• Home
  • ਚੋਣਾਂ ਤੋਂ ਪਹਿਲਾਂ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ ਕੈਪਟਨ ਸਰਕਾਰ:-ਪਰਨੀਤ ਕੌਰ

ਚੋਣਾਂ ਤੋਂ ਪਹਿਲਾਂ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ ਕੈਪਟਨ ਸਰਕਾਰ:-ਪਰਨੀਤ ਕੌਰ

ਪਟਿਆਲਾ, 1 ਮਈ -ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਪਰਨੀਤ ਕੌਰ ਨੇ ਕਿਹਾ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।

ਪਰਨੀਤ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਮੁੜ ਪਟਿਆਲਾ ਲੋਕ ਸਭਾ ਹਲਕੇ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਦਿਆਂ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਲੋਕ ਭਲਾਈ ਦੇ ਅਹਿਮ ਫੈਸਲੇ ਲਏ ਅਤੇ ਇਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।

ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਪਰਨੀਤ ਕੌਰ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦਾ ਲੱਕ ਤੋੜਿਆ, ਘਰ-ਘਰ ਰੁਜ਼ਗਾਰ ਸਕੀਮ ਸ਼ੁਰੂ ਕੀਤੀ, ਮੰਡੀਆਂ 'ਚ ਕਿਸਾਨਾਂ ਦੀ ਖੱਜਲ ਖੁਆਰੀ ਦੂਰ ਕੀਤੀ, ਕਿਸਾਨ ਕਰਜ਼ਾ ਰਾਹਤ ਸਕੀਮ ਲਿਆਂਦੀ, ਐਸ.ਸੀ., ਬੀ.ਸੀ ਤੇ ਖੇਤ ਮਜਦੂਰਾਂ ਦਾ ਕਰਜਾ ਮੁਆਫ਼ ਕੀਤਾ, ਪੰਜਾਬ 'ਚ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ, ਵਪਾਰੀਆਂ ਅਤੇ ਉਦਯੋਗਾਂ ਨੂੰ ਮੁੜ ਤੋਂ ਪੈਰਾਂ ਸਿਰ ਕੀਤਾ, ਸੂਬੇ 'ਚ ਉਦਯੋਗ ਸਥਾਪਤੀ ਤੇ ਨਿਵੇਸ਼ ਲਿਆਉਣ ਦੀ ਲਹਿਰ ਚਲਾਈ ਗੱਲ ਕੀ ਹਰ ਵਰਗ ਦੀ ਭਲਾਈ ਦਾ ਖਿਆਲ ਕਰਦਿਆਂ ਵੱਡੇ ਕਦਮ ਚੁੱਕੇ।

ਪਰਨੀਤ ਕੌਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਕੇ ਆਪਣਾ ਉਲੂ ਸਿੱਧਾ ਕਰਨ ਦੀਆਂ ਤਰਕੀਬਾਂ ਘੜਕੇ ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ ਪਰੰਤੂ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਪਿਛਲੇ 10 ਸਾਲਾਂ 'ਚ ਅਕਾਲੀ ਭਾਜਪਾ ਸਰਕਾਰ ਵੱਲੋਂ ਬਰਬਾਦ ਕੀਤੇ ਸੋਨੇ ਦੀ ਚਿੜੀ ਪੰਜਾਬ ਨੂੰ ਕੈਪਟਨ ਸਰਕਾਰ ਵੱਲੋਂ ਮੁੜ ਤੋਂ ਲੀਹਾਂ 'ਤੇ ਲਿਆਂਦਾ ਜਾ ਰਿਹਾ ਹੈ।

ਪਰਨੀਤ ਕੌਰ ਨੇ ਪੰਜਾਬ ਦੇ ਸੂਝਵਾਨ ਲੋਕਾਂ 'ਚ ਆਪਣਾ ਵਿਸ਼ਵਾਸ਼ ਜਤਾਉਂਦਿਆਂ ਕਿਹਾ ਕਿ ਲੋਕ ਕੈਪਟਨ ਸਰਕਾਰ ਦੀਆਂ ਲੋਕ ਭਲਾਈ ਅਤੇ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨ ਦੀਆਂ ਸਕੀਮਾਂ 'ਤੇ ਮੋਹਰ ਲਾ ਕੇ ਸੂਬੇ ਦੀਆਂ 13-13 ਸੀਟਾਂ 'ਤੇ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਵਾਉਣਗੇ ਅਤੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੇਂਦਰ ਵਿੱਚ ਵੀ ਕਾਂਗਰਸ ਆਪਣੀ ਸਰਕਾਰ ਬਣਾਏਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ ਮਾਨਸ਼ਾਹੀਆ, ਮਦਨ ਭਾਰਦਵਾਜ, ਬਲਵਿੰਦਰ, ਸੰਦੀਪ ਸ਼ਰਮਾ ਆਦਿ ਹਾਜਰ ਸਨ।