• Home
  • ਉੱਤਰ ਪ੍ਰਦੇਸ਼ ’ਚ ਗੁਰਦੁਆਰਾ ਨਾਨਕਪੁਰੀ ਸੁਨਾਸਰਘਾਟ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਉੱਤਰ ਪ੍ਰਦੇਸ਼ ’ਚ ਗੁਰਦੁਆਰਾ ਨਾਨਕਪੁਰੀ ਸੁਨਾਸਰਘਾਟ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 7 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਸੂਬਿਆਂ ’ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਉੱਤਰ ਪ੍ਰਦੇਸ਼ ਵਿਖੇ ਵੀ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ। ਇਸ ਤਹਿਤ ਜ਼ਿਲ੍ਹਾ ਸ਼ਾਹਜਹਾਨਪੁਰ ’ਚ ਪੈਂਦੇ ਗੁਰਦੁਆਰਾ ਨਾਨਕਪੁਰੀ ਸੁਨਾਸਰਘਾਟ ਵਿਖੇ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਇਹ ਸਮਾਗਮ ਬਾਬਾ ਨਿਰਮਲ ਸਿੰਘ ਭੂਰੀ ਸਾਹਿਬ ਦੇ ਸਹਿਯੋਗ ਨਾਲ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਸਮੇਂ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਲਈ ਕਿਹਾ ਅਤੇ ਬਾਬਾ ਨਿਰਮਲ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਪਹੁੰਚੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਮੁੱਖ ਸ਼ਖ਼ਸ਼ੀਅਤਾਂ ਅਤੇ ਸਮਾਗਮ ਵਿਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਹੋਏ ਅੰਮ੍ਰਿਤ ਸੰਚਾਰ ਦੌਰਾਨ 60 ਪ੍ਰਾਣੀਆਂ ਨੇ ਅੰਮ੍ਰਿਤ-ਪਾਨ ਕੀਤਾ, ਜਿਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਕਕਾਰ ਦਿੱਤੇ ਗਏ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸਿੱਖ ਮਿਸ਼ਨ ਹਾਪੜ (ਯੂ.ਪੀ.) ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ, ਸਿੱਖ ਮਿਸ਼ਨ ਕਾਂਸੀਪੁਰ ਦੇ ਇੰਚਾਰਜ ਭਾਈ ਹਰਜਿੰਦਰ ਸਿੰਘ, ਬਾਬਾ ਨਿਰਮਲ ਸਿੰਘ ਭੂਰੀ ਸਾਹਿਬ, ਗੁਰਦੁਆਰਾ ਨਾਨਕਪੁਰੀ ਦੇ ਹੈੱਡ ਗ੍ਰੰਥੀ ਭਾਈ ਹਰਨੇਕ ਸਿੰਘ ਆਦਿ ਮੌਜੂਦ ਸਨ।