚ ਪਿਛਲੇ ਲੰਮੇ ਸਮੇਂ ਤੋਂ ‘ਟਾਡਾ’ ਤੇ ਹੋਰ ਕਾਲੇ ਕਾਨੂੰਨਾਂ ਅਧੀਨ ਨਜ਼ਰਬੰਦ ਨਿਰਦੋਸ਼ ਸਿੱਖਾਂ ਦੀ ਰਿਹਾਈ ਲਈ ਭਾਰਤ ਅਤੇ ਵੱਖ-ਵੱਖ ਰਾਜ ਸਰਕਾਰਾਂ ਨੂੰ ਅਪੀਲ ਕੀਤੀ। ਇਸ ਤੋਂ ਇਲਾਵਾ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਾਰੇ ਕੇਸ ਨਿਬੇੜਨ ਲਈ ਭਾਰਤ ਸਰਕਾਰ ਪਾਸੋਂ ਰਾਸ਼ਟਰਪਤੀ ਨੂੰ ਅਪੀਲ ਕਰਨ ਦੀ ਮੰਗ ਵੀ ਕੀਤੀ ਗਈ।ਜਨਰਲ ਇਜਲਾਸ ’ਚ ਇਕ ਅਹਿਮ ਮਤਾ ਪਾਸ ਕਰਦਿਆਂ ਗੁਰੂਆਂ ਦੀ ਧਰਤੀ ਤੋਂ ਨੌਜੁਆਨੀ ਦੇ ਪੱਕੇ ਤੌਰ ’ਤੇ ਵਿਦੇਸ਼ ਵੱਸਣ ਦੇ ਰੁਝਾਨ ਸਬੰਧੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਮਤੇ ਰਾਹੀਂ ਇਸ ਚਲਣ ਨੂੰ ਭਵਿੱਖ ਅੰਦਰ ਪੰਜਾਬ ਦੀ ਆਰਥਿਕਤਾ, ਸਮਾਜਿਕ, ਭਾਈਚਾਰਕ, ਰਾਜਨੀਤਕ ਤੇ ਸਿੱਖਿਆ ਦੇ ਖੇਤਰ ਲਈ ਘਾਟੇਵੰਦਾ ਦੱਸਿਆ। ਇਸ ਸਬੰਧੀ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀ ਆਰਥਿਕ, ਸਮਾਜਿਕ, ਸੱਭਿਆਚਾਰਕ ਤੇ ਸਿੱਖਿਅਕ ਖ਼ੁਸ਼ਹਾਲੀ ਲਈ ਬੇਹਤਰ ਵਾਤਾਵਰਨ ਤਿਆਰ ਕੀਤਾ ਜਾਵੇ, ਤਾਂ ਜੋ ਨੌਜੁਆਨਾਂ ਨੂੰ ਇਥੇ ਹੀ ਸਾਰੀਆਂ ਸਹੂਲਤਾਂ ਮਿਲ ਸਕਣ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਲਾਂਘਾ ਖੋਲ੍ਹਣ ਸਬੰਧੀ ਮਤਾ ਪਾਸ ਕਰਦਿਆਂ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦੀ ਸ਼ਲਾਘਾ ਕੀਤੀ ਗਈ। ਇਸ ਮਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਵਿਖੇ ਸਰਕਾਰਾਂ ਦੀ ਸਹਿਮਤੀ ਨਾਲ ਸੰਗਤ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੀ ਵਚਨਬਧਤਾ ਵੀ ਪ੍ਰਗਟਾਈ ਗਈ ਹੈ। ਦੋਹਾਂ ਸਰਕਾਰਾਂ ਤੋਂ ਇਹ ਮੰਗ ਵੀ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਹਿਲਾਂ ਇਹ ਲਾਂਘਾ ਤਿਆਰ ਕਰਕੇ ਸੰਗਤ ਅਰਪਣ ਕਰਨ ਨੂੰ ਯਕੀਨੀ ਬਣਾਇਆ ਜਾਵੇ।ਫਿਲਮਾਂ, ਨਾਟਕਾਂ ਅਤੇ ਟੀ.ਵੀ. ਸੀਰੀਅਲਾਂ ਵਿਚ ਸਿੱਖ ਪਾਤਰਾਂ ਨੂੰ ਮਜ਼ਾਕੀਆ ਲਹਿਜ਼ੇ ਵਿਚ ਪੇਸ਼ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ। ਸੋਸ਼ਲ ਮੀਡੀਆ ਉਪਰ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਤੇ ਗਲਤ ਢੰਗ ਨਾਲ ਤਸਵੀਰਾਂ ਅਪਲੋਡ ਕਰਨ ਦੀ ਵੀ ਨਿੰਦਾ ਕਰਦਿਆਂ ਇਸ ਮਤੇ ਰਾਹੀਂ ਭਾਰਤ ਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਸਖ਼ਤ ਕਦਮ ਉਠਾਉਣ ਲਈ ਆਖਿਆ ਗਿਆ। ਇਸ ਤੋਂ ਇਲਾਵਾ ਫਿਲਮ ਸੈਂਸਰ ਬੋਰਡ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਨੁਮਾਇੰਦਾ ਪੱਕੇ ਤੌਰ ’ਤੇ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਦੇਸ਼ ਵਿਦੇਸ਼ ਅੰਦਰ ਸਿੱਖਾਂ ਸਮੇਤ ਹੋਰ ਘੱਟਗਿਣਤੀਆਂ ’ਤੇ ਹੋ ਰਹੇ ਨਸਲੀ ਹਮਲਿਆਂ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ। ਇਸ ਮਤੇ ਰਾਹੀਂ ਕੁਝ ਦਿਨ ਪਹਿਲਾਂ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵੱਲੋਂ ਸਿੱਖਾਂ ’ਤੇ ਹਮਲੇ ਦੀ ਨਿੰਦਾ ਕੀਤੀ ਗਈ। ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਸਿੱਖਾਂ ਸਮੇਤ ਹੋਰ ਘੱਟਗਿਣਤੀਆਂ ਦੀ ਦੇਸ਼ ਅੰਦਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਉਠਾਏ ਜਾਣ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾਣ। ਇਸੇ ਮਤੇ ਰਾਹੀਂ ਹੀ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਘੱਟ ਗਿਣਤੀਆਂ ਦੀ ਸੁਰੱਖਿਆ ਸਬੰਧੀ ਕੂਟਨੀਤਕ ਪੱਧਰ ’ਤੇ ਗੱਲਬਾਤ ਕਰਨ ਦੀ ਅਪੀਲ ਕੀਤੀ ਗਈ। ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇਕ ਮਤੇ ਰਾਹੀਂ ਦੇਸ਼ ਅੰਦਰ ਹੁੰਦੀਆਂ ਉੱਚ ਮੁਕਾਬਲਾ ਪ੍ਰੀਖਿਆਵਾਂ ਵਿਚ ਗੁਰਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਕਈ ਪ੍ਰੀਖਿਆ ਕੇਦਰਾਂ ਵੱਲੋਂ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਗੁਰਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨੂੰ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਿਹਾ ਗਿਆ। ਮਤੇ ਰਾਹੀਂ ਮੰਗ ਕੀਤੀ ਗਈ ਕਿ ਭਾਰਤ ਸਰਕਾਰ ਇਸ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਵੇ ਅਤੇ ਸਮੁੱਚੇ ਦੇਸ਼ ਅੰਦਰ ਸੂਬਾ ਸਰਕਾਰਾਂ ਨੂੰ ਪੱਕੇ ਤੌਰ ’ਤੇ ਇਸ ਬਾਰੇ ਹਦਾਇਤਾਂ ਜਾਰੀ ਕਰੇ। ਇਸ ਦੇ ਨਾਲ ਹੀ ਵਿਦੇਸ਼ਾਂ ਅੰਦਰ ਹਵਾਈ ਅੱਡਿਆਂ ’ਤੇ ਦਸਤਾਰ ਦੀ ਸ਼ਾਨ ਬਰਕਰਾਰ ਰੱਖਣ ਲਈ ਭਾਰਤ ਸਰਕਾਰ ਨੂੰ ਵਿਦੇਸ਼ ਵਿਭਾਗ ਰਾਹੀਂ ਠੋਸ ਕਦਮ ਉਠਾਉਣ ਦੀ ਅਪੀਲ ਕੀਤੀ ਗਈ। ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ’ਤੇ ਤਸੱਲੀ ਪ੍ਰਗਟ ਕਰਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮਤੇ ਰਾਹੀਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਸੱਜਣ ਕੁਮਾਰ ਸਬੰਧੀ ਰਹਿੰਦੇ ਕੇਸਾਂ ਦੇ ਨਾਲ-ਨਾਲ ਜਗਦੀਸ਼ ਟਾਈਟਲਰ, ਕਮਲ ਨਾਥ ਸਮੇਤ ਹੋਰਨਾਂ ਦੋਸ਼ੀਆਂ ਨੂੰ ਵੀ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੂੰ ਆਉਂਦੇ ਰਸਤਿਆਂ ਵਿਚ ਪਾਨ, ਬੀੜੀ, ਸ਼ਰਾਬ, ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਕਰਵਾਉਣ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ। ਆਖਿਆ ਗਿਆ ਕਿ ਇਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਪੰਜਾਬ ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਥੇ ਆਉਂਦੇ ਰਸਤਿਆਂ ਤੋਂ ਪਾਨ, ਬੀੜੀ, ਸ਼ਰਾਬ, ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਕਰਵਾਏ।