ਤਾਜਾ ਖਬਰਾਂ
ਚੰਡੀਗੜ੍ਹ, 5 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 36 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4990 ਹੋ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 429 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ’ਚ 48 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 460 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸ ਨਾਲ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਇੱਕ ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Get all latest content delivered to your email a few times a month.