• Home
  • ਝੋਨੇ ਦੀ ਥਾਂ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 23,500 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ ਮਿਲੇਗੀ

ਝੋਨੇ ਦੀ ਥਾਂ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 23,500 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ ਮਿਲੇਗੀ

ਪਟਿਆਲਾ, 13 ਜੂਨ:
ਪੰਜਾਬ ਸਰਕਾਰ ਵੱਲੋਂ ਸੂਬੇ 'ਚ ਫਸਲੀ ਵਿਭਿੰਨਤਾ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਫਸਲੀ ਵਿਭਿੰਨਤਾ ਸਕੀਮ ਰਾਹੀ ਪਟਿਆਲਾ ਜ਼ਿਲ੍ਹੇ ਦੇ 6 ਹਜ਼ਾਰ ਹੈਕਟੇਅਰ ਰਕਬੇ ਨੂੰ ਮੱਕੀ ਹੇਠ ਲਿਆਉਣ ਲਈ ਕਿਸਾਨਾਂ ਨੂੰ ਇਸ ਸਕੀਮ ਤਹਿਤ ਖੇਤੀਬਾੜੀ ਇਨਪੁਟਸ (ਬੀਜ ਦੀ ਸਬਸਿਡੀ, ਖਾਦਾਂ, ਦਵਾਈਆਂ) ਦਿੱਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾ. ਅਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਰਾਜਪੁਰਾ ਅਤੇ ਘਨੌਰ ਵਿਚ 200 ਹੈਕਟੇਅਰ ਰਕਬੇ ਲਈ ਕਿਸਾਨਾਂ ਨੂੰ ਕਲੱਸਟਰ ਪ੍ਰਦਰਸ਼ਨੀਆਂ ਲਈ 5000 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ 400 ਹੈਕਟੇਅਰ ਲਈ ਨਬਾਰਡ ਸਕੀਮ ਤਹਿਤ ਝੋਨੇ ਹੇਠੋਂ ਰਕਬਾ ਘਟਾਉਣ ਅਤੇ ਮੱਕੀ ਹੇਠ ਰਕਬਾ ਲਿਆਉਣ ਵਾਲੇ ਬਲਾਕ ਭੁਨਰਹੇੜੀ, ਸਨੌਰ ਅਤੇ ਪਟਿਆਲਾ ਦੇ ਕਿਸਾਨਾਂ ਨੂੰ 23,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਕੰਪਨੀਆਂ ਵੱਲੋਂ ਮੱਕੀ ਦਾ ਬੀਜ ਸਪਲਾਈ ਕੀਤਾ ਜਾ ਰਿਹਾ ਜਿਸ ਉੱਪਰ ਸਰਕਾਰ ਵੱਲੋਂ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧ ਵਿਚ ਜਿਲ੍ਹੇ ਦੇ ਸਮੂਹ ਬਲਾਕਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੱਕੀ ਹੇਠ ਰਕਬਾ ਵਧਾਉਣ ਲਈ ਟੀਚਾ ਵੰਡ ਦਿੱਤਾ ਗਿਆ ਹੈ।