• Home
  • ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ -ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ ਆਖਿਆ -ਹੈਲਪ ਲਾਈਨ ਨੰਬਰ 1950 ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ -ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ ਆਖਿਆ -ਹੈਲਪ ਲਾਈਨ ਨੰਬਰ 1950 ਜਾਰੀ

ਨਵਾਂਸਹਿਰ, -ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਕਲ੍ਹ ਸ਼ਾਮ ਤਾਰੀਖਾਂ ਦਾ ਐਲਾਨ ਕਰ ਦੇਣ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ ਅਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ  ਬਣਾ ਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਆਈ.ਏ.ਐਸ. ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਨਾਲ ਸਬੰਧਤ ਪ੍ਰਤੀਨਿਧਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਮਤਦਾਨ 19 ਮਈ 2019 ਨੂੰ ਹੋਵੇਗਾ ਅਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਨਾਮਜ਼ਦਗੀਆਂ 22 ਅਪਰੈਲ ਤੋਂ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਕੋਲ ਭਰੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਲੋਕ ਸਬਾ ਹਲਕੇ ਸ੍ਰੀ ਆਨੰਦਪੁਰ ਸਾਹਿਬ ’ਚ ਪੈਂਦੇ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ’ਚ 483332 ਮਤਦਾਤਾ ਰਜਿਸਟਰ ਹੋ ਚੁੱਕੇ ਹਨ ਅਤੇ ਵੋਟਾਂ ਬਣਾਉਣ ਦਾ ਅਮਲ ਚੱਲ ਰਿਹਾ ਹੋਣ ਕਾਰਨ ਇਸ ’ਚ ਅਗਲੇ ਦਿਨਾਂ ’ਚ ਹੋਰ ਮਤਦਾਤਾ ਜੁੜਨ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 592 ਚੋਣ ਬੂਥ ਬਣਾਏ ਗਏ ਹਨ, ਜਿੱਥੇ ਘੱਟੋ-ਘੱਟੋ ਲੋੜੀਂਦੀਆਂ ਸੁਵਿਧਾਵਾਂ ਯਕੀਨੀ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਦਿਵਿਆਂਗ ਵੋਟਰ ਜੋ ਕਿ 4237 ਹਨ, ਨੂੰ ਮਤਦਾਨ ਕੇਂਦਰਾਂ ’ਤੇ ਮਤਦਾਨ ਵਾਲੇ ਦਿਨ ਵਿਸ਼ੇਸ਼ ਸਹੂਲਤਾਂ ਦੇਣ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਉਮੀਦਵਾਰ ਜਾਂ ਰਾਜਨੀਤਕ ਪਾਰਟੀਆਂ ਨਕਦੀ ਦੀ ਬਜਾਏ ਡਿਜੀਟਲ ਖਰਚ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ’ਚ ਇੱਕ ਉਮੀਦਵਾਰ ਦੀ ਵੱਧ ਤੋਂ ਵੱਧ ਖਰਚ ਸੀਮਾ 70 ਲੱਖ ਰੁਪਏ ਮਿੱਥੀ ਗਈ ਗਈ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੇ ਖਰਚ ’ਤੇ ਨਿਗਰਾਨੀ ਲਈ ਵੱਖ-ਵੱਖ ਟੀਮਾਂ ਜਿਨ੍ਹਾਂ ’ਚ ਫਲਾਇੰਗ ਸਕੂਐਡ ਟੀਮਾਂ, ਵੀਡਿਓ ਸਰਵੇਲੈਂਸ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ, ਵੀਡੀਓਗ੍ਰਾਫ਼ੀ ਵਿਊਇੰਗ ਟੀਮਾਂ, ਮੀਡੀਆ ਸਰਟੀਫ਼ਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਆਦਿ ਨੂੰ ਸਰਗਰਮ ਕਰ ਦਿੱਤਾ ਗਿਆ ਹੈ ਜੋ ਕਿ ਰੋਜ਼ਾਨਾ ਦੀ ਰਿਪੋਰਟ ਦੇਵੇਗੀ।  ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਸੁਤੰਤਰ ਤੇ ਨਿਰਪੱਖ ਬਣਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਕਰਨ ਤੋਂ ਇਲਾਵਾ ਹੈਲਪ ਲਾਈਨ ਨੰ. 1950 ਵੀ 24 ਘੰਟੇ ਚਲਦਾ ਰਹੇਗਾ। ਇਸ ਹੈਲਪ ਲਾਈਨ ’ਤੇ ਸ਼ਿਕਾਇਤ ਤੋਂ ਇਲਾਵਾ ਵੋਟਰ ਸੂਚੀਆਂ ਨਾਲ ਸਬੰਧਤ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ।  ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਵਾਰ ਹਰੇਕ ਈ ਵੀ ਐਮ ਮਸ਼ੀਨ ਨਾਲ ਵੀ ਵੀ ਪੀ ਏ ਟੀ ਜੋੜਿਆ ਗਿਆ ਹੈ, ਜਿਸ ਦੀ ਸਕ੍ਰੀਨ ’ਤੇ ਮਤਦਾਤਾ ਆਪਣੀ ਵੋਟ ਪਾਉਣ ਤੋਂ ਬਾਅਦ 7 ਸਕਿੰਟ ਲਈ ਇਹ ਜਾਣਕਾਰੀ ਦੇਖ ਸਕੇਗਾ ਕਿ ਉਸ ਨੇ ਕਿਸ ਉਮੀਦਵਾਰ ਅਤੇ ਚੋਣ ਨਿਸ਼ਾਨ ਦਾ ਬਟਨ ਦਬਾਇਆ ਹੈ।  ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਨੂੰ ਜਨਤਕ ਇਮਾਰਤਾਂ ’ਤੇ ਕਿਸੇ ਵੀ ਕਿਸਮ ਦੀ ਸਿਆਸੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ, ਨਿੱਜੀ ਥਾਂਵਾਂ ’ਤੇ ਵੀ ਆਪਣੀ ਪਾਰਟੀ ਜਾਂ ਉਮੀਦਵਾਰ ਦਾ ਬੈਨਰ/ਪੋਸਟਰ ਲਾਉਣ ਤੋਂ ਪਹਿਲਾਂ ਉਸ ਨੂੰ ਭਰੋਸੇ ’ਚ ਲੈਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਚੋਣ ਜ਼ਾਬਤੇ ਦੀ ਉਲੰਘਣਾ ਹੋਵੇਗੀ ਅਤੇ ਕਾਰਵਾਈ ਦੇ ਯੋਗ ਹੋਵੇਗੀ। ਮੀਟਿੰਗ ਵਿੱਚ ਏ ਡੀ ਸੀ (ਜ) ਅਨੁਪਮ ਕਲੇਰ, ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਚੋਣ ਕਾਨੂੰਗੋ ਵਿਵੇਕ ਮੋਇਲਾ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧ ਮੌਜੂਦ ਸਨ।ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਲੋਕ ਸਭਾ ਚੋਣ ਸਬੰਧੀ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰਦੇ ਹੋਏ।