ਤਾਜਾ ਖਬਰਾਂ
ਟਾਂਡਾ/ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਹਲਕੇ ਦੇ 4 ਸਕੂਲਾਂ ਵਿਚ 21 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬੇਹੱਦ ਬੇਹਤਰੀਨ ਹੈ ਜੋ ਹੋਰਨਾਂ ਲਈ ਵੀ ਮਿਸਾਲ ਬਣੇਗਾ।
ਸਰਕਾਰੀ ਐਲੀਮੈਂਟਰੀ ਸਕੂਲ, ਓਹੜਪੁਰ, ਸੈਦਪੁਰ ਦਾਤਾ, ਸਹਿਬਾਜ਼ਪੁਰ ਅਤੇ ਮੂਨਕ ਕਲਾਂ ਵਿਖੇ ਕੰਮਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਕੂਲਾਂ ਦਾ ਹਰ ਪੱਖੋਂ ਪੱਧਰ ਉਚਾ ਕੀਤਾ ਹੈ ਜਿਸ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਪੇਸ਼ ਕੀਤੇ ਬਜਟ ਵਿਚ 17975 ਕਰੋੜ ਰੁਪਏ ਸਿੱਖਿਆ ਖੇਤਰ ਲਈ ਰੱਖੇ ਹਨ ਜੋ ਕਿ ਕੁੱਲ ਬਜਟ ਦਾ ਲਗਭਗ 12 ਫੀਸਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਖੇਤਰ ਅਤੇ ਸਰਕਾਰੀ ਸਕੂਲਾਂ ਦਾ ਪੱਧਰ ਬੁਲੰਦੀਆਂ ਛੋਹ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕੀਤੇ ਉਪਰਾਲਿਆਂ ਦੀ ਗੱਲ ਕਰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪ੍ਰੀ-ਪ੍ਰਾਈਮਰੀ ਤੋਂ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਮੈਗਾ ਮਾਪੇ-ਅਧਿਆਪਕ ਮਿਲਣੀ ਵਿਚ 21.81 ਲੱਖ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਨਾਲ ਮਾਪਿਆਂ ਤੇ ਅਧਿਆਪਕਾਂ ਦਾ ਨਾ ਸਿਰਫ਼ ਤਾਲਮੇਲ ਵਧਿਆ ਸਗੋਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਵੀ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਟਰੇਨਿੰਗ ਦਿਵਾ ਕੇ ਅਧਿਆਪਨ ਦੇ ਖੇਤਰ ਨੂੰ ਹੋਰ ਨਿਖਾਰਿਆ ਗਿਆ ਹੈ ਜੋ ਕਿ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਓਹੜਪੁਰ ਸਕੂਲ ਵਿਖੇ 7 ਲੱਖ ਰੁਪਏ ਦੀ ਲਾਗਤ ਵਾਲੇ, ਸੈਦਪੁਰ ਦਾਤਾ ਸਕੂਲ ਵਿਖੇ 6 ਲੱਖ ਰੁਪਏ ਦੀ ਲਾਗਤ ਵਾਲੇ, ਸ਼ਹਿਬਾਜਪੁਰ ਸਕੂਲ ਵਿਖੇ 2 ਲੱਖ ਰੁਪਏ ਤੋਂ ਵੱਧ ਅਤੇ ਮੂਨਕਕਲਾਂ ਵਿਖੇ 5 ਲੱਖ ਰੁਪਏ ਤੋਂ ਵੱਧ ਦੇ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਨ੍ਹਾਂ ਸਕੂਲਾਂ ਵਿਚ ਮੌਜੂਦ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ ਜਿਨ੍ਹਾਂ ਨੇ ਸਕੂਲਾਂ ਵਿਚ ਵੱਡੇ ਪੱਧਰ ’ਤੇ ਹੋ ਰਹੇ ਸੁਧਾਰਾਂ ਦੀ ਸ਼ਲਾਘਾ ਕੀਤੀ।
Get all latest content delivered to your email a few times a month.