• Home
  • ਸਾਕਾ ਜ਼ਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਸਾਕਾ ਜ਼ਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਅੰਮ੍ਰਿਤਸਰ, 13 ਅਪ੍ਰੈਲ-13 ਅਪ੍ਰੈਲ 1919 ਨੂੰ ਜ਼ਲ੍ਹਿਆਂਵਾਲੇ ਬਾਗ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਮੁੱਚੇ ਸਟਾਫ਼ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸਮਾਗਮ ਜ਼ਲ੍ਹਿਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਾਵਨ ਹੁਕਮਨਾਮਾ ਸੰਗਤ ਨੂੰ ਸਰਵਣ ਕਰਵਾਇਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜ਼ਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਲਈ ਬਰਤਾਨੀਆ ਸਰਕਾਰ ਪਾਸੋਂ ਮੁਆਫ਼ੀ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ। ਭਾਈ ਲੌਂਗੋਵਾਲ ਨੇ ਆਖਿਆ ਸੀ ਕਿ ਇਹ ਖੂਨੀ ਸਾਕਾ ਮਨੁੱਖੀ ਕਦਰਾਂ ਕੀਮਤਾਂ ਦੇ ਵਿਰੁੱਧ ਇਕ ਸ਼ਰਮਨਾਮ ਕਾਰਾ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮਨੁੱਖਤਾ ਮਾਰੂ ਕਾਰੇ ਲਈ ਬਰਤਾਨੀਆ ਸਰਕਾਰ ਨੂੰ ਸੰਸਦ ਵਿਚ ਮੁਆਫ਼ੀ ਮੰਗਣੀ ਚਾਹੀਦੀ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਨਿਸ਼ਾਨ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ ਤੇ ਸ. ਇਕਬਾਲ ਸਿੰਘ ਮੁਖੀ ਵਧੀਕ ਮੈਨੇਜਰ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।