ਤਾਜਾ ਖਬਰਾਂ
•ਪੰਜਾਬ ਨੇ ਕੇਂਦਰ ਦੀ ਧੱਕੇਸ਼ਾਹੀ ਤੇ "ਵਿਸ਼ਵਾਸਘਾਤ" ਨਾਲ ਨਜਿੱਠਣ ਲਈ ਸਰਬ-ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ: ਅਰੋੜਾ
ਚੰਡੀਗੜ੍ਹ, 1 ਮਈ: ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਲੇਰਾਨਾ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਨੂੰ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ "ਜ਼ਬਰਦਸਤੀ ਨਿਰਦੇਸ਼" ਦੇਣ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ।
ਇਸ ਨਿਰਦੇਸ਼ ਨੂੰ ਪੰਜਾਬ ਦੇ ਅਧਿਕਾਰਾਂ ਦੀ "ਦਿਨ ਦਿਹਾੜੇ ਲੁੱਟ" ਕਰਾਰ ਦਿੰਦਿਆਂ 'ਆਪ' ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ੁੱਕਰਵਾਰ ਸਵੇਰੇ ਹੰਗਾਮੀ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ ਜਿਸ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ ਤਾਂ ਜੋ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਧੱਕੇ ਅਤੇ ਵਿਸ਼ਵਾਸਘਾਤ ਵਿਰੁੱਧ ਰਣਨੀਤੀ ਬਣਾਈ ਜਾ ਸਕੇ।
ਇੱਥੇ ਮਿਉਂਸਪਲ ਭਵਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਦੀ ਡਟ ਕੇ ਰਾਖੀ ਕੀਤੀ ਜਾਵੇਗੀ ਅਤੇ ਬੀ.ਬੀ.ਐਮ.ਬੀ. ਨੂੰ ਹਰਿਆਣਾ ਦੇ ਹਿੱਸੇ ਤੋਂ ਵੱਧ ਪਾਣੀ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਭਾਜਪਾ 'ਤੇ ਪੰਜਾਬ ਨਾਲ ਵਿਸ਼ਵਾਸ਼ਘਾਤ ਕਰਨ ਦਾ ਦੋਸ਼ ਲਗਾਇਆ ਅਤੇ ਇਸ ਕਾਰਵਾਈ ਨੂੰ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਦੀ ਇੱਕ ਹੋਰ ਮਿਸਾਲ ਦੱਸਿਆ ।
'ਆਪ' ਪ੍ਰਧਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫ਼ੀਸਦ ਹਿੱਸਾ ਹੋਣ ਦੇ ਬਾਵਜੂਦ, ਭਾਜਪਾ ਵੱਲੋਂ ਗੁਆਂਢੀ ਸੂਬੇ ਹਰਿਆਣਾ ਨੂੰ 4700 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ, ਜੋ ਉਸ ਦੇ ਬਣਦੇ ਹਿੱਸਾ 1,700 ਕਿਊਸਿਕ ਤੋਂ ਵੱਧ ਹੈ। ਇਸ ਤਰ੍ਹਾਂ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਜਪਾ ਵੱਲੋਂ ਕੀਤੀ ਇਸ "ਲੁੱਟ" ਅਤੇ "ਗੁੰਡਾਗਰਦੀ" ਨੂੰ ਬਰਦਾਸ਼ਤ ਨਹੀਂ ਕਰੇਗੀ।
ਇਸ ਸਬੰਧੀ ਸੂਬਾ ਸਰਕਾਰ ਦੇ ਸਰਗਰਮ ਰੁਖ਼ ਨੂੰ ਉਜਾਗਰ ਕਰਦਿਆਂ, ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਦਾ ਦੌਰਾ ਕੀਤਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਾਣੀ ਦੀ ਚੋਰੀ ਨੂੰ ਰੋਕਣ ਲਈ ਨੰਗਲ ਪਹੁੰਚ ਕੇ ਭਾਖੜਾ ਡੈਮ ਉੱਤੇ ਜਾਇਜ਼ਾ ਲਿਆ ਅਤੇ ਵਿਰੋਧ ਕੀਤਾ।
ਅਮਨ ਅਰੋੜਾ ਨੇ ਕਿਹਾ, "ਹੁਣ ਸਮਾਂ ਆ ਗਿਆ ਹੈ ਕਿ ਭਾਜਪਾ ਦੇ ਪੰਜਾਬ ਇਕਾਈ ਦੇ ਆਗੂ ਸੁਨੀਲ ਜਾਖੜ, ਰਵਨੀਤ ਬਿੱਟੂ, ਤਰੁਣ ਚੁੱਘ, ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਲੀਡਰ ਇਸ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਨਾਲ ਖੜ੍ਹੇ ਹਨ ਜਾਂ ਸਿਰਫ਼ ਆਪਣੀਆਂ ਕੁਰਸੀਆਂ ਬਚਾਉਣ ਲਈ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲੱਗੇ ਰਹਿਣਗੇ।" ਉਨ੍ਹਾਂ ਕਿਹਾ ਕਿ ਜੇਕਰ ਉਹ ਪੰਜਾਬ ਦੇ ਅਸਲੀ ਪੁੱਤਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਭਾਜਪਾ ਆਗੂਆਂ ਨੂੰ ਤੁਰੰਤ ਆਪਣੇ ਕੌਮੀ ਆਗੂਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਕੋਲ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀਂ ਹੈ।
Get all latest content delivered to your email a few times a month.