ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨਾਂ ਵੱਲੋਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਰੱਖੀ ਗਈ ਹੜਤਾਲ ਰੱਦ ਕਰ ਦਿੱਤੀ ਗਈ ਹੈ। ਇਹ ਫ਼ੈਸਲਾ ਉਦੋਂ ਲਿਆ ਗਿਆ, ਜਦੋ ਯੂਨੀਅਨ ਆਗੂਆਂ ਨੇ ਸੂਬੇ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਯੂਨੀਅਨ ਨਾਲ ਸਹਿਮਤੀ ਬਣਨ ਮਗਰੋਂ ਹੜਤਾਲ ਵਾਪਸ ਲੈ ਲਈ ਗਈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਯੂਨੀਅਨ ਦੇ ਸੂਬਾ ਕਮੇਟੀ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਨੀਤੀ ਲਿਆਉਣ ਅਤੇ ਕਿਲੋਮੀਟਰ ਸਕੀਮ ਬੱਸਾਂ ਨੂੰ ਰੱਦ ਕਰਨ, ਪੀਆਰਟੀਸੀ ਅਤੇ ਪਨਬੱਸ ਦੇ ਠੇਕੇ ਦੇ ਮੁਲਾਜ਼ਮਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਲਾਭ ਅਤੇ ਤਨਖ਼ਾਹ ਦੇਣ ਸਮੇਤ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਯੂਨੀਅਨ ਦੇ ਹੱਕ ਵਿੱਚ ਹਾਂਪੱਖੀ ਫੈਸਲਾ ਆਉਣ ਮਗਰੋਂ ਹੜਤਾਲ ਵਾਪਸ ਲੈ ਲਈ ਗਈ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਕਾਰਨ ਹੜਤਾਲ ਮੁਲਤਵੀ ਕਰ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ 9 ਅਪ੍ਰੈਲ ਦਿਨ ਬੁੱਧਵਾਰ ਨੂੰ ਯੂਨੀਅਨ ਮੁਲਾਜ਼ਮ ਪੰਜਾਬ ਦੇ ਵਿੱਤ ਮੰਤਰੀ ਅਤੇ ਐਡਵੋਕੇਟ ਚੀਮਾ ਨਾਲ ਵੀ ਮੀਟਿੰਗ ਕਰਨਗੇ। ਯੂਨੀਅਨ ਵੱਲੋਂ ਅਗਲੀ ਰਣਨੀਤੀ ਦਾ ਐਲਾਨ 9 ਅਪ੍ਰੈਲ ਦੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ।ਸਰਕਾਰ ਤੋਂ ਸਿਰਫ਼ ਇੱਕ ਮੰਗ ਹੈ ਜੋ ਸਭ ਤੋਂ ਅਹਿਮ ਹੈ, ਉਹ ਹੈ ਮੁਲਾਜ਼ਮਾਂ ਦੇ ਪੱਕੇ ਰੁਜ਼ਗਾਰ ਨੂੰ ਯਕੀਨੀ ਬਣਾਇਆ ਜਾਵੇ।ਇਸ ਮੰਗ 'ਤੇ ਸਾਨੂੰ ਭਰੋਸਾ ਦਿੱਤਾ ਗਿਆ ਹੈ। ਨਾਲ ਹੀ ਜੇਕਰ ਬੁੱਧਵਾਰ ਦੀ ਮੀਟਿੰਗ ਤੋਂ ਬਾਅਦ ਕੋਈ ਹੱਲ ਨਾ ਨਿਕਲਿਆ ਤਾਂ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
Get all latest content delivered to your email a few times a month.