• Home
  • ਦਮਦਮੀ ਟਕਸਾਲ ਨੇ ਰਾਸ਼ਟਰਪਤੀ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ 550 ਸਾਲਾ ਪੁਰਬ ਤੇ ਰਿਹਾਅ ਕਰਨ ਲਈ ਲਿਖਿਆ ਪੱਤਰ

ਦਮਦਮੀ ਟਕਸਾਲ ਨੇ ਰਾਸ਼ਟਰਪਤੀ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ 550 ਸਾਲਾ ਪੁਰਬ ਤੇ ਰਿਹਾਅ ਕਰਨ ਲਈ ਲਿਖਿਆ ਪੱਤਰ

ਅੰਮ੍ਰਿਤਸਰ, (ਖ਼ਬਰ ਵਾਲੇ ਬਿਊਰੋ): ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖ਼ੁਸ਼ੀ ਦੇ ਮੌਕੇ ਭਾਰਤ ਦੇ ਰਾਸ਼ਟਰਪਤੀ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ 20 ਸਿੱਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 72 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਿਹਾਅ ਕਰਨ ਲਈ  ਅਪੀਲ ਕੀਤੀ ਹੈ।ਤੇ ਨਾਲ ਹੀ ਉਨਾਂ ਬੁੜੈਲ ਜੇਲ ਵਿਚ ਕੈਦ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਉਸ ਦੀ ਨਾਜ਼ੁਕ ਹਾਲਤ 'ਚ ਵਿਚਰ ਰਹੀ ਬਿਰਧ ਮਾਤਾ ਦੀ ਮਿਲਣ ਦੀ ਇੱਛਾ ਪੂਰੀ ਕਰਨ ਲਈ ਤੁਰੰਤ ਕਸਟਡੀ ਪੈਰੋਲ ਦੇਣ ਦੀ ਵੀ ਮੰਗ ਕੀਤੀ ਹੈ।

ਦਮਦਮੀ ਟਕਸਾਲ ਦੇ ਮੁਖੀ ਨੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਲਿਖੇ ਗਏ ਮੰਗ ਪੱਤਰ ਵਿਚ ਕਿਹਾ ਕਿ ਸਿੱਖ ਕੌਮ ਨੇ ਭਾਰਤ ਦੀ ਆਜ਼ਾਦੀ ਲਈ ਅਹਿਮ ਕੁਰਬਾਨੀਆਂ ਕੀਤੀਆਂ ਹਨ, ਇਹ ਕੌਮ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਸਰਬੱਤ ਦੇ ਭਲੇ ਵਾਲੇ ਰਾਹ 'ਤੇ ਚਲ ਕੇ ਮਨੁੱਖਤਾ ਦੀ ਸੇਵਾ ਨੂੰ ਸਮਰਪਤ ਹੈ।।ਉਨਾਂ ਕਿਹਾ ਹੈ ਕਿ ਸਿੱਖ ਕੌਮ ਗੁਰੂ ਨਾਨਕ ਸਾਹਿਬ ਦਾ 550ਵੀਂ ਪ੍ਰਕਾਸ਼ ਗੁਰਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਤਤਪਰ ਹੋ ਕੇ ਤਿਆਰੀਆਂ 'ਚ ਜੁਟੀ ਹੋਈ ਹੈ।। ਅਜਿਹੀ ਖ਼ੁਸ਼ੀ ਦੇ ਮੌਕੇ ਵੱਖ ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁਕੇ ਪਰ ਦੇਸ਼ ਦੇ ਵੱਖ ਵੱਖ ਜੇਲਾਂ 'ਚ ਕੈਦ 20 ਸਿੱਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 72 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਿਹਾਅ ਕੀਤਾ ਜਾਵੇ।

ਭੇਜੀ ਗਈ ਲਿਸਟ ਵਿਚ ਭਾਈ ਲਾਲ ਸਿੰਘ ਵਾਸੀ ਅਕਾਲਗੜ, ਭਾਈ ਦਿਲਬਾਗ ਸਿੰਘ ਵਾਸੀ ਅਟਲਾਨ, ਪ੍ਰੋ: ਦਵਿੰਦਰਪਾਲ ਸਿੰਘ ਭੁਲਰ, ਭਾਈ ਗੁਰਦੀਪ ਸਿੰਘ ਖਹਿਰਾ, ਭਾਈ ਦਿਆ ਸਿੰਘ ਲਾਹੌਰੀਆ, ਲਖਵਿੰਦਰ ਸਿੰਘ ਲਖਾ ਵਾਸੀ ਕਨਸਾਲ, ਭਾਈ ਗੁਰਮੀਤ ਸਿੰਘ ਮੀਤਾ, ਭਾਈ ਸ਼ਮਸ਼ੇਰ ਸਿੰਘ ਉਕਾਸੀ ਜਟਾਂ,ਭਾਈ ਪ੍ਰਮਜੀਤ ਸਿੰਘ ਭਿਓਰਾ,  ਭਾਈ ਸੁਬੇਗ ਸਿੰਘ ਸਰੂਨ, ਭਾਈ ਨੰਦ ਸਿੰਘ ਸਰੂਨ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਹਰਨੇਕ ਸਿੰਘ ਭੱਪ, ਭਾÂ. ਜਗਤਾਰ ਸਿੰਘ ਤਾਰਾ, ਭਾਈ ਸੁਰਿੰਦਰ ਸਿੰਘ ਛਿੰਦਾ, ਭਾਈ ਸਤਨਾਮ ਸਿੰਘ ਅਰਕਪੁਰ ਖਾਲਸਾ, ਭਾਈ ਦਿਆਲ ਸਿੰਘ ਰਸੂਲਪੁਰ, ਭਾਈ ਸੁਚਾ ਸਿੰਘ ਰਸੂਲਪੁਰ ਅਤੇ ਭਾਈ ਬਲਬੀਰ ਸਿੰਘ ਬੀਰਾ ਸ਼ਾਮਲ ਹਨ।