• Home
  • ਬਾਬਾ ਸਾਹਿਬ ਦੇ ਸੰਘਰਸ਼ ਦੀ ਬਦੌਲਤ ਮਿਲੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਲੋਕ : ਸਾਕਸ਼ੀ ਸਾਹਨੀ

ਬਾਬਾ ਸਾਹਿਬ ਦੇ ਸੰਘਰਸ਼ ਦੀ ਬਦੌਲਤ ਮਿਲੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਲੋਕ : ਸਾਕਸ਼ੀ ਸਾਹਨੀ

ਐਸ . ਏ. ਐਸ.ਨਗਰ, 14 ਅਪ੍ਰੈਲ  ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਭਾਰਤ ਰਤਨ ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (4) ਸ੍ਰੀਮਤੀ ਸਾਕਸ਼ੀ ਸਾਹਨੀ ਪੁੱਜੇ। ਉਨ੍ਹਾਂ ਬਾਬਾ ਸਾਹਿਬ ਵੱਲੋਂ ਔਰਤਾਂ ਅਤੇ ਦਲਿਤਾਂ ਨੂੰ ਬਰਾਬਰ ਅਧਿਕਾਰ ਦਿਵਾਉਣ ਲਈ ਵਿੱਢੇ ਸੰਘਰਸ਼ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸੰਘਰਸ਼ ਸਦਕਾ ਹੀ ਅੱਜ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਹਾਸਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਜਾਤੀਵਾਦ ਦੇ ਬੰਧਨਾਂ ਨੂੰ ਤੋੜ ਕੇ ਬਰਾਬਰੀ ਦਾ ਸਮਾਜ ਸਿਰਜਣ ਦੀ ਬੇਹੱਦ ਲੋੜ ਹੈ ਅਤੇ ਇਹ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਬਾਬਾ ਸਾਹਿਬ ਦੇ ਸੰਘਰਸ਼ ਦੀ ਬਦੌਲਤ ਮਿਲੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।   ਇਸ ਮੌਕੇ ਐਸ. ਡੀ. ਐਮ ਐਸ. ਏ. ਐਸ. ਨਗਰ ਸ੍ਰੀ ਜਗਦੀਪ ਸਹਿਗਲ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇ ਖਾਸ ਪਹਿਲੂਆਂ ਤੋਂ ਲੈ ਕੇ ਬਾਬਾ ਸਾਹਿਬ ਦੇ ਬਰਾਬਰੀ ਦੇ ਸਿਧਾਂਤ ਲਈ ਲੜੇ ਸੰਘਰਸ਼ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦ ਦੌਰ ਵਿੱਚ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਬੇਹੱਦ ਲੋੜ ਹੈ ਕਿਉਂਕਿ ਅੱਜ ਵੀ ਜਦੋਂ ਮੈਂ ਅਖਬਾਰਾਂ ਵਿੱਚ ਵਿਆਹ ਸਬੰਧੀ ਇਸ਼ਤਿਹਾਰ ਦੇਣ ਵੇਲੇ ਜਾਤ ਨੂੰ ਤਰਜ਼ੀਹ ਦੇਣ ਬਾਰੇ ਦੇਖਦਾ ਹਾਂ ਤਾਂ ਮੈਨੂੰ ਬਹੁਤ ਦੁੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਅੰਤਰਜਾਤੀ ਵਿਆਹ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਸਹਾਇਕ ਕਮਿਸ਼ਨਰ  ਸ੍ਰੀ ਯਸਪਾਲ ਸ਼ਰਮਾ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੁਖਸਾਗਰ ਸਿੰਘ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ, ਤਹਿਸੀਲਦਾਰ ਸ੍ਰੀਮਤੀ ਸੁਖਪਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ  ਸ੍ਰੀਮਤੀ ਗੁਰਪ੍ਰੀਤ ਕੌਰ ਵੱਲੋਂ ਬਾਬਾ ਸਾਹਿਬ ਦੀ ਤਸਵੀਰ 'ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।ਕੈਪਸ਼ਨ : ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ 128ਵੇਂ ਜਨਮ ਦਿਵਸ ਮੌਕੇ ਸਤਿਕਾਰ ਭੇਟ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ। ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (4) ਸ੍ਰੀ ਯਸਪਾਲ ਸ਼ਰਮਾ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੁਖਸਾਗਰ ਸਿੰਘ ਅਤੇ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਵੀ ਦਿਖਾਈ ਦੇ ਰਹੇ ਹਨ।