ਤਾਜਾ ਖਬਰਾਂ
ਮੋਗਾ- ਮੋਗਾ ਦੀ ਦਾਣਾ ਮੰਡੀ ਨੇੜੇ ਸਥਿਤ ਲੱਕੜ ਮੰਡੀ ਦੀਆਂ ਝੁੱਗੀਆਂ ਵਿੱਚ ਦੇਰ ਰਾਤ ਭਿਆਨਕ ਅੱਗ ਲੱਗ ਗਈ। ਰਾਤ ਕਰੀਬ 11:30 ਵਜੇ ਲੱਗੀ ਅੱਗ ਨੇ 10 ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਜਾਣਕਾਰੀ ਮੁਤਾਬਕ ਪੀੜਤ ਮਾਲਤੀ ਦੇਵੀ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਉਹ ਸੁੱਤੇ ਹੋਏ ਸਨ। ਉਸ ਦੇ ਪੁੱਤਰ ਨੇ ਅੱਗ ਨੂੰ ਦੇਖਿਆ ਅਤੇ ਬੜੀ ਮੁਸ਼ਕਲ ਨਾਲ ਘਰੋਂ ਬਾਹਰ ਨਿਕਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਲੋਕਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮਾਲਤੀ ਦੇਵੀ ਨੇ ਕਿਹਾ ਕਿ ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ ਅਤੇ ਹੁਣ ਉਨ੍ਹਾਂ ਨੂੰ ਪ੍ਰਸ਼ਾਸਨ ਤੋਂ ਮਦਦ ਦੀ ਲੋੜ ਹੈ।
ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਛੋਟੇ ਬੱਚਿਆਂ ਵਾਲੇ ਪਰਿਵਾਰਾਂ ਦਾ ਸਾਰਾ ਸਮਾਨ ਸੜ ਗਿਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਪ੍ਰਸ਼ਾਸਨ ਮਾਮਲੇ ਦੀ ਜਾਣਕਾਰੀ ਇਕੱਠੀ ਕਰ ਰਿਹਾ ਹੈ।
Get all latest content delivered to your email a few times a month.