• Home
  • ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਵੋ-ਮੁੱਖ ਮੰਤਰੀ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਵੋ-ਮੁੱਖ ਮੰਤਰੀ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਆਪਣੀ ਬੇਨਤੀ ਮੁੜ ਦੁਹਰਾਈ ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਮੁਆਵਜ਼ਾ ਸਿਰਫ਼ ਉਨਾਂ ਕਿਸਾਨਾਂ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ ਜੋ ਪਰਾਲੀ ਨੂੰ ਨਹੀਂ ਸਾੜਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਰਾਲੀ ਨੂੰ ਬਿਲਕੁਲ ਵੀ ਨਾ ਸਾੜਨ ਦਾ ਟੀਚਾ ਪ੍ਰਾਪਤ ਕਰਨਾ ਨਾ ਕੇਵਲ ਇਕ ਬਹੁਤ ਵੱਡਾ ਕਾਰਜ ਹੈ ਸਗੋਂ ਇਹ ਕਿਸਾਨਾਂ ਦੇ ਉੱਤੇ ਵਾਧੂ ਵਿੱਤੀ ਬੋਝ ਵੀ ਪਾਉਂਦਾ ਹੈ। ਉਨਾਂ ਕਿਹਾ ਕਿ ਸਖ਼ਤ ਕਦਮ ਚੁੱਕੇ ਜਾਣ ਦੇ ਬਾਵਜੂਦ ਸੂਬੇ ਵਿੱਚ ਸਾਲਾਨਾ ਤਕਰੀਬਨ 15 ਮਿਲੀਅਨ ਟਨ ਪਰਾਲੀ ਸਾੜੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੀਆਂ ਮਸ਼ੀਨਾਂ ਨਾਲ ਕਿਸਾਨਾਂ 'ਤੇ ਪ੍ਰਤੀ ਏਕੜ 2500 ਰੁਪਏ ਤੋਂ ਲੈ ਕੇ 3000 ਰੁਪਏ ਤੱਕ ਦਾ ਵਾਧੂ ਬੋਝ ਪੈ ਰਿਹਾ ਹੈ ਜਿਸ ਨੂੰ ਸੂਬਾ ਚੁੱਕਣ ਦੇ ਸਮਰਥ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਕੇਂਦਰ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਣ ਨਾਲ ਪੈਂਦੇ ਖਤਰਨਾਕ ਪ੍ਰਭਾਵ ਜਾਣੇ ਪਛਾਣੇ ਹਨ ਅਤੇ ਇਨਾਂ ਦੁਹਰਾਉਣ ਦੀ ਜ਼ਰੂਰਤ ਨਹੀਂ ਹੈ। ਉਨਾਂ ਕਿਹਾ ਕਿ ਇਸ ਸਮੱਸਿਆ ਨਾਲ ਨਿਪਟਣ ਲਈ ਸੂਬਾ ਸਰਕਾਰ ਬਹੁਤ ਜ਼ਿਆਦਾ ਗੰਭੀਰ ਹੈ ਅਤੇ ਇਸ ਨੇ ਪਰਾਲੀ ਸਾੜਣ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।।