• Home
  • 550ਵੇਂ ਪ੍ਰਕਾਸ਼ ਪੁਰਬ ਸਬੰਧੀ ਗਾਇਕ ਮਲਕੀਤ ਸਿੰਘ ਨੇ ਸੇਵਾਵਾਂ ਦੀ ਕੀਤੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਵੱਲੋਂ ਸ. ਮਲਕੀਤ ਸਿੰਘ ਦੀ ਇੱਛਾ ਨੂੰ ਸੰਜੀਦਗੀ ਨਾਲ ਲੈਣ ਦਾ ਭਰੋਸਾਡਾ. ਰੂਪ ਸਿੰਘ ਤੇ ਹੋਰਾਂ ਨੇ ਸ. ਮਲਕੀਤ ਸਿੰਘ ਨੂੰ ਕੀਤਾ ਸਨਮਾਨਿਤ

550ਵੇਂ ਪ੍ਰਕਾਸ਼ ਪੁਰਬ ਸਬੰਧੀ ਗਾਇਕ ਮਲਕੀਤ ਸਿੰਘ ਨੇ ਸੇਵਾਵਾਂ ਦੀ ਕੀਤੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਵੱਲੋਂ ਸ. ਮਲਕੀਤ ਸਿੰਘ ਦੀ ਇੱਛਾ ਨੂੰ ਸੰਜੀਦਗੀ ਨਾਲ ਲੈਣ ਦਾ ਭਰੋਸਾਡਾ. ਰੂਪ ਸਿੰਘ ਤੇ ਹੋਰਾਂ ਨੇ ਸ. ਮਲਕੀਤ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 1 ਮਾਰਚ- ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸ. ਮਲਕੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਰੂਪਮਾਨ ਕਰਦੇ ਧਾਰਮਿਕ ਗੀਤਾਂ ਦੀ ਸੀ.ਡੀ. ਤਿਆਰ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਸ. ਮਨਜੀਤ ਸਿੰਘ ਬਾਠ ਨਾਲ ਮੁਲਾਕਾਤ ਕਰਨ ਸਮੇਂ ਇਹ ਇੱਛਾ ਪ੍ਰਗਟਾਈ। ਸ. ਮਲਕੀਤ ਸਿੰਘ ਨੇ ਆਖਿਆ ਕਿ ਉਹ ਪਹਿਲੇ ਪਾਤਸ਼ਾਹ ਦੇ ਇਤਿਹਾਸਕ ਪੁਰਬ ਮੌਕੇ ਪੰਜਾਬੀ ਗਾਇਕਾਂ ਦੀ ਇਕ ਸਾਂਝੀ ਧਾਰਮਿਕ ਸੀ.ਡੀ. ਤਿਆਰ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਦੀ ਮਨਸ਼ਾ ਹੈ ਕਿ ਇਹ ਕਾਰਜ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਹੋਵੇ। ਉਨ੍ਹਾਂ ਆਖਿਆ ਕਿ ਸਿੱਖੀ ਦਾ ਫਲਸਫਾ ਅਤੇ ਵਿਰਾਸਤ ਬੇਹੱਦ ਅਮੀਰ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਸਭ ਦਾ ਫ਼ਰਜ਼ ਹੈ ਕਿ ਗੁਰੂ ਸਾਹਿਬ ਦੇ ਸਿਧਾਂਤਾਂ ਤੇ ਇਤਿਹਾਸ ਨੂੰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ।  ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਮਲਕੀਤ ਸਿੰਘ ਦੀ ਗੁਰੂ ਸਾਹਿਬ ਪ੍ਰਤੀ ਸਮਰਪਣ ਭਾਵਨਾ ਦੀ ਉਹ ਕਦਰ ਕਰਦੇ ਹਨ ਅਤੇ ਅਪ੍ਰੈਲ ਮਹੀਨੇ ਵਿਚ ਇਨ੍ਹਾਂ ਦੀ ਮੁਲਾਕਾਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਕਰਵਾਈ ਜਾਵੇਗੀ। ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਸ. ਮਲਕੀਤ ਸਿੰਘ ਦੀ ਇੱਛਾ ਨੂੰ ਸਲਾਹਿਆ। ਉਨ੍ਹਾਂ ਕਿਹਾ ਕਿ ਇਸ ਨੂੰ ਅਮਲੀ ਰੂਪ ਦੇਣ ਲਈ ਸ਼੍ਰੋਮਣੀ ਕਮੇਟੀ ਕਾਰਵਾਈ ਕਰੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਡਾ. ਰੂਪ ਸਿੰਘ ਨੇ ਗਾਇਕ ਸ. ਮਲਕੀਤ ਸਿੰਘ ਦੀ ਗੱਲਬਾਤ ਵੀ ਕਰਵਾਈ। ਭਾਈ ਲੌਂਗੋਵਾਲ ਨੇ ਗੱਲਬਾਤ ਦੌਰਾਨ ਸ. ਮਲਕੀਤ ਸਿੰਘ ਦੀ ਪੇਸ਼ਕਸ਼ ਦਾ ਸਵਾਗਤ ਕਰਦਿਆਂ ਇਸ ਨੂੰ ਸੰਜੀਦਗੀ ਨਾਲ ਲੈਣ ਦਾ ਭਰੋਸਾ ਦਿੱਤਾ। ਉਨ੍ਹਾਂ ਆਖਿਆ ਕਿ 550ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ਨੂੰ ਸਭ ਦੇ ਸਾਂਝੇ ਯਤਨਾਂ ਨਾਲ ਹੀ ਯਾਦਗਾਰੀ ਬਣਾਇਆ ਜਾ ਸਕਦਾ ਹੈ। ਸ. ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ. ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਸ਼ਾਹਬਾਜ਼ ਸਿੰਘ ਇੰਚਾਰਜ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਸਰਬਜੀਤ ਸਿੰਘ ਆਈਡੀਆ, ਸ. ਉਅੰਕਾਰ ਸਿੰਘ ਆਦਿ ਮੌਜੂਦ ਸਨ।