ਤਾਜਾ ਖਬਰਾਂ
ਚੰਡੀਗੜ੍ਹ, 1 ਅਪ੍ਰੈਲ-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੀਡੀਆ ਰਿਪੋਰਟ ਮੁਤਾਬਕ ਪਟਿਆਲਾ ਵਿੱਚ 12 ਸਾਲਾ ਲੜਕੀ ਨਾਲ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ 'ਤੇ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪੀੜਤ ਅਤੇ ਉਸਦੇ ਪਰਿਵਾਰ ਦੇ ਨਾਲ ਖੜ੍ਹੀ ਹੈ।
ਰਿਪੋਰਟਾਂ ਮੁਤਾਬਕ, ਇੱਕ ਆਟੋ ਚਾਲਕ ਨੂੰ ਇੱਕ ਨਾਬਾਲਗ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਗਰਭਵਤੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਵਿਰੁੱਧ ਭਾਰਤੀ ਨਿਆ ਸੰਹਿਤਾ ਦੀ ਧਾਰਾ 65(2) ਅਤੇ 68 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਕਮਿਸ਼ਨ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੁਰੰਤ ਅਤੇ ਮੁਕੰਮਲ ਜਾਂਚ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਦੋਸ਼ੀ ਨੂੰ ਬਿਨਾਂ ਦੇਰੀ ਤੋਂ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਹੈ। ਚੇਅਰਪਰਸਨ ਨੇ ਕਿਹਾ, "ਇਹ ਬੱਚਿਆਂ ਦੇ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਇੱਕ ਘਿਨੌਣਾ ਅਪਰਾਧ ਹੈ ਜਿਸ ਨੂੰ ਸਾਡੇ ਸਮਾਜ ਵਿੱਚ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਅਸੀਂ ਦੋਸ਼ੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਦੇ ਹਾਂ। ਨਿਆਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਇਸ ਕੇਸ ਦੀ ਕਾਰਵਾਈ ਦੀ ਨੇੜਿਓਂ ਨਜ਼ਰ ਰੱਖੀ ਜਾਵੇਗੀ।"
ਇਸ ਤੋਂ ਇਲਾਵਾ, ਕਮਿਸ਼ਨ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰ ਰਿਹਾ ਹੈ ਤਾਂ ਜੋ ਪੀੜਤ ਨੂੰ ਲੋੜੀਂਦੀ ਡਾਕਟਰੀ ਸਹਾਇਤਾ, ਮਨੋਵਿਗਿਆਨਕ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਕਮਿਸ਼ਨ ਲੋਕਾਂ ਨੂੰ ਚੌਕਸ ਰਹਿਣ ਅਤੇ ਦੁਰਵਿਵਹਾਰ ਜਾਂ ਸ਼ੋਸ਼ਣ ਦੇ ਕਿਸੇ ਵੀ ਮਾਮਲੇ ਸੂਚਲਾ ਤੁਰੰਤ ਅਧਿਕਾਰੀਆਂ ਨੂੰ ਕਰਨ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ, ਕਮਿਸ਼ਨ ਸਿਫ਼ਾਰਸ਼ ਕਰਦਾ ਹੈ ਕਿ ਵਿਦਿਆਰਥੀਆਂ ਦੀ ਆਵਾਜਾਈ ਲਈ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਸੁਚੱਜੇ ਢੰਗ ਨਾਲ ਦਸਤਾਵੇਜ਼ੀਕਰਨ ਕੀਤਾ ਜਾਵੇ। ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਵਾਹਨ ਐਮਰਜੈਂਸੀ ਕਿੱਟਾਂ, ਜੀਪੀਐਸ ਟਰੈਕਿੰਗ ਸਿਸਟਮ, ਸਪੀਡ ਮਾਨੀਟਰ, ਅੱਗ ਬੁਝਾਉਣ ਵਾਲੇ ਯੰਤਰ ਅਤੇ ਐਮਰਜੈਂਸੀ ਨਿਕਾਸੀ ਨਾਲ ਲੈਸ ਹੋਣੇ ਜ਼ਰੂਰੀ ਹਨ। ਇਸ ਤੋਂ ਇਲਾਵਾ, ਇਹਨਾਂ ਵਾਹਨਾਂ ਨੂੰ ਚਲਾਉਣ ਵਾਲੇ ਸਾਰੇ ਡਰਾਈਵਰਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਤਸਦੀਕ ਲਾਜ਼ਮੀ ਹੈ। ਇਹਨਾਂ ਸੁਰੱਖਿਆ ਉਪਾਵਾਂ ਦੀ ਪਾਲਣਾ ਬਣਾਈ ਰੱਖਣ ਲਈ ਨਿਯਮਤ ਨਿਰੀਖਣ ਅਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਲਈ ਵਚਨਬੱਧ ਹੈ। ਕਮਿਸ਼ਨ ਪੁਲਿਸ, ਨਿਆਂਪਾਲਿਕਾ ਅਤੇ ਸਿਵਲ ਸਮਾਜ ਸਮੇਤ ਸਾਰੇ ਹਿੱਸੇਦਾਰਾਂ ਨੂੰ ਸਾਡੇ ਬੱਚਿਆਂ ਲਈ ਇੱਕ ਸੁਰੱਖਿਅਤ ਵਾਤਾਵਰਣ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਾ ਹੈ।
Get all latest content delivered to your email a few times a month.