• Home
  • ਅਸਲਾ 18 ਮਾਰਚ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ – ਜਮ੍ਹਾਂ ਨਾ ਕਰਵਾਉਣ ਵਾਲਿਆਂ ਦੇ ਲਾਇਸੰਸ ਹੋਣਗੇ ਰੱਦ

ਅਸਲਾ 18 ਮਾਰਚ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ – ਜਮ੍ਹਾਂ ਨਾ ਕਰਵਾਉਣ ਵਾਲਿਆਂ ਦੇ ਲਾਇਸੰਸ ਹੋਣਗੇ ਰੱਦ

ਮਾਨਸਾ, 11 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੇ ਵਿਧਾਨ ਸਭਾ ਹਲਕਿਆਂ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣਾ-ਆਪਣਾ ਅਸਲਾ 18 ਮਾਰਚ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਹਰ ਹਾਲਤ ਵਿਚ ਜਮ੍ਹਾਂ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ।
    ਹੁਕਮ ਵਿੱਚ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ 19 ਮਈ ਨੂੰ ਹੋਣੀਆਂ ਹਨ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਮਿਥੇ ਸਮੇਂ ਤੇ ਅਸਲਾ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿਚ ਜ਼ਾਬਤਾ ਫੌਜਧਾਰੀ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ।
    ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।
    ਇਹ ਹੁਕਮ 30 ਮਈ, 2019 ਤੱਕ ਲਾਗੂ ਰਹੇਗਾ।