ਤਾਜਾ ਖਬਰਾਂ
ਪਟਿਆਲਾ/ਚੰਡੀਗੜ੍ਹ, 27 ਅਪ੍ਰੈਲ - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਐਤਵਾਰ ਨੂੰ ਨਾਭਾ ਦੇ ਪਿੰਡ ਕੈਦੂਪੁਰ ਵਿੱਚ ਲਗਭਗ 25 ਏਕੜ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲਿਆ ਅਤੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ।
ਮੰਤਰੀ ਸੌਂਧ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਅੱਗ ਲੱਗਣ ਕਾਰਨ ਸਥਾਨਕ ਕਿਸਾਨਾਂ ਨੂੰ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਲਈ ਸਾਰਿਆਂ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ।
ਉਨ੍ਹਾਂ ਅੱਗ ਲੱਗਣ ਦੌਰਾਨ ਜ਼ਖਮੀ ਹੋਏ ਇੱਕ ਖੇਤ ਮਜ਼ਦੂਰ ਦਾ ਹਾਲ-ਚਾਲ ਵੀ ਪੁੱਛਿਆ ਅਤੇ ਕਿਹਾ ਕਿ ਉਸ ਦਾ ਸਾਰਾ ਇਲਾਜ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਲਈ, ਸਾਡੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖ਼ੁਦ ਪੀਜੀਆਈ ਦੇ ਡਾਕਟਰਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਚੰਗਾ ਇਲਾਜ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਸੌਂਧ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਇੱਥੋਂ ਦੇ ਵਿਧਾਇਕ ਅਤੇ ਸਾਡੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅੱਜ ਅੰਮ੍ਰਿਤਸਰ ਵਿੱਚ ਹਨ, ਇਸ ਲਈ ਉਹ ਨਹੀਂ ਆ ਸਕੇ, ਪਰ ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ, ਉਨ੍ਹਾਂ ਨੇ ਤੁਰੰਤ ਮੈਨੂੰ ਫ਼ੋਨ ਕੀਤਾ ਅਤੇ ਇੱਥੇ ਆਉਣ ਲਈ ਕਿਹਾ। ਅੰਮ੍ਰਿਤਸਰ ਤੋਂ ਵਾਪਸ ਆਉਣ ਤੋਂ ਬਾਅਦ ਉਹ ਖ਼ੁਦ ਵੀ ਇੱਥੇ ਆਉਣਗੇ।
ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਅਚਾਨਕ ਤਬਦੀਲੀ, ਬਿਜਲੀ ਦੀਆਂ ਤਾਰਾਂ ਦੇ ਚੰਗਿਆੜੇ ਜਾਂ ਬੀੜੀ-ਸਿਗਰਟਾਂ ਨੂੰ ਬੁਝਾਏ ਬਿਨਾਂ ਸੁੱਟਣ ਕਾਰਨ ਖੇਤਾਂ ਵਿੱਚ ਅੱਗ ਲੱਗ ਜਾਂਦੀ ਹੈ। ਇਸ ਤੋਂ ਇਲਾਵਾ ਅੱਗ ਲੱਗਣ ਦੇ ਹੋਰ ਵੀ ਕਈ ਕਾਰਨ ਹਨ। ਪਰ ਕਿਸਾਨਾਂ ਨੂੰ ਇਸ ਬਾਰੇ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅਸੀਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦੇਵਾਂਗੇ।
ਇਸ ਦੇ ਨਾਲ ਹੀ ਮੰਤਰੀ ਨੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੋਏ ਨੁਕਸਾਨ ਦਾ ਸਰਵੇਖਣ ਕਰਨ ਅਤੇ ਪ੍ਰਭਾਵਿਤ ਕਿਸਾਨਾਂ ਦੀ ਸੂਚੀ ਤਿਆਰ ਕਰਕੇ ਮੁਆਵਜ਼ਾ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਅੱਗ ਲੱਗਣ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਲੋਕ ਸੁਚੇਤ ਰਹਿਣ ਅਤੇ ਕੁਦਰਤੀ ਆਫ਼ਤਾਂ ਆਉਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਸਰਕਾਰ ਹੈ ਅਤੇ ਸਾਡਾ ਉਦੇਸ਼ ਸਿਰਫ਼ ਰਾਹਤ ਪ੍ਰਦਾਨ ਕਰਨਾ ਹੀ ਨਹੀਂ ਹੈ, ਸਗੋਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਵੀ ਹੈ। ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਬਿਜਲੀ ਦੀਆਂ ਤਾਰਾਂ ਦੀ ਨਿਯਮਤ ਤੌਰ 'ਤੇ ਜਾਂਚ ਕੀਤੀ ਜਾਵੇ ਅਤੇ ਜਿਨ੍ਹਾਂ ਖੇਤਰਾਂ ਵਿੱਚ ਅੱਗ ਸੁਰੱਖਿਆ ਦੇ ਪ੍ਰਬੰਧ ਨਹੀਂ ਹਨ, ਉੱਥੇ ਪਹਿਲ ਦੇ ਆਧਾਰ 'ਤੇ ਅੱਗ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ।
Get all latest content delivered to your email a few times a month.