ਤਾਜਾ ਖਬਰਾਂ
ਆਪ” ਦੇ ਸੂਬਾ ਪ੍ਰਧਾਨ ਨੇ ਪੰਜਾਬ ਦੇ ਹਿੱਤਾਂ ਨੂੰ ਖੋਰਾ ਲਗਾਉਣ ਲਈ ਕੇਂਦਰ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ
ਚੰਡੀਗੜ੍ਹ, 5 ਮਈ:
ਦਹਾਕਿਆਂ ਤੋਂ ਪੰਜਾਬ ਦੇ ਪਾਣੀ ਦੀ ਲੁੱਟ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਨਾਲ ਪਾਣੀ ਦੇ ਮਾਮਲੇ ਵਿੱਚ ਹੋਏ ਇਤਿਹਾਸਕ ਅਨਿਆਂ ਦਾ ਪਰਦਾਫਾਸ਼ ਕੀਤਾ।
ਸਦਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਕਿਵੇਂ ਪੰਜਾਬ ਨੂੰ 1955 ਤੋਂ ਯੋਜਨਾਬੱਧ ਢੰਗ ਨਾਲ ਆਪਣੇ ਜਲ ਸਰੋਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਤੋਂ ਬਾਅਦ 1960 ਵਿੱਚ ਇੰਡਸ ਜਲ ਸੰਧੀ ਨਾਲ ਪੰਜਾਬ ਦੇ 80% ਦਰਿਆਈ ਪਾਣੀਆਂ ਨੂੰ ਪਾਕਿਸਤਾਨ ਵੱਲ ਮੋੜ ਦਿੱਤਾ। ਉਨ੍ਹਾਂ ਦੱਸਿਆ ਕਿ ਕਿਵੇਂ ਬਾਅਦ ਦੇ ਸਮਝੌਤਿਆਂ - ਜਿਵੇਂ ਕਿ ਪੰਜਾਬ ਪੁਨਰਗਠਨ ਐਕਟ (1966), ਤਿੰਨ-ਪੱਖੀ ਸਮਝੌਤਾ (1981), ਅਤੇ ਮਨਮਾਨੇ ਢੰਗ ਨਾਲ ਪਾਣੀ ਦੇ ਮੁਲਾਂਕਣ- ਨੇ ਪੰਜਾਬ ਨੂੰ ਉਸ ਦੇ ਅਧਿਕਾਰਤ ਹਿੱਸੇ ਤੋਂ ਵੀ ਵਾਂਝਾ ਕਰ ਦਿੱਤਾ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਾਲ ਵਾਰ-ਵਾਰ ਧੋਖਾ ਕੀਤਾ ਗਿਆ ਹੈ - ਭਾਵੇਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਹੋਵੇ ਜਾਂ ਭਾਜਪਾ ਦੀ। ਉਨ੍ਹਾਂ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਸਾਡਾ ਪਾਣੀ ਅਤੇ ਅਨਾਜ ਲੈਂਦੇ ਰਹੇ ਪਰ ਬਦਲੇ ਵਿੱਚ ਕੁਝ ਨਹੀਂ ਦਿੱਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਿਪੇਰੀਅਨ ਰਾਜ ਹੋਣ ਦੇ ਬਾਵਜੂਦ ਇਸ ਦਾ ਪਾਣੀ ਖੋਹ ਕੇ ਹਰਿਆਣਾ ਅਤੇ ਰਾਜਸਥਾਨ ਵਰਗੇ ਗੈਰ-ਰਿਪੇਰੀਅਨ ਰਾਜਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦਿੱਤਾ ਗਿਆ, ਜੋ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਸੀ। 1955 ਵਿੱਚ, ਪੰਜਾਬ ਦਾ ਪਾਣੀ ਮੁਲਾਂਕਣ 15.85 ਐਮ.ਏ.ਐਫ. ਸੀ, ਪਰ 1981 ਤੱਕ, ਇਸਨੂੰ ਫ਼ਰਜ਼ੀ ਤੌਰ 'ਤੇ ਵਧਾ ਕੇ 17.17 ਐਮ.ਏ.ਐਫ. ਦਿਖਾ ਦਿੱਤਾ ਗਿਆ ਤਾਂ ਜੋ ਹਰਿਆਣਾ ਅਤੇ ਰਾਜਸਥਾਨ ਨੂੰ ਹੋਰ ਪਾਣੀ ਦਿੱਤਾ ਜਾ ਸਕੇ।
