• Home
  • ਪਟਿਆਲਾ ਪੁਲਿਸ ਵੱਲੋਂ 30 ਗੈਰ ਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ਼

ਪਟਿਆਲਾ ਪੁਲਿਸ ਵੱਲੋਂ 30 ਗੈਰ ਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ਼

ਵਿਦੇਸ਼ ਭੇਜਣ ਦੇ ਨਾਂ 'ਤੇ ਵੱਖ-ਵੱਖ ਲੋਕਾਂ ਨਾਲ ਕੀਤੀ ਸੀ 2 ਕਰੋੜ 92 ਲੱਖ ਰੁਪਏ ਦੀ ਠੱਗੀ

ਪਟਿਆਲਾ,(ਖ਼ਬਰ ਵਾਲੇ ਬਿਊਰੋ)- ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੈਰਕਾਨੂੰਨੀ ਟਰੈਵਲ ਏਜੰਟਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਸ ਵਰ੍ਹੇ 13 ਜੁਲਾਈ 2018 ਤੋਂ ਲੈਕੇ 31 ਅਗਸਤ 2018 ਤੱਕ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਥਾਣਿਆਂ ਵਿੱਚ ਗੈਰਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ ਪੰਜਾਬ ਪ੍ਰੀਵੈਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2018 ਤਹਿਤ ਕੁੱਲ 30 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਹਨ।

ਸ. ਸਿੱਧੂ ਨੇ ਅੱਗੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਕਈ ਵਿਅਕਤੀਆਂ ਵੱਲੋਂ ਸ਼ਿਕਾਇਤਾਂ ਮਿਲੀਆਂ ਹੋਈਆ ਸਨ ਕਿ ਉਨ੍ਹਾਂ ਨਾਲ ਵੱਖ-ਵੱਖ ਗੈਰਕਾਨੂੰਨੀ ਟਰੈਵਲ ਏਜੰਟਾਂ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਵੱਖ-ਵੱਖ ਅਫ਼ਸਰਾਂ ਵੱਲੋਂ ਕੀਤੀਆਂ ਗਈਆਂ ਪੜਤਾਲਾਂ ਤੋਂ ਪਾਇਆ ਗਿਆ ਕਿ ਇਨ੍ਹਾਂ ਗੈਰਕਾਨੂੰਨੀ ਏਜੰਟਾਂ ਨੇ ਉਕਤ 30 ਕੇਸਾਂ ਵਿੱਚ ਵਿਦੇਸ਼ ਭੇਜਣ ਦਾ ਝਾਂਸਾ ਦੇਕੇ ਵੱਖ-ਵੱਖ ਲੋਕਾਂ ਨਾਲ ਕੁੱਲ 2 ਕਰੋੜ 92 ਲੱਖ 48 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਿਨ੍ਹਾਂ ਦੀਆਂ ਪੜਤਾਲੀਆਂ ਰਿਪੋਰਟਾਂ 'ਤੇ ਕਾਰਵਾਈ ਕਰਦਿਆਂ ਗੈਰਕਾਨੂੰਨੀ ਟਰੈਵਲ ਏਜੰਟਾਂ ਦੇ ਖ਼ਿਲਾਫ਼ ਉਕਤ ਧਾਰਾਵਾਂ ਅਧੀਨ ਕੁੱਲ 30 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਹਨ।

ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਸਬੰਧਤ ਤਫ਼ਤੀਸ਼ੀ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਮੁਕੱਦਮਿਆਂ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਇਨ੍ਹਾਂ ਵੱਲੋਂ ਕੀਤੇ ਗਏ ਫਰਾਡ ਦੀ ਰਕਮ ਬਰਾਮਦ ਕਰਵਾਈ ਜਾਵੇ ਅਤੇ ਇਨ੍ਹਾਂ ਦੇ ਖ਼ਿਲਾਫ਼ ਤਫ਼ਤੀਸ਼ ਮੁਕੰਮਲ ਕਰਕੇ ਜਲਦੀ ਚਲਾਨ ਪੇਸ਼ ਅਦਾਲਤ ਕੀਤਾ ਜਾਵੇ। ਸ. ਸਿੱਧੂ ਨੇ ਕਿਹਾ ਕਿ ਜੋ ਗੈਰਕਾਨੂੰਨੀ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਭੇਜਣ ਦਾ ਝਾਂਸਾ ਦੇਕੇ ਠੱਗਦੇ ਹਨ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।