• Home
  • ਪੰਜਾਬ ਖੇਤੀਬਾੜੀ ‘ਵਰਸਿਟੀ ਵਲੋਂ ਬਠਿੰਡਾ ਵਿਖੇ ਕਿਸਾਨ ਮੇਲਾ 1 ਮਾਰਚ ਨੂੰ

ਪੰਜਾਬ ਖੇਤੀਬਾੜੀ ‘ਵਰਸਿਟੀ ਵਲੋਂ ਬਠਿੰਡਾ ਵਿਖੇ ਕਿਸਾਨ ਮੇਲਾ 1 ਮਾਰਚ ਨੂੰ

ਬਠਿੰਡਾ, 22 ਫ਼ਰਵਰੀ: ਡਾ. ਪਰਮਜੀਤ ਸਿੰਘ ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਦੀ ਪ੍ਰਧਾਨਗੀ ਹੇਠ ਕਿਸਾਨ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਡੱਬਵਾਲੀ ਰੋਡ, ਬਠਿੰਡਾ ਵਿਖੇ ਕਿਸਾਨ ਮੇਲੇ ਦਾ ਆਯੋਜਨ 1 ਮਾਰਚ 2019 ਨੂੰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੇਲੇ ਦੀ ਪ੍ਰਧਾਨਗੀ ਡਾ. ਬਲਦੇਵ ਸਿੰਘ ਢਿੱਲੋਂ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ। 

ਉਨਾਂ ਕਿਸਾਨ ਮੇਲੇ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ''ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫ਼ਾ ਹੋਰ ਵਧਾਈਏ'', ਹੈ। ਉਨਾਂ ਕਿਹਾ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ਼, ਸਬਜ਼ੀਆਂ ਦੀਆਂ ਕਿੱਟਾ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਮੇਲੇ ਦੌਰਾਨ ਖ਼ਾਸ ਤੌਰ 'ਤੇ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਤ ਅਦਾਰਿਆਂ ਵਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ 'ਤੇ ਹੀ ਦਿੱਤੀ ਜਾਵੇਗੀ। 

ਇਸ ਤੋਂ ਇਲਾਵਾ ਮੇਲੇ ਵਿਚ ਵੱਖ-ਵੱਖ ਤਰਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸਬੰਧੀ ਨੁਮਾਇਸ਼ਾਂ ਵੀ ਲਗਾਈਆਂ ਜਾਣਗੀਆਂ ਅਤੇ ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ. ਪਰਮਜੀਤ ਸਿੰਘ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ ਕੇ ਹਿੱਸਾ ਲੈਣ।