IMG-LOGO
ਹੋਮ ਪੰਜਾਬ: ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ...

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

Admin User - May 12, 2025 06:55 PM
IMG

ਸਿਹਤ ਮੰਤਰੀ ਨੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ

ਡੇਰਾਬੱਸੀ (ਐਸ ਏ ਐਸ ਨਗਰ), 12 ਮਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਭਰਤੀ ਪ੍ਰਕਿਰਿਆਦਾ ਅਮਲ ਸ਼ੁਰੂ ਹੋ ਚੁੱਕਾ ਹੈ।

ਸੋਮਵਾਰ ਨੂੰ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ (ਢਕੋਲੀ) ਦੇ ਹਸਪਤਾਲਾਂ ਦੇ ਅਚਨਚੇਤ ਨਿਰੀਖਣ ਦੌਰਾਨ, ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਅਤੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਮੌਜੂਦਾ ਸਿਹਤ ਸੰਸਥਾਵਾਂ ਨਾਲ ਉਨ੍ਹਾਂ ਦੇ ਤਜ਼ਰਬੇ (ਫੀਡਬੈਕ) ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਓ ਪੀ ਡੀ ਸਲਿੱਪਾਂ ਪ੍ਰਾਪਤ ਕਰਨ ਲਈ ਕਤਾਰ ਚ ਖੜ੍ਹੇ ਲੋਕਾਂ ਨੂੰ ਉਡੀਕ ਸਮੇਂ ਬਾਰੇ ਵੀ ਪੁੱਛਿਆ।

 ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਮੁਫਤ ਲੈਬ ਟੈਸਟ ਅਤੇ ਦਵਾਈਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਆਦਾਤਰ ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ ਐਚ ਸੀ) ਵਿੱਚ ਮੈਡੀਸਨ, ਸਰਜਰੀ, ਗਾਇਨੀਕੋਲੋਜੀ ਅਤੇ ਪੀਡੀਆਟ੍ਰਿਕਸ ਦੇ ਮੈਡੀਕਲ ਮਾਹਿਰ ਉਪਲਬਧ ਹਨ। ਵਿਸ਼ੇਸ਼ ਦੇਖਭਾਲ ਨੂੰ ਹੋਰ ਵਧਾਉਣ ਲਈ, ਅੱਖਾਂ, ਈ ਐਨ ਟੀ ਅਤੇ ਚਮੜੀ ਰੋਗਾਂ ਦੇ ਮਾਹਿਰਾਂ ਨੂੰ ਖਾਲੀ ਅਸਾਮੀਆਂ ਵਾਲੀਆਂ ਥਾਵਾਂ 'ਤੇ ਹਫਤਾਵਾਰੀ ਰੋਸਟਰ ਦੇ ਆਧਾਰ 'ਤੇ ਤਾਇਨਾਤ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਲਾਲੜੂ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਢੁਕਵਾਂ ਬੁਨਿਆਦੀ ਢਾਂਚਾ ਉਪਲਬਧ ਹੈ ਅਤੇ ਸਿਹਤ ਸੇਵਾਵਾਂ ਨੂੰ ਅਨੁਕੂਲ ਬਣਾਉਣ ਲਈ ਵਾਧੂ ਸਟਾਫ ਨਿਯੁਕਤ ਕੀਤਾ ਜਾਵੇਗਾ। ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ, ਜਿੱਥੇ ਕਿ ਸਟਾਫ਼ ਦੀ ਘਾਟ ਨਹੀਂ ਹੈ ਪਰ ਜਗ੍ਹਾ ਦੀ ਘਾਟ ਹੈ, ਬਾਰੇ ਆਉਣ ਵਾਲੇ ਸਮੇਂ ਚ ਸੋਚਿਆ ਜਾਵੇਗਾ। ਜ਼ੀਰਕਪੁਰ ਵਿੱਚ, ਉਨ੍ਹਾਂ ਨੇ ਹੋਰ ਡਾਕਟਰੀ ਇਲਾਜਾਂ ਦੇ ਨਾਲ-ਨਾਲ ਲੈਪਰੋਸਕੋਪਿਕ ਸਰਜਰੀ ਸੇਵਾਵਾਂ ਦੀ ਉਪਲਬਧਤਾ 'ਤੇ ਚਾਨਣਾ ਪਾਇਆ।

ਨਰਸਿੰਗ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ, ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।  ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁਫ਼ਤ ਦਵਾਈਆਂ ਅਤੇ ਲੈਬ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਕੇ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਦਾ ਉਦੇਸ਼ ਜਨਤਾ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨਾ ਹੈ ਅਤੇ ਨਾਲ ਹੀ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਮਰੀਜ਼ਾਂ ਦੀ ਦੇਖਭਾਲ ਦੇ ਉੱਚ ਮਿਆਰ ਨੂੰ ਬਣਾਈ ਰੱਖਣ ਲਈ ਜ਼ਰੂਰੀ ਨਿਰਦੇਸ਼ ਵੀ ਪ੍ਰਦਾਨ ਕਰਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.