ਤਾਜਾ ਖਬਰਾਂ
ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵਿਆਪਕ ਬਦਲਾਅ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼਼ਲਾਘਾ
ਨਵਾਂ ਸ਼ਹਿਰ, 7 ਅਪਰੈਲ- ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ` ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ।
ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ `ਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਪੁੱਤਰ ਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ‘ਮਿਡ-ਡੇਅ-ਮੀਲ ਸੈਂਟਰ’ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੋਂ ਵਾਂਝਾ ਰੱਖਿਆ ਅਤੇ ਜਿਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਹੁਣ ਉਹ ਸਿਆਸੀ ਗੁੰਮਨਾਮੀ ਵਿੱਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਤਰਾਸ਼ਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ `ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ `ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਕੂਲੀ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ `ਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ` ਸ਼ੁਰੂ ਕੀਤਾ ਹੈ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਅਥਾਹ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਦਾ ਸਫ਼ਾਇਆ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰ ਸਕਦੀ ਕਿ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਘਰ ਸੱਥਰ ਵਿਛੇ ਹੋਣ ਅਤੇ ਦੂਜੇ ਪਾਸੇ ਨਸ਼ਾ ਤਸਕਰ ਜ਼ਿੰਦਗੀ ਦਾ ਆਨੰਦ ਮਾਣਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ `ਤੇ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਕੋਈ ਇਸ ਕੰਮ ਵਿੱਚ ਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰ ਰਹੀ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀ ਸੂਬੇ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਮਾਰਗ ਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਸੂਬੇ ਦੇ 80 ‘ਸਕੂਲ ਆਫ਼ ਐਮੀਨੈਂਸ’ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਹਰੇਕ ਅਧਿਕਾਰੀ ਨੂੰ ਸਕੂਲ ਪੰਜ ਸਾਲਾਂ ਲਈ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਦੌਰਾਨ ਸਬੰਧਤ ਅਧਿਕਾਰੀ ਦੀ ਤਾਇਨਾਤੀ ਕਿਸੇ ਵੀ ਜਗ੍ਹਾ ਹੋਈ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਅਧਿਕਾਰੀਆਂ ਦੀ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਾਰਤਾਲਾਪ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ। ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ ਲਈ ਸਿਖਲਾਈ ਯਕੀਨੀ ਬਣਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਲਈ ਸਰੋਤ ਇਕੱਠੇ ਕਰਨ ਅਤੇ ‘ਰਿਸੋਰਸ ਪਰਸਨ’ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਬੌਸ ਵਜੋਂ ਨਹੀਂ, ਸਗੋਂ ਰਾਹ ਦਸੇਰੇ ਵਜੋਂ ਫਰਜ਼ ਨਿਭਾਉਣਗੇ ਅਤੇ ਇਹ ਸਵੈ-ਇੱਛਤ ਸੇਵਾ ਹੋਵੇਗੀ ਅਤੇ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਕਾਰਜ ਨੂੰ ਨਿਭਾਉਣਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਹੋਰ ਕ੍ਰਾਂਤੀ ਲਿਆਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਤਸੱਲੀਬਖ਼ਸ਼ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਪੜ੍ਹ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੱਲ ਬਜਟ ਦਾ 11 ਫੀਸਦੀ, ਜੋ ਕਿ 18,047 ਕਰੋੜ ਰੁਪਏ ਬਣਦਾ ਹੈ, ਸਿੱਖਿਆ ਖ਼ੇਤਰ ਲਈ ਅਲਾਟ ਕਰ ਕੇ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਨਵਾਂ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਸਿਰਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਖੇਤਰ ਦੇ ਵਿਕਾਸ `ਤੇ ਪੂਰਾ ਧਿਆਨ ਕੇਂਦਰਿਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਪਾਠਕ੍ਰਮ ਅਤੇ ਹੋਰ ਚੀਜ਼ਾਂ ਬਾਰੇ ਪੁੱਛਗਿੱਛ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਸਮਝਾਉਣ ਦਾ ਮੌਕਾ ਵੀ ਪ੍ਰਦਾਨ ਕਰੇਗਾ।
ਇਸ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਖੇਤਰ ਦੀ ਸੰਪੂਰਨ ਤੌਰ ਉਤੇ ਕਾਇਆਕਲਪ ਕੀਤੀ ਜਾ ਰਹੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਇਸ ਗੱਲ ਦਾ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਫਿਰਕੂ ਲੀਹਾਂ ਉਤੇ ਵੰਡਣ ਵਾਲੀ ਸਿਆਸਤ ਦਾ ਅਸੀਂ ਹਿੱਸਾ ਨਹੀਂ ਬਣਾਂਗੇ ਸਗੋਂ ਮਿਆਰੀ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਕਾਬਲ ਤੇ ਸਮਰੱਥ ਬਣਾ ਰਹੇ ਹਾਂ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਸੂਬੇ ਦੇ 12000 ਤੋਂ ਵੱਧ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਪਹਿਲਾਂ ਸਰਕਾਰੀ ਸਕੂਲਾਂ ਦੀ ਤਸਵੀਰ ਬਦਹਾਲ ਹੁੰਦੀ ਸੀ ਪਰ ਇਸ ਵੇਲੇ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ ਵਿਦਿਆਰਥੀਆਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਕੋਲ ਬਹੁਤ ਕਾਬਲ ਤੇ ਹੋਣਹਾਰ ਅਧਿਆਪਕ ਹਨ।
ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਦੋ-ਪੜਾਵੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਪਲਾਈ ਲਾਈਨ ਤੋੜਨ ਲਈ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਦੂਜੇ ਪਾਸੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਦੇ ਪੜ੍ਹ-ਲਿਖ ਜਾਣ ਨਾਲ ਨਸ਼ਿਆਂ ਦੀ ਮੰਗ ਹੀ ਨਾ ਰਹੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਯਤਨਾਂ ਨਾਲ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਕੇ ਉੱਭਰੇਗਾ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਦੂਜੇ ਪਾਸੇ ਦਿੱਲੀ ਵਿੱਚ ਨਵੀਂ ਬਣੀ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੋਂ ਮਹਿਰੂਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਾਈਵੇਟ ਸਕੂਲਾਂ ਵਿੱਚ ਫੀਸ ਦੁੱਗਣੀ ਕਰ ਦਿੱਤੀ ਗਈ ਹੈ ਜੋ ਸਿੱਧੇ ਤੌਰ ’ਤੇ ਆਮ ਲੋਕਾਂ ਖਾਸ ਕਰਕੇ ਕਮਜ਼ੋਰ ਵਰਗਾਂ ਦੀ ਲੁੱਟ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਗਰੀਬਾਂ ਅਤੇ ਕਮਜ਼ੋਰ ਵਰਗਾਂ ਦਾ ਰਾਖਾ ਬਣ ਕੇ ਉੱਭਰਿਆ ਹੈ।
ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਨਛੱਤਰ ਪਾਲ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
Get all latest content delivered to your email a few times a month.