• Home
  • ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਈ ਮੁੱਖ ਚੋਣ ਕਮਿਸ਼ਨ ਨੂੰ ਅਪੀਲ ਕਰਾਂਗੇ-ਭਗਵੰਤ ਮਾਨ

ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਈ ਮੁੱਖ ਚੋਣ ਕਮਿਸ਼ਨ ਨੂੰ ਅਪੀਲ ਕਰਾਂਗੇ-ਭਗਵੰਤ ਮਾਨ

ਚੰਡੀਗੜ੍ਹ, 9 ਅਪ੍ਰੈਲ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸੀਨੀਅਰ ਮੈਂਬਰ ਅਤੇ ਆਈਪੀਐੱਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਉੱਤੇ ਹੋਏ ਤਬਾਦਲੇ ਨਾਲ ਬਿਲਕੁਲ ਸਹਿਮਤ ਨਹੀਂ ਹੈ, ਕਿਉਂਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਸ ਬਦਲੀ ਨਾਲ ਬੇਅਦਬੀ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਵੇਗੀ। ਜਿਸ ਨਾਲ ਦੇਸ਼ ਵਿਦੇਸ਼ ਵਿੱਚ ਬੈਠੇ ਕਰੋੜਾਂ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮਾਮਲੇ ਉੱਤੇ ਮੁੱਖ ਚੋਣ ਕਮਿਸ਼ਨ ਨੂੰ ਅਪੀਲ ਕਰੇਗੀ ਕਿ ਚੋਣ ਕਮਿਸ਼ਨ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀਆਂ ਸਿਟ ਮੈਂਬਰ ਵਜੋਂ ਸੇਵਾਵਾਂ ਮੁੜ ਬਹਾਲ ਕਰੇ। ਮੰਗਲਵਾਰ ਨੂੰ ਦਿੱਲੀ ਵਿੱਚ ਪੰਜਾਬ ਦੇ ਇੰਚਾਰਜ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਕੋਰ ਕਮੇਟੀ ਪੰਜਾਬ ਦੀ ਬੈਠਕ ਉਪਰੰਤ ਭਗਵੰਤ ਮਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।
ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਦੋਸ਼ਾਂ ਵਿੱਚ ਘਿਰੇ ਸੁਖਬੀਰ ਸਿੰਘ ਬਾਦਲ ਜਾਂ ਉਨ੍ਹਾਂ ਦੀ ਪਾਰਟੀ ਇਹ ਤੈਅ ਕਰਨ ਦਾ ਹੱਕ ਨਹੀਂ ਰੱਖਦੀ ਕਿ ਬੇਅਦਬੀ ਅਤੇ ਬਹਿਬਲ ਕਲਾਂ ਕਾਂਡ ਦੇ ਅਤਿ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਕੌਣ ਕਰੇਗਾ ਅਤੇ ਕੌਣ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਜਸਟਿਸ ਰਣਜੀਤ ਸਿੰਘ ਨੂੰ ਜੱਜ ਨਹੀਂ ਮੰਨਦੇ ਸਨ। ਹੁਣ ਇੱਕ ਪੁਲੀਸ ਅਧਿਕਾਰੀ ਦੇ ਨਾਮ ਉੱਤੇ ਸਿਆਸਤ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ ਉੱਤੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਲਾਜ਼ਮੀ ਹੈ। ਮਾਨ ਨੇ ਇਸ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਅਤੇ ਨਰਿੰਦਰ ਮੋਦੀ ਸਰਕਾਰ ਦੀ ਬਾਦਲਾਂ ਨਾਲ ਮਿਲੀ ਭੁਗਤ ਦੱਸੀ ਅਤੇ ਕਿਹਾ ਕਿ ਕੈਪਟਨ ਉੱਤੋਂ-ਉੱਤੋਂ ਹੀ ਬਿਆਨ ਦੇ ਰਹੇ ਹਨ, ਅੰਦਰੋਂ ਬਾਦਲਾਂ ਨਾਲ ਇੱਕ-ਮਿੱਕ ਹਨ।
ਬੈਠਕ ਬਾਰੇ ਜਾਣਕਾਰੀ ਦਿੰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਚੋਣ ਪ੍ਰਚਾਰ ਅਤੇ ਬਾਕੀ ਬਚਦੇ ਉਮੀਦਵਾਰਾਂ ਦੇ ਨਾਵਾਂ ਉੱਤੇ ਚਰਚਾ ਹੋਈ। ਚੋਣ ਪ੍ਰਚਾਰ ਦੀ ਰਣਨੀਤੀ ਅਤੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਚੋਣ ਪ੍ਰਚਾਰ ਦੌਰਿਆਂ ਬਾਰੇ ਵੀ ਵਿਚਾਰਾਂ ਹੋਈਆਂ। ਭਗਵੰਤ ਮਾਨ ਨੇ ਦੱਸਿਆ ਕਿ ਲੁਧਿਆਣਾ, ਖਡੂਰ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਅੰਤਿਮ ਦੌਰ ਵਿੱਚ ਪਹੁੰਚ ਗਈ ਹੈ, ਛੇਤੀ ਹੀ ਐਲਾਨ ਕਰ ਦਿੱਤੇ ਜਾਣਗੇ।
ਇੱਕ ਸਵਾਲ ਦੇ ਜਵਾਬ ਵਿਚ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੰਜਾਬ ਦੀਆਂ 10 ਸੀਟਾਂ ਉੱਤੇ ਉਮੀਦਵਾਰ ਐਲਾਨ ਦਿੱਤੇ ਹਨ ਅਤੇ ਹੁਣ ਕੋਈ ਵੀ ਉਮੀਦਵਾਰ ਬਦਲਿਆ ਨਹੀਂ ਜਾਵੇਗਾ।
ਬੈਠਕ ਵਿੱਚ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਤੋਂ ਇਲਾਵਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕੰਪੇਨ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਅਮਨ ਅਰੋੜਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋਫੈਸਰ ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਕੋਰ ਕਮੇਟੀ ਮੈਂਬਰ ਡਾ. ਬਲਬੀਰ ਸਿੰਘ, ਗੁਰਦਿੱਤ ਸਿੰਘ ਸੇਖੋਂ, ਦਲਬੀਰ ਸਿੰਘ ਢਿੱਲੋਂ, ਸੁਖਵਿੰਦਰਪਾਲ ਸੁੱਖੀ ਅਤੇ ਮਨਜੀਤ ਸਿੰਘ ਸਿੱਧੂ (ਸਟੇਟ ਮੀਡੀਆ ਇੰਚਾਰਜ) ਮੌਜੂਦ ਸਨ।