• Home
  • ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ ਵਾਧਾ

ਚੰਡੀਗੜ•, :
ਪੰਜਾਬ ਸਰਕਾਰ ਦੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਸਤੇ ਫੰਡਾਂ ਦੀ ਵੰਡ 'ਚ 5500 ਕਰੋੜ ਰੁਪਏ ਤੱਕ ਵਾਧਾ ਕਰ ਦਿੱਤਾ। 
ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਅੱਜ ਦੁਪਹਿਰ ਸੂਬਾਈ ਦਿਹਾਤੀ ਵਿਕਾਸ ਬੋਰਡ ਦੀ 45ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਵਾਸਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਮੰਡੀ ਬੋਰਡ ਦੇ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਤਾਂ ਜੋ ਇਨ•ਾਂ ਨੂੰ ਸਮੇਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਸਬੰਧੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨ ਖੇਤੀ ਕਰਜ਼ਾ ਫੰਡਾਂ ਵਿੱਚ ਵਾਧਾ ਕੀਤੇ ਜਾਣ ਨਾਲ ਇਸ ਸਕੀਮ ਦਾ ਹੋਰ ਪ੍ਰਸਾਰ ਕਰਨ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਕਰਜ਼ੇ ਵਿੱਚ ਦੱਬੇ ਹੋਰ ਕਿਸਾਨਾਂ ਨੂੰ ਇਸ ਸਕੀਮ ਦੇ ਹੇਠ ਲਿਆਂਦਾ ਜਾ ਸਕੇਗਾ।
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਉਨ•ਾਂ ਦੀ ਸਰਕਾਰ ਸੂਬੇ ਦੇ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦੇਵੇਗੀ। ਉਨ•ਾਂ ਦੱਸਿਆ ਕਿ ਉਨ•ਾਂ ਦੀ ਸਰਕਾਰ ਕਰਜ਼ਾ ਮੁਆਫ਼ੀ ਸਕੀਮ ਦੇ ਹੇਠ ਬੇਜ਼ਮੀਨੇ ਕਿਸਾਨਾਂ ਨੂੰ ਵੀ ਲਿਆਉਣ ਲਈ ਪਹਿਲਾਂ ਹੀ ਯਤਨ ਕਰ ਰਹੀ ਹੈ। 
ਮੀਟਿੰਗ ਦੌਰਾਨ ਮੰਡੀ ਬੋਰਡ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੜਕਾਂ ਦੀ ਮੁਰੰਮਤ ਬਾਰੇ ਇਕ ਵਿਆਪਕ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਹੇਠ ਪਹਿਲੇ ਪੜਾਅ ਦੌਰਾਨ 15000 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਇਹ ਪੜਾਅ ਜੂਨ 2019 ਤੱਕ ਮੁਕੰਮਲ ਹੋ ਜਾਵੇਗਾ। 
ਦੂਜੇ ਪੜਾਅ ਦੌਰਾਨ ਦਿਹਾਤੀ ਸੰਪਰਕ ਸੜਕਾਂ ਦੀ ਮੁਰੰਮਤ ਸ਼ੁਰੂ ਕੀਤੀ ਜਾਵੇਗੀ। ਇਸ ਪੜਾਅ ਦੌਰਾਨ ਵੀ 15000 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਇਸ ਦੇ ਵਾਸਤੇ ਟੈਂਡਰ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ਸਾਲ ਫਰਵਰੀ ਵਿੱਚ ਕੰਮ ਅਲਾਟ ਕਰ ਦਿੱਤਾ ਜਾਵੇਗਾ ਜੋ ਜੂਨ 2020 ਤੱਕ ਮੁਕੰਮਲ ਹੋ ਜਾਵੇਗਾ।
ਮੀਟਿੰਗ ਵਿੱਚ ਹਾਜ਼ਰ ਹੋਰਨਾਂ 'ਚ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਦਿਹਾਤੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਸ਼ਾਮਲ ਸਨ।