• Home
  • ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਅਮਰੀਕੀ ਸੰਸਥਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ’ਤੇ ਪਾਬੰਦੀ ਲਈ ਅਮਰੀਕੀ ਸੰਸਥਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਪ੍ਰਮਾਣ ਪੱਤਰ

ਅੰਮ੍ਰਿਤਸਰ, 5 ਜਨਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਲਾਸਟਿਕ ਦੇ ਲਿਫਾਫਿਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਕਰਕੇ ਆਈ.ਐਚ.ਏ. ਫਾਊਂਡੇਸ਼ਨ ਅਤੇ ਅਰਥ ਡੇ ਨੈਟਵਰਕ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦਿੱਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਹ ਪ੍ਰਮਾਣ ਪੱਤਰ ਆਈ.ਐਚ.ਏ. ਫਾਊਂਡੇਸ਼ਨ ਦੇ ਚੇਅਰਮੈਨ ਡਾ. ਸਤਨਾਮ ਸਿੰਘ ਆਹਲੂਵਾਲੀਆ, ਅਰਥ ਡੇ ਨੈਟਵਰਕ ਅਮਰੀਕਾ ਦੇ ਮੈਡਮ ਕੈਥਲੀਨ ਰੋਜਰਸ ਅਤੇ ਭਾਰਤ ਦੀ ਨਿਰਦੇਸ਼ਕ ਸ੍ਰੀਮਤੀ ਕਰੁਣਾ ਸਿੰਘ ਨੇ ਦਿੱਤਾ। ਇਹ ਪ੍ਰਮਾਣ ਪੱਤਰ ਪਲਾਸਟਿਕ ’ਤੇ ਪਾਬੰਦੀ ਵਾਲੇ ਪਹਿਲੇ ਧਾਰਮਿਕ ਅਸਥਾਨ ਦੇ ਸਨਮਾਨ ਵਜੋਂ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ’ਤੇ 1 ਅਪ੍ਰੈਲ 2018 ਨੂੰ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਇਸ ਦੀ ਜਗ੍ਹਾ ਗਲਣਸ਼ੀਲ ਲਿਫਾਫੇ ਲਾਗੂ ਕੀਤੇ ਗਏ ਹਨ। ਅਰਥ ਡੇ ਨੈਟਵਰਕ ਅਮੀਰਕਾ ਦੀ ਪ੍ਰਤੀਨਿਧ ਕੈਥਲੀਨ ਰੋਜਰਸ ਨੇ ਇਸ ਮੌਕੇ ਗੱਲਬਾਤ ਦੌਰਾਨ ਕਿਹਾ ਕਿ ਧਾਰਮਿਕ ਅਸਥਾਨਾਂ ਵਿੱਚੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਜਿਹੇ ਪਾਵਨ ਅਸਥਾਨ ਹਨ, ਜਿਥੇ ਪਲਾਸਟਿਕ ਦੀ ਵਰਤੋਂ ਮੋਹਰੀ ਤੌਰ ’ਤੇ ਬੰਦ ਕੀਤੀ ਗਈ ਹੈ। ਇਸ ਪਹਿਲਕਦਮੀ ਨੇ ਭਾਰਤ ਅਤੇ ਦੁਨੀਆਂ ਭਰ ਵਿਚ ਇਕ ਵੱਡੀ ਜਾਗਰੂਕਤਾ ਪੈਦਾ ਕੀਤੀ ਹੈ, ਕਿਉਂਕਿ ਇਥੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਪੁੱਜਦੀ ਹੈ ਅਤੇ ਪ੍ਰੇਰਣਾ ਪ੍ਰਾਪਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਅਰਥ ਡੇ ਨੈਟਵਰਕ ਅਤੇ ਆਈ.ਐਚ.ਏ. ਇਕ ਗੈਰ ਸਰਕਾਰੀ ਸੰਸਥਾ ਵਜੋਂ 1970 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ 196 ਦੇਸ਼ਾਂ ਵਿਚ 50 ਹਜ਼ਾਰ ਤੋਂ ਵੱਧ ਸੰਗਠਨਾਂ ਦਾ ਹਿੱਸੇਦਾਰ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਅਰਥ ਡੇ ਨੈਟਵਰਕ ਅਤੇ ਆਈ.ਐਚ.ਏ. ਫਾਊਂਡੇਸ਼ਨ ਦੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਉਥੇ ਹੀ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵਾਤਾਵਰਣ ਦੀ ਸ਼ੁਧਤਾ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸੇ ਤਹਿਤ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੋਰਨਾਂ ਗੁਰੂ-ਘਰਾਂ ਵਿਚ ਵੀ ਲਾਗੂ ਕੀਤੀ ਜਾ ਰਹੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਵਿਚ ਵਰਟੀਕਲ ਗਾਰਡਨ ਵੀ ਤਿਆਰ ਕੀਤਾ ਹੈ, ਜਿਸ ਲਈ ਪਲਾਸਟਿਕ ਦੀਆਂ ਖ਼ਾਲੀ ਬੋਤਲਾਂ ਦੀ ਵੱਡੀ ਪੱਧਰ ’ਤੇ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖ਼ਾਲੀ ਬੋਤਲਾਂ ਨਾਲ ਫੈਲਣ ਵਾਲਾ ਪ੍ਰਦੂਸ਼ਣ ’ਤੇ ਵੀ ਕੰਟਰੋਲ ਹੋਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਦਫ਼ਤਰੀ ਗੱਡੀਆਂ ਵੀ ਕੰਪਲੈਕਸ ਤੋਂ ਬਾਹਰ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਣੀ ਰਹੇ। ਇਸ ਮੌਕੇ ਇਸ ਮੌਕੇ ਡਾ. ਸਤਨਾਮ ਸਿੰਘ ਆਹਲੂਵਾਲੀਆਂ, ਮੈਡਮ ਕੈਥਲੀਨ ਰੋਜਰਸ ਤੇ ਸ੍ਰੀਮਤੀ ਕਰੁਣਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ ਰੋਮੀ, ਸ. ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।