ਸ੍ਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਟੈਂਡ ਨੂੰ ਕਮਜ਼ੋਰ ਕਰਨ ਵਿੱਚ ਨਿਭਾਈ ਭੂਮਿਕਾ ਦੀ ਵੀ ਕਰੜੀ ਨਿੰਦਾ ਕੀਤੀ, ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ 4 ਜੁਲਾਈ, 1978 ਨੂੰ ਐਸਵਾਈਐਲ ਨਹਿਰ ਦੇ ਨਿਰਮਾਣ ਲਈ 3 ਕਰੋੜ ਰੁਪਏ ਦੀ ਮੰਗ ਕੀਤੀ ਸੀ, ਭਾਵੇਂ ਪਤਾ ਸੀ ਕਿ ਇਹ ਪੰਜਾਬ ਦੇ ਹੱਕਾਂ ਦੇ ਵਿਰੁੱਧ ਹੈ। 31 ਮਾਰਚ, 1979 ਨੂੰ, ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਖੁਸ਼ੀ ਨਾਲ ਹਰਿਆਣਾ ਵੱਲੋਂ ਐਸਵਾਈਐਲ ਦੇ ਨਿਰਮਾਣ ਲਈ ਭੇਜੇ ਗਏ 1 ਕਰੋੜ ਰੁਪਏ ਹਾਸਲ ਕੀਤੇ ਅਤੇ ਪੰਜਾਬ ਦੇ ਡੈਥ ਵਾਰੰਟ 'ਤੇ ਦਸਤਖਤ ਕੀਤੇ। ਬਾਅਦ ਵਿੱਚ ਕੇਂਦਰ, ਰਾਜਸਥਾਨ ਅਤੇ ਹਰਿਆਣਾ ਵਿੱਚ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਦੇ ਦਬਾਅ ਹੇਠ ਮਾਰਚ 1981 ਵਿੱਚ ਤਿੰਨ-ਪੱਖੀ ਸਮਝੌਤੇ ਨੂੰ ਸਵੀਕਾਰ ਕਰ ਲਿਆ।
ਹਰਿਆਣਾ ਨੂੰ ਵਾਧੂ ਪਾਣੀ ਛੱਡਣ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿੜ੍ਹ ਸਟੈਂਡ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਪੰਜਾਬ ਕੋਲ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਅਸੀਂ ਦਿੱਲੀ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕਾਂਗੇ।" ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ, ਅਤੇ ਕਿਹਾ ਕਿ ਪੰਜਾਬ ਦਾ ਵਜੂਦ ਦਾਅ 'ਤੇ ਹੈ।
ਸ੍ਰੀ ਅਮਨ ਅਰੋੜਾ ਨੇ ਪੰਜਾਬ ਨਾਲ ਬੇਇਨਸਾਫ਼ੀ ਕਰਨ ਵਾਲੇ ਪਾਣੀ ਦੀ ਵੰਡ ਵਾਲੇ ਸਾਰੇ ਸਮਝੌਤਿਆਂ ਨੂੰ ਰੱਦ ਕਰਨ ਅਤੇ ਰਿਪੇਰੀਅਨ ਸਿਧਾਂਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਰਾਜਸਥਾਨ ਨੂੰ ਬੇਸਿਨ ਸਟੇਟ ਨਾ ਹੋਣ ਕਰਕੇ ਨਰਮਦਾ ਦਾ ਪਾਣੀ ਦੇਣ ਤੋਂ ਜਵਾਬ ਦਿੱਤਾ ਜਾ ਸਕਦਾ ਹੈ, ਤਾਂ ਪੰਜਾਬ ਨੂੰ ਆਪਣਾ ਪਾਣੀ ਗੈਰ-ਰਿਪੇਰੀਅਨ ਰਾਜਾਂ ਨੂੰ ਦੇਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈ?
ਸ੍ਰੀ ਅਮਨ ਅਰੋੜਾ ਨੇ ਕਿਹਾ, "ਪੰਜਾਬ ਦੇਸ਼ ਦਾ ਢਿੱਡ ਭਰਦਾ ਹੈ, ਪਰ ਇਸ ਦੇ ਆਪਣੇ ਬੱਚੇ ਪਾਣੀ ਨੂੰ ਤਰਸ ਰਹੇ ਹਨ। ਹੁਣ ਬਹੁਤ ਹੋ ਗਿਆ - ਅਸੀਂ ਇਸ ਵਿਸ਼ਵਾਸਘਾਤ ਨੂੰ ਹੋਰ ਬਰਦਾਸ਼ਤ ਨਹੀਂ ਕਰਾਂਗੇ।" ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਦੀ ਬੋਲੀ ਸਰਕਾਰ ਦੇ ਕੰਨਾਂ ਤੱਕ ਪੰਜਾਬ ਦੀ ਆਵਾਜ਼ ਪਹੁੰਚਾਉਣ ਲਈ ਇੱਕਜੁੱਟ ਹੋਣ।
------------
Get all latest content delivered to your email a few times a month.