• Home
  • ਡਿਪਟੀ ਕਮਿਸ਼ਨਰ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਜ਼ਿਲ੍ਹੇ ਦੀ ਸੰਵੇਦਨਸ਼ੀਲ ਮੈਪਿੰਗ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਜ਼ਿਲ੍ਹੇ ਦੀ ਸੰਵੇਦਨਸ਼ੀਲ ਮੈਪਿੰਗ ਕਰਨ ਦੇ ਨਿਰਦੇਸ਼

ਫ਼ਾਜ਼ਿਲਕਾ, 19 ਮਾਰਚ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਅੱਜ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਜ਼ਿਲ੍ਹੇ ਦੀ ਸੰਵੇਦਨਸ਼ੀਲ ਮੈਪਿੰਗ ਦਾ ਕਾਰਜ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਮੀਟਿੰਗ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ. ਦੀਪਕ ਹਿਲੋਰੀ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਵੇਦਨਸ਼ੀਲ ਮੈਪਿੰਗ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਅਧਿਕਾਰੀ ਖੇਤਰਾਂ ਦਾ ਦੌਰਾ ਕਰਨ ਉਪਰੰਤ ਰਿਪੋਰਟ ਸਾਵਧਾਨੀ ਅਤੇ ਯੋਜਨਾਬੱਧ ਤਰੀਕੇ ਨਾਲ ਤਿਆਰ ਕਰਨ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕੀਤੀ ਜਾਵੇ।ਇਸ ਦੌਰਾਨ ਸ. ਛੱਤਵਾਲ ਨੇ ਦੱਸਿਆ ਕਿ 31 ਜਨਵਰੀ, 2019 ਦੀ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 7 ਲੱਖ 11 ਹਜ਼ਾਰ 435 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 3 ਲੱਖ 78 ਹਜ਼ਾਰ 10 ਮਰਦ ਅਤੇ 3 ਲੱਖ 33 ਹਜ਼ਾਰ 407 ਮਹਿਲਾ ਜਦਕਿ 18 ਟ੍ਰਾਂਸਜੈਂਡਰ ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਖ਼ਾਸ ਤੌਰ 'ਤੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਥਾਵਾਂ 'ਤੇ ਦੇਸ਼ ਦੀ ਸੇਵਾ ਕਰ ਰਹੇ 1863 ਜਵਾਨ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਭੁਗਤਾਉਣਗੇੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨੂੰ 483 ਥਾਵਾਂ 'ਤੇ 782 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 601 ਦਿਹਾਤੀ ਤੇ 181 ਸ਼ਹਿਰੀ ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਲਈ ਪਿਛਲੇ ਹਾਲਾਤ ਦੇ ਸਨਮੁਖ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸਾਂਝੇ ਤੌਰ 'ਤੇ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਫ਼ਸਰ ਜ਼ਮੀਨੀ ਪੱਧਰ 'ਤੇ ਆਪਸੀ ਤਾਲਮੇਲ ਨਾਲ ਯਤਨ ਕਰਨ ਤਾਂ ਜੋ ਚੋਣਾਂ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਧਾਰਣਾ ਨੂੰ ਮਜ਼ਬੂਤ ਕਰਨ ਲਈ ਸੰਵੇਦਨਸ਼ੀਲ ਖੇਤਰਾਂ 'ਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਜਾਵੇ।