ਤਾਜਾ ਖਬਰਾਂ
ਮਾਨਸਾ 28 ਅਪ੍ਰੈਲ ( ਸੰਜੀਵ ਜਿੰਦਲ ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਕੁਲਵੰਤ ਸਿੰਘ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਣ ਕੀਤੇ ਗਏ।
ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਦਰਸ਼ਨ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਵਾਲੀਆਂ ਦੁਕਾਨਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ/ਖੋਖਿਆਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਣ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਦੁਕਾਨਾਂ ’ਤੇ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ’ਤੇ ਪਾਬੰਦੀ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਲਗਾਉਣ ਦੀ ਹਦਾਇਤ ਕੀਤੀ ਗਈ।
ਇਸ ਦੌਰਾਨ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ ਤਾਂ ਜੋ ਕੋਟਪਾ ਐਕਟ ਨੂੰ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥ ਵੇਚਣ ’ਤੇ ਮਨਾਹੀ ਹੈ, ਇਸ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਜ਼ੁਰਮਾਨਾ ਕੀਤਾ ਜਾਂਦਾ ਹੈ। ਇਸ ਮੌਕੇ ਅਸ਼ਵਨੀ ਕੁਮਾਰ ਸੀਨੀਅਰ, ਖੁਸ਼ਵਿੰਦਰ ਸਿੰਘ, ਨਿਰਮਲ ਸਿੰਘ, ਮਲਟੀਪਰਪਜ਼ ਹੈਲਥ ਸੁਪਰਵਾਇਜਰ ਆਦਿ ਮੌਜੂਦ ਸਨ।
Get all latest content delivered to your email a few times a month.