ਤਾਜਾ ਖਬਰਾਂ
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਡੈਲੀਗੇਟ ਇਜਲਾਸ ਦੌਰਾਨ ਸ. ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਪਰਮਜੀਤ ਸਿੰਘ ਸਰਨਾ ਵਲੋਂ ਕੀਤੀ ਗਈ ਹੈ। ਤਾਈਦ ਮਜੀਦ ਮਹੇਸ਼ ਇੰਦਰ ਸਿੰਘ ਗਰੇਵਾਲ ਵਲੋਂ ਕੀਤੀ ਗਈ ਹੈ ਤੇ ਹਾਜ਼ਰ ਡੈਲੀਗੇਟਸ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੁਖਬੀਰ ਸਿੰਘ ਦੇ ਮੁਕਾਬਲੇ ਕੋਈ ਵੀ ਹੋਰ ਪ੍ਰਧਾਨ ਦੇ ਅਹੁਦੇ ਲਈ ਨਾਂਅ ਪੇਸ਼ ਨਾ ਹੋਣ ਕਰਕੇ ਅੱਜ ਦੇ ਇਜਲਾਸ ਦੇ ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਅਹੁਦੇਦਾਰਾਂ ਤੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਜਨਰਲ ਡੈਲੀਗੇਟ ਇਜਲਾਸ ਸੱਦਿਆ ਗਿਆ ਸੀ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਨਵਾਂ ਪ੍ਰਧਾਨ ਚੁਣਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਿਛਲਾ ਇਜਲਾਸ 2019 ਵਿੱਚ ਹੋਇਆ ਸੀ, ਜਿੱਥੇ ਸੁਖਬੀਰ ਸਿੰਘ ਬਾਦਲ ਤੀਜੀ ਵਾਰੀ ਪਾਰਟੀ ਦੇ ਪ੍ਰਧਾਨ ਚੁਣੇ ਗਏ ਸਨ। ਦੱਸਣਯੋਗ ਹੈ ਕਿ 2008 ਵਿੱਚ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ।
ਸੁਖਬੀਰ ਬਾਦਲ ਦੇ ਅਸਤੀਫਾ ਦੇਣ ਤੋਂ ਬਾਅਦ ਬਾਦਲ ਦੀ ਥਾਂ ‘ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ।
Get all latest content delivered to your email a few times a month.