ਤਾਜਾ ਖਬਰਾਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਦਸੂਹਾ ’ਚ 28 ਲੱਖ ਅਤੇ ਸਰਾਕਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ’ਚ 14 ਲੱਖ ਰੁਪਏ ਦੇ ਕੰਮ ਹੋਏ ਮੁਕੰਮਲ
ਦਸੂਹਾ/ਹੁਸ਼ਿਆਰਪੁਰ, 7 ਅਪ੍ਰੈਲ : ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਲਕਾ ਦਸੂਹਾ ਦੇ 3 ਸਕੂਲਾਂ ਵਿਚ 42 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚੇ, ਨਵੀਨੀਕਰਨ ਅਤੇ ਸਕੂਲਾਂ ਦੀ ਦਿਖ ਨਾਲ ਸਬੰਧਤ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੀ ਵਿਸ਼ੇਸ਼ ਤਵੱਜੋਂ ਸਦਕਾ ਪੰਜਾਬ ਦੇਸ਼ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਿਹਾ ਹੈ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਸੂਹਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਉਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਿਆਰੀ ਸਿੱਖਿਆ, ਸੰਪੂਰਨ ਵਿਕਾਸ, ਟਿਕਾਉ ਬੁਨਿਆਦੀ ਢਾਂਚਾ ਅਤੇ ਸਰਬਪੱਖੀ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤਹਿਤ ਚਾਰਦੀਵਾਰੀਆਂ, ਸੁਚੱਜਾ ਰੱਖ-ਰਖਾਅ, ਲੋੜੀਂਦੀਆਂ ਗਰਾਂਟਾ ਦੇਣੀਆਂ, ਵਿਦਿਆਰਥਣਾਂ ਲਈ ਸੁਰੱਖਿਅਤ ਮਾਹੌਲ ਅਤੇ ਚੰਗੀ ਸਾਂਭ-ਸੰਭਾਲ ਵਾਲੇ ਵਾਤਾਵਰਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦੇਖਭਾਲ ਲਈ ਸਮਰਪਿਤ ਵਿੱਤੀ ਪ੍ਰਬੰਧ ਕੀਤਾ ਗਿਆ ਹੈ ਜਿਸ ਵਿਚ ਸਫ਼ਾਈ ਅਤੇ ਸੁਰੱਖਿਆ ਲਈ ਕੈਂਪਸ ਮੈਨੇਜਰ, ਸੁਰੱਖਿਆ ਗਾਰਡ, ਚੌਕੀਦਾਰ ਅਤੇ ਸਫ਼ਾਈ ਸੇਵਕਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ।
ਸਕੂਲਾਂ ਵਿਚ ਸੰਬੋਧਨ ਦੌਰਾਨ ਵਿਧਾਇਕ ਕਰਮਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਉਤਮ ਬਣਾਉਣ, ਲੋੜੀਂਦਾ ਹੁਨਰ ਵਿਕਾਸ ਵਿਕਸਿਤ ਕਰਨ ਅਤੇ ਮੌਜੂਦਾ ਵਿਦਿਅਕ ਮੁਕਾਬਲੇਬਾਜ਼ੀ ਦੇ ਸੰਦਰਭ ਵਿਚ ਪੂਰੀ ਤਰ੍ਹਾਂ ਤਿਆਰ ਕਰਨ ਲਈ ਸਾਜਗਾਰ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਅਤਿਆਧੁਨਿਕ ਸਹੂਲਤਾਂ ਦੀ ਵਿਵਸਥਾ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਬਹੁਤ ਬੇਹਤਰੀਨ ਹੋ ਚੁੱਕਾ ਹੈ। ਉਨ੍ਹਾਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸਕੂਲਾਂ ਵਿਚ ਲਿਆਂਦੇ ਵੱਡੇ ਸੁਧਾਰਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਮੇਂ-ਸਮੇਂ ’ਤੇ ਮਹੱਤਵਪੂਰਨ ਫੈਸਲੇ ਲਏ ਜਾਣਗੇ। ਵਿਦਿਆਰਥੀਆਂ ਅਤੇ ਮਾਪਿਆਂ ਨੇ ਸਕੂਲਾਂ ਵਿਚ ਵੱਡੇ ਸੁਧਾਰਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਵਿਧਾਇਕ ਘੁੰਮਣ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ 10 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ 18 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਲੋੜੀਂਦੇ ਕਾਰਜ ਮੁਕੰਮਲ ਕਰਵਾਏ ਗਏ। ਵਿਧਾਇਕ ਨੇ ਪੰਨਵਾਂ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬਸਤੇ ਵੀ ਤਕਸੀਮ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲਾਂ, ਸਟਾਫ਼ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵੀ ਮੌਜੂਦ ਸਨ।
Get all latest content delivered to your email a few times a month.