ਤਾਜਾ ਖਬਰਾਂ
ਪ੍ਰਤਾਪ ਬਾਜਵਾ ਪੁਲਿਸ ਨੂੰ ਦੇਣ ਪੂਰੀ ਜਾਣਕਾਰੀ, ਨਹੀਂ ਤਾਂ ਇਹ ਮੰਨਿਆ ਜਾਵੇਗਾ ਕਿ ਉਨ੍ਹਾਂ ਦੇ ਪਾਕਿਸਤਾਨੀ ਗੈਂਗਸਟਰਾਂ ਨਾਲ ਹਨ ਸੰਬੰਧ - ਹਰਪਾਲ ਚੀਮਾ
ਚੰਡੀਗੜ੍ਹ, 13 ਅਪ੍ਰੈਲ- ਕਾਂਗਰਸ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਪੰਜਾਬ ਵਿੱਚ ਸਰਹੱਦ ਪਾਰ ਤੋਂ 50 ਗ੍ਰਨੇਡ ਬੰਬ ਆਉਣ ਦੇ ਦਾਅਵੇ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਬਾਜਵਾ 'ਤੇ ਪਾਕਿਸਤਾਨ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ ਹੈ।
ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਤਾਪ ਬਾਜਵਾ ਇੰਨੇ ਵੱਡੇ ਸੰਵਿਧਾਨਕ ਅਹੁਦੇ 'ਤੇ ਹਨ। ਉਨ੍ਹਾਂ ਨੂੰ ਅਜਿਹੇ ਝੂਠੇ ਬਿਆਨ ਨਹੀਂ ਦੇਣੇ ਚਾਹੀਦੇ। ਜੇਕਰ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕਰਨਾ ਚਾਹੀਦਾ ਹੈ ਅਤੇ ਜੇਕਰ ਉਹ ਕੋਈ ਜਾਣਕਾਰੀ ਨਹੀਂ ਦਿੰਦੇ ਹਨ, ਤਾਂ ਇਹ ਸਾਬਤ ਹੋ ਜਾਵੇਗਾ ਕਿ ਉਨ੍ਹਾਂ ਦੇ ਪਾਕਿਸਤਾਨ ਦੇ ਉਨ੍ਹਾਂ ਗੈਂਗਸਟਰਾਂ ਨਾਲ ਸਬੰਧ ਹਨ ਜੋ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।
ਚੀਮਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਹੈ। ਜੇਕਰ ਉਨ੍ਹਾਂ ਦਾ ਬਿਆਨ ਗ਼ਲਤ ਨਿਕਲਦਾ ਹੈ, ਤਾਂ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਾਂਗਰਸ ਪਾਰਟੀ ਨੂੰ ਪ੍ਰਤਾਪ ਬਾਜਵਾ ਖ਼ਿਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ।
'ਆਪ' ਦੇ ਬੁਲਾਰੇ ਨੀਲ ਗਰਗ ਨੇ ਪ੍ਰਤਾਪ ਬਾਜਵਾ 'ਤੇ ਪਲਟਵਾਰ ਕਰਦਿਆਂ ਪੁੱਛਿਆ ਕਿ ਜੇਕਰ ਉਨ੍ਹਾਂ ਕੋਲ ਇਹ ਜਾਣਕਾਰੀ ਪਹਿਲਾਂ ਹੀ ਸੀ, ਤਾਂ ਉਨ੍ਹਾਂ ਨੇ ਪੰਜਾਬ ਪੁਲਿਸ ਜਾਂ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਇਸ ਬਾਰੇ ਸੂਚਿਤ ਕਿਉਂ ਨਹੀਂ ਕੀਤਾ? ਇੰਨੀ ਸੰਵੇਦਨਸ਼ੀਲ ਜਾਣਕਾਰੀ ਨੂੰ ਇੰਨੇ ਲੰਬੇ ਸਮੇਂ ਤੱਕ ਕਿਉਂ ਲੁਕਾਇਆ ਗਿਆ?
ਉਨ੍ਹਾਂ ਸਵਾਲ ਕੀਤਾ ਕਿ ਪ੍ਰਤਾਪ ਬਾਜਵਾ ਕੋਲ ਅਜਿਹੀ ਜਾਣਕਾਰੀ ਆਉਣ ਨਾਲ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਕੀ ਉਨ੍ਹਾਂ ਦੇ ਤਾਰ ਪਾਕਿਸਤਾਨ ਨਾਲ ਤਾਂ ਨਹੀਂ ਜੁੜੇ ਹੋਏ ਹਨ ਜਾਂ ਉਹ ਇਸ ਸਾਜ਼ਿਸ਼ ਦਾ ਹਿੱਸਾ ਤਾਂ ਨਹੀਂ ਹਨ? ਨੀਲ ਗਰਗ ਨੇ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ, ਖ਼ਾਸ ਕਰਕੇ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਇਸ ਮਾਮਲੇ 'ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਅਤੇ ਪ੍ਰਤਾਪ ਬਾਜਵਾ ਖਿਲਾਫ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ।
ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਪ੍ਰਤਾਪ ਬਾਜਵਾ ਨੂੰ 50 ਬੰਬਾਂ ਦੇ ਆਉਣ ਦੀ ਜਾਣਕਾਰੀ ਹੈ ਤਾਂ ਉਨ੍ਹਾਂ ਨੂੰ ਲੋਕੇਸ਼ਨ ਵੀ ਪੱਤਾ ਹੋਵੇਗੀ ਕਿ ਬਾਕੀ 32 ਬੰਬ ਕਿੱਥੇ-ਕਿਥੇ ਰੱਖੇ ਗਏ ਹਨ ਅਤੇ ਅੱਗੇ ਉਨ੍ਹਾਂ ਦੀ ਵਰਤੋਂ ਕਿਹੜੀਆਂ ਥਾਵਾਂ 'ਤੇ ਕੀਤੀ ਜਾਵੇਗੀ?
ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਕਿ ਕਾਂਗਰਸ ਦੇ ਇੰਨੇ ਵੱਡੇ ਨੇਤਾ ਕੋਲ ਪਾਕਿਸਤਾਨ ਬਾਰੇ ਜਾਣਕਾਰੀ ਹੈ। ਇਸ ਨਾਲ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਕੀ ਪ੍ਰਤਾਪ ਬਾਜਵਾ ਦਾ ਪੁਰਾਣੇ ਸਮਗਲਰਾਂ ਅਤੇ ਗੈਂਗਸਟਰਾਂ ਨਾਲ ਕੋਈ ਸਬੰਧ ਹੈ? ਜੇਕਰ ਕੋਈ ਲਿੰਕ ਨਹੀਂ ਹੈ ਤਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ?
ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਬਾਕੀ ਬਚੇ ਬੰਬਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈਣ ਲਈ ਕਿਹਾ।
Get all latest content delivered to your email a few times a month.