ਤਾਜਾ ਖਬਰਾਂ
ਅੰਮ੍ਰਿਤਸਰ ਤੇ ਪਟਿਆਲਾ 'ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਕੇ ਉਹਨਾਂ 'ਤੇ ਕਸੀ ਨਕੇਲ
ਚੰਡੀਗੜ੍ਹ/ਪਟਿਆਲਾ/ਅੰਮ੍ਰਿਤਸਰ, 29 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਾ ਮਾਫੀਆ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਹਨ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਰਣਜੀਤ ਸਿੰਘ ਵਾਸੀ ਪਿੰਡ ਮੋਦੇ, ਅੰਮ੍ਰਿਤਸਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਸ ਮੌਕੇ ਪੁਲਿਸ ਸੁਪਰਡੈਂਟ (ਐਸਪੀ ਜਾਂਚ) ਅੰਮ੍ਰਿਤਸਰ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ, ਜਿਸਦਾ ਘਰ ਢਾਹਿਆ ਗਿਆ ਹੈ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸਦੇ ਖਿਲਾਫ ਅੰਮ੍ਰਿਤਸਰ ਅਤੇ ਲੁਧਿਆਣਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਤਹਿਤ 6 ਕੇਸਾਂ ਸਮੇਤ 12 ਅਪਰਾਧਿਕ ਮਾਮਲੇ ਦਰਜ ਹਨ।
ਐਸਪੀ ਵਾਰੀਅਰ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਨਸ਼ਿਆਂ ਦੀ ਤਸਕਰੀ ਰਾਹੀਂ ਧਨ ਇਕੱਠਾ ਕਰਦਾ ਪਾਇਆ ਗਿਆ, ਉਸਦੀ ਜਾਇਦਾਦ ਜਾਂ ਤਾਂ ਜ਼ਬਤ ਕੀਤੀ ਜਾਵੇਗੀ ਜਾਂ ਢਾਹ ਦਿੱਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਹੈ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸੇ ਤਰ੍ਹਾਂ ਪਟਿਆਲਾ ਵਿੱਚ, ਜ਼ਿਲ੍ਹਾ ਪੁਲਿਸ ਨੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ, ਨਸ਼ਾ ਤਸਕਰ ਗੁਰਤੇਜ ਸਿੰਘ ਉਰਫ਼ ਬੰਟੀ ਦੇ ਪਰਿਵਾਰਕ ਮੈਂਬਰ ਦੁਆਰਾ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਰਿਹਾਇਸ਼ੀ ਪਲਾਟਾਂ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਚਾਰ ਵਪਾਰਕ ਦੁਕਾਨਾਂ ਨੂੰ ਢਾਹ ਦਿੱਤਾ ਹੈ। ਇਹ ਦੁਕਾਨਾਂ ਅਰਬਨ ਅਸਟੇਟ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਬਾਬਾ ਦੀਪ ਸਿੰਘ ਨਗਰ ਦੀ ਗਲੀ ਨੰਬਰ 4 ਵਿੱਚ ਸਥਿਤ ਸਨ।
ਇਸ ਕਾਰਵਾਈ ਦੀ ਨਿਗਰਾਨੀ ਕਰਨ ਵਾਲੇ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਗੁਰਤੇਜ ਸਿੰਘ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਵੱਲੋਂ ਜਾਰੀ ਜਾਇਦਾਦ ਢਾਹੁਣ ਦੇ ਅੰਤਿਮ ਨੋਟਿਸ (ਨੰਬਰ 214/ਬੀਐਲਡੀ, ਮਿਤੀ 11 ਅਪ੍ਰੈਲ, 2025) ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਦੱਸਣਯੋਗ ਹੈ ਕਿ ਇਹ ਕਾਰਵਾਈ ਸਹਾਇਕ ਟਾਊਨ ਪਲੈਨਰ ਕਰਨਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਤਾਇਨਾਤ ਸੀ। ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ ਨੇ ਡਿਊਟੀ ਮੈਜਿਸਟ੍ਰੇਟ ਵਜੋਂ ਸੇਵਾ ਨਿਭਾਈ।
Get all latest content delivered to your email a few times a month.