ਤਾਜਾ ਖਬਰਾਂ
ਚੰਡੀਗੜ੍ਹ- ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ (NEET-UG) 2025 ਦੇ ਸਫਲ, ਨਿਰਪੱਖ ਅਤੇ ਸ਼ਾਂਤੀਪੂਰਨ ਆਯੋਜਨ ਸਬੰਧੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ।ਇਹ ਪ੍ਰੀਖਿਆ 4 ਮਈ ਨੂੰ ਚੰਡੀਗੜ੍ਹ ਦੇ 11 ਪ੍ਰੀਖਿਆ ਕੇਂਦਰਾਂ 'ਤੇ ਹੋਵੇਗੀ, ਜਿਸ ਵਿੱਚ 4500 ਦੇ ਕਰੀਬ ਉਮੀਦਵਾਰ ਅਪੀਅਰ ਹੋਣਗੇ।ਡੀਸੀ ਨਿਸ਼ਾਂਤ ਕੁਮਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਪ੍ਰੀਖਿਆ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਾਰੇ ਵਿਭਾਗਾਂ ਨੂੰ ਐਨਟੀਏ ਅਤੇ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼ (ਐਸਓਪੀਜ਼) ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਪ੍ਰੀਖਿਆ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜਿਸ ਰਾਹੀਂ ਪੂਰੇ ਪ੍ਰੀਖਿਆ ਖੇਤਰ ਦੀ ਅਸਲ ਸਮੇਂ ਵਿੱਚ ਨਿਗਰਾਨੀ ਕੀਤੀ ਜਾ ਸਕੇਗੀ।ਇਸ ਦੀ ਲਾਈਵ ਫੀਡ ਦੀ ਨਿਗਰਾਨੀ ਡੀਸੀ ਦਫ਼ਤਰ ਸਥਿਤ ਕੇਂਦਰੀ ਕੰਟਰੋਲ ਰੂਮ ਤੋਂ ਕੀਤੀ ਜਾਵੇਗੀ।
ਚੰਡੀਗੜ੍ਹ ਪੁਲੀਸ ਨੂੰ ਕੇਂਦਰਾਂ ਦੇ ਆਲੇ-ਦੁਆਲੇ ਟਰੈਫਿਕ ਪ੍ਰਬੰਧ, ਸੁਰੱਖਿਆ ਪ੍ਰਬੰਧ ਅਤੇ ਅਨੁਸ਼ਾਸਨ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਬਾਇਓਮੀਟ੍ਰਿਕ ਹਾਜ਼ਰੀ, ਸਖ਼ਤ ਤਲਾਸ਼ੀ ਪ੍ਰਕਿਰਿਆ ਅਤੇ ਜਾਲਸਾਜ਼ੀ ਵਿਰੋਧੀ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ।ਡੀਸੀ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਪ੍ਰੀਖਿਆ ਦੌਰਾਨ ਪੂਰੀ ਚੌਕਸੀ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੀ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਹਰ ਕਿਸੇ ਨੂੰ ਸ਼ਾਂਤੀ ਅਤੇ ਨਿਰਪੱਖ ਮਾਹੌਲ ਵਿੱਚ ਪ੍ਰੀਖਿਆ ਦੇਣ ਦਾ ਮੌਕਾ ਮਿਲੇ।
Get all latest content delivered to your email a few times a month.