ਤਾਜਾ ਖਬਰਾਂ
ਲੁਧਿਆਣਾ, 18 ਮਾਰਚ- ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ।
ਇੱਥੇ ਇਨਡੋਰ ਸਟੇਡੀਅਮ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਮੁੱਠੀ ਭਰ ਨਸ਼ਾ ਤਸਕਰਾਂ ਨੂੰ ਖਦੇੜਣ ਲਈ ਤਿੰਨ ਕਰੋੜ ਪੰਜਾਬੀ ਨਸ਼ਿਆਂ ਖਿਲਾਫ਼ ਮੈਦਾਨ ਵਿੱਚ ਨਿੱਤਰਨਗੇ ਕਿਉਂਕਿ ਇਹ ਤਸਕਰ ਪੈਸਾ ਕਮਾਉਣ ਲਈ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਇਕ ਅਪ੍ਰੈਲ ਤੋਂ ਨਸ਼ਿਆਂ ਦੇ ਖਿਲਾਫ਼ ਲੋਕ ਲਹਿਰ ਸ਼ੁਰੂ ਕਰੇਗੀ। ਉਨ੍ਹਾਂ ਨੇ ਹਰੇਕ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਸਿਪਾਹੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਵਰਕਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪਿੰਡ-ਪਿੰਡ ਜਾਵੇਗਾ ਅਤੇ ਨਸ਼ਿਆਂ ਦੇ ਖਿਲਾਫ਼ ਇਹ ਫੈਸਲਾਕੁੰਨ ਜੰਗ ਹੋਵੇਗੀ।
ਆਪ ਦੇ ਕੌਮੀ ਕਨਵੀਨਰ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 9779100200 ਨੂੰ ਜਨਤਕ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਇਲਾਕੇ ਵਿੱਚ ਨਸ਼ੇ ਵੇਚਣ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੂਚਨਾ ਇਸ ਨੰਬਰ ਉਤੇ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਪਰ ਨਸ਼ਾ ਤਸਕਰਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਭਰ ਵਿੱਚ ਨਸ਼ਿਆਂ ਬਾਰੇ ਜਨਗਣਨਾ ਕਰਵਾਈ ਜਾਵੇਗੀ ਤਾਂ ਕਿ ਸੂਬੇ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਦੀ ਡੂੰਘਾਈ ਤੱਕ ਪਹੁੰਚਿਆ ਜਾ ਸਕੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਜਨਗਣਨਾ ਦੇ ਹਿੱਸੇ ਵਜੋਂ ਟੀਮਾਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੀ ਅਸਲ ਸਥਿਤੀ ਦਾ ਪਤਾ ਲਾਉਣ ਲਈ ਹਰੇਕ ਘਰ ਦਾ ਦੌਰਾ ਕਰਨਗੀਆਂ। ਉਨ੍ਹਾਂ ਕਿਹਾ ਕਿ ਨਸ਼ੇ ਦੇ ਪੀੜਤਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਪਰ ਬਾਅਦ ਵਿੱਚ ਸੁਧਾਰ ਲਈ ਕਦਮ ਚੁੱਕੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਅਤੇ ਜਿੰਮ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮਦਦ ਕਰੇਗਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 5000 ਨਵੇਂ ਹੋਮ ਗਾਰਡ ਭਰਤੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਹਰ ਪੱਖ ਤੋਂ ਪੁਖਤਾ ਵਿਉਂਤਬੰਦੀ ਕੀਤੀ ਅਤੇ ਹੁਣ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ਿਆਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਸੱਤਾ ਦੀ ਲਾਲਸਾ ਲਈ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰਦੇ ਸਨ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਮੁਫਾਦਾਂ ਲਈ ਨਸ਼ਾ, ਰੇਤ, ਟਰਾਂਸਪੋਰਟ, ਕੇਬਲ ਅਤੇ ਹੋਰ ਮਾਫ਼ੀਆ ਨੂੰ ਪਨਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਉਸ ਸਰਕਾਰ ਨੇ ਲਈ ਜਿਸ ਦੇ ਆਗੂ ਨੇ ਜਨਤਕ ਤੌਰ 'ਤੇ ਸਹੁੰ ਖਾਧੀ ਸੀ ਕਿ ਚਾਰ ਮਹੀਨਿਆਂ ਵਿੱਚ ਨਸ਼ੇ ਦਾ ਸਫਾਇਆ ਕਰ ਦਿੱਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਹੋਇਆ ਕੁਝ ਵੀ ਨਹੀਂ ਕਿਉਂਕਿ ਇਹ ਮਹਾਰਾਜਾ ਲੋਕਾਂ ਦੀ ਪਹੁੰਚ ਤੋਂ ਬਾਹਰ ਰਿਹਾ ਅਤੇ ਜਨਤਾ ਦੀ ਪ੍ਰਵਾਹ ਕੀਤੇ ਬਿਨਾਂ ਸਿਰਫ਼ ਸੱਤਾ ਦਾ ਆਨੰਦ ਲੈਣ ਲਈ ਆਪਣੇ ਅਹੁਦੇ ਦੀ ਵਰਤੋਂ ਕਰਦਾ ਰਿਹਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਸ਼ਿਆਂ ਵਿਰੁੱਧ ਪੂਰੀ ਤਾਕਤ ਨਾਲ ਜੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਸੂਬੇ ਵਿੱਚੋਂ ਇਸ ਅਲਾਮਤ ਦਾ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਰਗਨਾ ਅਤੇ ਕਿਸੇ ਸਮੇਂ ਸੂਬੇ ਦੇ ਤਾਕਤਵਾਰ ਮੰਤਰੀ ਜੋ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਨ, ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਨੂੰ ਵੀ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇਗਾ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਜਾਵੇਗੀ ਕਿਉਂਕਿ 70 ਫੀਸਦੀ ਨਸ਼ੇ ਪਾਕਿਸਤਾਨ ਤੋਂ ਸਪਲਾਈ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਤੋਂ ਘਬਰਾ ਕੇ ਦੇਸ਼ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਗ੍ਰਨੇਡ ਹਮਲੇ ਇਸ ਸਾਜ਼ਿਸ਼ ਦਾ ਹਿੱਸਾ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ਦੀਆਂ ਦੋਖੀ ਇਨ੍ਹਾਂ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਇਹ ਕਾਂਗਰਸ, ਅਕਾਲੀ ਜਾਂ ਭਾਜਪਾ ਦੀ ਸਰਕਾਰ ਨਹੀਂ ਹੈ ਅਤੇ ਇਨ੍ਹਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ 'ਆਪ' ਸਰਕਾਰ ਬੁਰੀ ਤਰ੍ਹਾਂ ਨਾਕਾਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਸੂਬੇ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਨੇ ਲੁਧਿਆਣਾ ਵਾਸੀਆਂ ਲਈ ਖਸਤਾ ਹਾਲਤ ਸਿਵਲ ਹਸਪਤਾਲ ਛੱਡਿਆ ਸੀ ਪਰ ਹੁਣ ਇਸ ਦਾ ਪੂਰੀ ਤਰ੍ਹਾਂ ਨਵੀਨੀਕਰਨ ਕਰ ਦਿੱਤਾ ਗਿਆ ਹੈ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਸਿਵਲ ਹਸਪਤਾਲ ਵਿੱਚ 30,000 ਤੋਂ ਵੱਧ ਚੂਹੇ ਸਨ ਪਰ ਹੁਣ ਸੂਬਾ ਸਰਕਾਰ ਨੇ ਸਿਹਤ ਸੰਭਾਲ ਖੇਤਰ ਨੂੰ ਉੱਚਾ ਚੁੱਕਣ ਲਈ ਵੱਡੀ ਸਿਹਤ ਕ੍ਰਾਂਤੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ 3-4 ਮਹੀਨਿਆਂ ਵਿੱਚ ਜ਼ਮੀਨ ਦੀ ਰਜਿਸਟਰੀ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਆਪਕ ਸੁਧਾਰਾਂ ਲਈ ਯੋਜਨਾ ਉਲੀਕੀ ਜਾ ਰਹੀ ਹੈ ਅਤੇ ਸਾਰੀਆਂ ਜਨਤਕ ਸੇਵਾਵਾਂ ਆਮ ਆਦਮੀ ਦੇ ਦਰਵਾਜ਼ੇ 'ਤੇ ਦਿੱਤੀਆਂ ਜਾਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਕੋਲ ਆਯੂਸ਼ਮਾਨ ਕਾਰਡ ਨਹੀਂ ਹੈ, ਉਨ੍ਹਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਲਈ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
Get all latest content delivered to your email a few times a month.