IMG-LOGO
ਹੋਮ ਪੰਜਾਬ: ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੋਹਾਲੀ...

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੋਹਾਲੀ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ

Admin User - Apr 03, 2025 07:46 PM
IMG

 ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਅਪ੍ਰੈਲ- ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਐੱਸ.ਏ.ਐੱਸ. ਨਗਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। 

ਪੰਜਾਬ ਰਾਜ ਦੇ ਜੀ.ਐਸ.ਟੀ. ਅਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਅੱਜ ਮੋਹਾਲੀ ਦੇ ਆਬਕਾਰੀ ਅਤੇ ਕਰ ਭਵਨ ਵਿਖੇ ਕਮਿਸ਼ਨ ਦੇ ਦਫ਼ਤਰ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।  

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਜੀ ਐਸ ਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਵਾਇਤੀ ਵੈਟ ਪ੍ਰਣਾਲੀ ਤਹਿਤ ਬਕਾਇਆਂ ਦੇ ਇਕਮੁਸ਼ਤ ਹੱਲ ਲਈ ਲਾਗੂ ਕੀਤੀ ਓ ਟੀ ਐਸ ਸਕੀਮ ਦਾ 70311 ਡੀਲਰਾਂ ਨੂੰ ਲਾਭ ਹੋਇਆ ਹੈ, ਜਿਸ ਤਹਿਤ ਉਨ੍ਹਾਂ ਨੂੰ 867 ਕਰੋੜ ਦਾ ਬਕਾਇਆ ਦੇਣਦਾਰੀਆਂ ਚ ਲਾਭ ਮਿਲਿਆ ਹੈ। 

ਇਸ ਮੌਕੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ  ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।  

ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਸਨਅਤਕਾਰਾਂ, ਬਿਲਡਰਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।


ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।


ਇਸ ਮੌਕੇ ਜ਼ਿਲ੍ਹਾ ਮੋਹਾਲੀ ਟਰੇਡਰਜ਼ ਵਿੰਗ ਦੇ ਪ੍ਰਧਾਨ ਰਣਜੀਤ ਪਾਲ ਸਿੰਘ, ਪ੍ਰਧਾਨ ਬਾਰ ਐਸੋਸ਼ੀਏਸ਼ਨ, ਰਾਮ ਬਾਂਸਲ, ਮੋਹਾਲੀ ਇੰਡਸਟਰੀ ਐਸੋਸੀਏਸ਼ਨ, ਇੰਡਸਟਰੀ ਐਸੋਸੀਏਸ਼ਨ-82,  ਮੋਹਾਲੀ ਟ੍ਰੇਡਰਜ਼ ਐਸੋਸੀਏਸ਼ਨ, ਡੇਰਾਬਸੀ ਇੰਡਸਟਰੀ ਐਸੋਸੀਏਸ਼ਨ ਅਤੇ ਮੋਹਾਲੀ ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੈਸ, ਹੋਟਲਾਂ ਅਤੇ ਰੈਸਟੋਰੈਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਅਤੇ ਮੁਸ਼ਕਿਲਾਂ ਰੱਖੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.