ਇਸ ਤੋਂ ਇਲਾਵਾ ਤਿੰਨ ਸਿੱਖ ਸ਼ਖ਼ਸੀਅਤਾਂ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹੇ ਗਏ। ਇਨ੍ਹਾਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਦੋ ਵਾਰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਲੰਮੇ ਸਮਾਂ ਮੈਂਬਰ ਰਹੇ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸਬੰਧੀ ਖੋਜ ਕਾਰਜ ਕਰਨ ਵਾਲੇ ਸਿੱਖ ਪੰਥ ਦੇ ਉੱਘੇ ਵਿਦਵਾਨ ਗਿਆਨੀ ਬਲਵੰਤ ਸਿੰਘ ਕੋਠਾ ਗੁਰੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਤੇ ਬਜ਼ੁਰਗ ਪੰਥਕ ਆਗੂ ਜਥੇਦਾਰ ਮੋਖਾ ਸਿੰਘ ਸ਼ਾਮਲ ਹਨ। ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਇਜਲਾਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ:ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਮੌਕੇ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਜੂਨੀਅਰ ਮੀਤ ਸ. ਬਿੱਕਰ ਸਿੰਘ ਚੰਨੂ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਸ਼ਿੰਗਾਰਾ ਸਿੰਘ ਲੋਹੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਜੀਤ ਸਿੰਘ ਤਲਵੰਡੀ, ਬੀਬੀ ਜਸਬੀਰ ਸਿੰਘ ਜ਼ਫਰਵਾਲ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਤਾਰਾ ਸਿੰਘ ਸੱਲਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਅਮਰੀਕ ਸਿੰਘ ਵਿਛੋਆ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਬਲਦੇਵ ਸਿੰਘ ਚੂੰਘਾ, ਸ. ਭਗਵੰਤ ਸਿੰਘ ਸਿਆਲਕਾ, ਸ. ਨਵਤੇਜ ਸਿੰਘ ਕਾਉਣੀ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਰਣਜੀਤ ਸਿੰਘ ਮਹਿਲਪੁਰ, ਸ. ਸਰਵਨ ਸਿੰਘ ਕੁਲਾਰ, ਸ. ਕੇਵਲ ਸਿੰਘ ਬਾਦਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜਰਨੈਲ ਸਿੰਘ ਡੋਗਰਾਂ ਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਦਵਿੰਦਰ ਸਿੰਘ ਖੱਟੜਾ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਬਲਦੇਵ ਸਿੰਘ ਕਲਿਆਣ, ਸ. ਜੈਪਾਲ ਸਿੰਘ ਮੰਡੀਆ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਕੁਲਵੰਤ ਸਿੰਘ ਮੰਨਣ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਹਰਪਾਲ ਸਿੰਘ ਜੱਲਾ, ਸ. ਪਰਮਜੀਤ ਸਿੰਘ ਰਾਏਪੁਰ, ਸ. ਗੁਰਨਾਮ ਸਿੰਘ ਜੱਸਲ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਹਰਪਾਲ ਸਿੰਘ ਪਾਲੀ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਖ਼ਾਲਸਾ ਹਿਸਾਰ, ਸ. ਜਗਸੀਰ ਸਿੰਘ ਮਾਂਗੇਆਣਾ, ਬੀਬੀ ਕਿਰਨਵੀਰ ਕੌਰ, ਸ. ਸੁਖਦਰਸ਼ਨ ਸਿੰਘ ਮਰਾੜ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ ਅਬੋਹਰ, ਸ. ਸੂਬਾ ਸਿੰਘ ਡੱਬਵਾਲਾ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਬੀਬੀ ਜਸਵਿੰਦਰ ਕੌਰ ਜੀਰਾ, ਸ. ਯੁਗਰਾਜ ਸਿੰਘ, ਬੀਬੀ ਨਰਿੰਦਰ ਕੌਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਸ਼ੇਰ ਸਿੰਘ, ਸ. ਸੁਖਦੇਵ ਸਿੰਘ ਬਾਠ, ਕੈਪਟਨ ਅਵਤਾਰ ਸਿੰਘ, ਬੀਬੀ ਜਸਪਾਲ ਕੌਰ, ਸ. ਸੁਖਦੇਵ ਸਿੰਘ ਬਾਹੀਆ, ਬੀਬੀ ਜੋਗਿੰਦਰ ਕੌਰ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ ਰਾਏਪੁਰ, ਸ. ਮਿੱਠੂ ਸਿੰਘ ਕਾਹਨੇਕੇ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ ਲਖਮੀਰ ਵਾਲਾ, ਬੀਬੀ ਜਸਪਾਲ ਕੌਰ ਸਨਾਮ, ਸ. ਮਲਕੀਤ ਸਿੰਘ ਚੰਗਾਲ, ਬੀਬੀ ਸ਼ਰਨਜੀਤ ਕੌਰ ਧੂਰੀ, ਸ. ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਸਵਿੰਦਰ ਸਿੰਘ ਸੱਭਰਵਾਲ, ਸ. ਨਿਰਮੈਲ ਸਿੰਘ ਜੌਲਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਾਜਿੰਦਰ ਕੌਰ, ਸ. ਕੰਵਲਇੰਦਰ ਸਿੰਘ ਠੇਕੇਦਾਰ, ਸ. ਗੁਰਬਖ਼ਸ ਸਿੰਘ ਖ਼ਾਲਸਾ, ਬੀਬੀ ਦਵਿੰਦਰ ਕੌਰ ਕਾਲੜਾ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ, ਬੀਬੀ ਗੁਰਪ੍ਰੀਤ ਕੌਰ ਫਗਵਾੜਾ, ਸ. ਬਲਵਿੰਦਰ ਸਿੰਘ ਵੈਂਈਪੂਈਂ, ਬੀਬੀ ਹਰਜਿੰਦਰ ਕੌਰ ਪੱਟੀ, ਬਾਬਾ ਨਿਰਮਲ ਸਿੰਘ ਨੌਸ਼ਿਹਰਾਢਾਲਾ, ਬੀਬੀ ਬਲਵਿੰਦਰ ਕੌਰ ਲੋਪੋਕੇ, ਬੀਬੀ ਸਰਵਨ ਕੌਰ ਤੇੜਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਸੁਰਜੀਤ ਸਿੰਘ ਤੁਗਲਵਾਲਾ, ਬੀਬੀ ਜੋਗਿੰਦਰ ਕੌਰ ਡੇਰਾ ਬਾਬਾ ਨਾਨਕ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਹਰਦੀਪ ਸਿੰਘ ਮੋਹਾਲੀ, ਸ. ਸੁਖਮੀਤ ਸਿੰਘ, ਸ. ਗੁਰਮਿੰਦਰ ਸਿੰਘ ਮਠਾਰੂ, ਸ. ਜਗਤਾਰ ਸਿੰਘ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ, ਸ. ਰਤਨ ਸਿੰਘ ਜੱਫਰਵਾਲ ਆਦਿ ਸ਼੍ਰੋਮਣੀ ਕਮੇਟੀ ਮੈਂਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ ਗਿੱਲ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਆਦਿ ਹਾਜ਼ਰ ਸਨ।