ਤਾਜਾ ਖਬਰਾਂ
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀ.ਐੱਸ.ਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਂਗਲਾ ਵਿੱਚ ਇਸ ਸਬੰਧੀ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਤਸਕਰਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹੋਰ ਸੁਰੱਖਿਆ ਏਜੰਸੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਇਸ ਸਫਲ ਓਪਰੇਸ਼ਨ ਲਈ ਪੰਜਾਬ ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸ਼ਾਬਾਸ਼ੀ ਦਿੱਤੀ ਹੈ।
Get all latest content delivered to your email a few times a month.