• Home
  • ਸਿੱਖਿਆ ਬੋਰਡ ਵੱਲੋਂ ਕਿਤਾਬਾਂ ਪ੍ਰਿੰਟ ਨਾ ਕਰਾਉਣ ਦੇ ਫ਼ੈਸਲੇ ਨੇ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕੀਤਾ-ਪ੍ਰਿੰਸੀਪਲ ਬੁੱਧਰਾਮ

ਸਿੱਖਿਆ ਬੋਰਡ ਵੱਲੋਂ ਕਿਤਾਬਾਂ ਪ੍ਰਿੰਟ ਨਾ ਕਰਾਉਣ ਦੇ ਫ਼ੈਸਲੇ ਨੇ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕੀਤਾ-ਪ੍ਰਿੰਸੀਪਲ ਬੁੱਧਰਾਮ

ਚੰਡੀਗੜ੍ਹ, 26 ਅਪ੍ਰੈਲ ;-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਗ਼ਰੀਬ ਅਤੇ ਦਲਿਤ (ਐਸ.ਸੀ) ਵਿਦਿਆਰਥੀਆਂ ਲਈ ਕਿਤਾਬਾਂ (ਟੈਕਸਟ ਬੁੱਕਸ) ਪ੍ਰਿੰਟ ਨਾ ਕਰਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੇ ਹੋਏ ਇਸ ਨੂੰ ਗ਼ਰੀਬ ਅਤੇ ਦਲਿਤ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ।
'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਵਿੱਤੀ ਸੰਕਟ ਕਾਰਨ ਦਲਿਤ ਵਿਦਿਆਰਥੀਆਂ ਨੂੰ ਮੁਹੱਈਆ ਕੀਤੀਆਂ ਜਾਂਦੀਆਂ ਵਿਸ਼ਾ ਪੁਸਤਕਾਂ ਦੀ ਛਪਾਈ ਨਾ ਕਰਾਉਣਾ ਜਿੱਥੇ ਗ਼ਰੀਬਾਂ ਅਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ ਉੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਬੇਹੱਦ ਸ਼ਰਮਨਾਕ ਗੱਲ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ ਪਰੰਤੂ ਸੂਬਾ ਸਰਕਾਰ 'ਤੇ ਨਿਰਭਰ ਲੱਖਾਂ ਗ਼ਰੀਬ ਦਲਿਤ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਕਿਤਾਬਾਂ ਦੀ ਅਜੇ ਤੱਕ ਛਪਵਾਈ ਹੀ ਨਹੀਂ ਹੋਈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਲੀ ਸੰਕਟ ਦੇ ਹਵਾਲੇ ਨਾਲ ਇਹ ਕਿਤਾਬਾਂ ਪ੍ਰਿੰਟ ਨਾ ਕਰਾਉਣ ਦਾ ਵਿਦਿਆਰਥੀ ਵਿਰੁੱਧ ਫ਼ੈਸਲਾ ਲੈ ਲਿਆ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ 10 ਸਾਲ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ-ਥੱਕ ਕੇ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੌਕਾ ਦਿੱਤਾ ਸੀ, ਪਰੰਤੂ ਕੈਪਟਨ ਅਮਰਿੰਦਰ ਸਿੰਘ ਵੀ ਬਾਦਲਾਂ ਵਾਂਗ ਹੀ ਦਲਿਤ ਵਿਰੋਧੀ ਸਾਬਤ ਹੋਇਆ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਇਸ ਤੋਂ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਕੈਪਟਨ ਸਰਕਾਰ ਨੇ ਕਿਤਾਬਾਂ ਦੀ ਪ੍ਰਿੰਟਿੰਗ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਫ਼ੰਡ ਹੀ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪ੍ਰਾਪਤ ਰਿਪੋਰਟਾਂ ਮੁਤਾਬਿਕ ਚਾਲੂ ਵਿੱਦਿਅਕ ਵਰ੍ਹੇ 'ਚ ਇਨ੍ਹਾਂ ਕਿਤਾਬਾਂ ਲਈ 65 ਕਰੋੜ ਰੁਪਏ ਦੀ ਰਾਸ਼ੀ ਬਣਦੀ ਹੈ ਜਦਕਿ ਸਰਕਾਰ ਵੱਲ ਪਿਛਲਾ ਕੁੱਲ ਬਕਾਇਆ 262 ਕਰੋੜ ਤੱਕ ਪਹੁੰਚ ਗਿਆ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਜ਼ਖ਼ਮਾਂ 'ਤੇ ਨਮਕ ਛਿੜਕਦਿਆਂ ਸਰਕਾਰ ਨੇ 132 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਇੱਕ ਪਾਸੇ ਗ਼ਰੀਬਾਂ ਦਲਿਤਾਂ ਦੇ ਬੱਚਿਆਂ ਦੀ ਪੜਾਈ ਲਈ ਸਰਕਾਰ ਕੋਲੋਂ ਸਾਲਾਨਾ ਕਰੀਬ 65 ਕਰੋੜ ਰੁਪਏ ਦਾ ਪ੍ਰਬੰਧ ਨਹੀਂ ਹੋ ਸਕਦਾ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਥੱਲੇ ਨਹੀਂ ਉੱਤਰਦਾ, ਜਿਸ ਦਾ ਸਾਲਾਨਾ ਬਜਟ ਇਸ ਤੋਂ ਜ਼ਿਆਦਾ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗ਼ਰੀਬਾਂ ਦਲਿਤਾਂ ਦੇ ਬੱਚਿਆਂ ਦੀਆਂ ਕਿਤਾਬਾਂ ਦੀ ਕੀਮਤ 'ਤੇ ਉੱਡਦਾ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਧਰਤੀ 'ਤੇ ਲਾਹੁਣ ਲਈ ਇਨ੍ਹਾਂ ਚੋਣਾਂ 'ਚ ਕਾਂਗਰਸ ਨੂੰ ਸਬਕ ਸਿਖਾਉਣ।